CM ਮਾਨ ਨੇ PSPCL 'ਚ ਭਰਤੀ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਆਖੀਆਂ ਇਹ ਗੱਲਾਂ
Saturday, Nov 26, 2022 - 12:55 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਊਂਸੀਪਲ ਭਵਨ ਸੈਕਟਰ-35 ਵਿਖੇ ਪੀ. ਐੱਸ. ਪੀ. ਸੀ. ਐੱਲ. ਵਲੋਂ ਭਰਤੀ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ 603 ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ, ਜੋ ਕਿ ਆਪਣੇ ਪਰਿਵਾਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪਰਿਵਾਰ ਦਾ ਵੀ ਇਕ ਹਿੱਸਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬੇ 'ਚ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਨੂੰ ਲੈ ਕੇ ਕੋਈ ਪਰੇਸ਼ਾਨੀ ਨਹੀਂ ਆਈ, ਜੋ ਕਿ ਪੰਜਾਬ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ ਬਿਜਲੀ ਦੀ ਕੋਈ ਪਰੇਸ਼ਾਨੀ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਟਾਟਾ ਸਟੀਲ ਦਾ ਪਲਾਂਟ ਲੱਗਣ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੰਨੇ ਵੀ ਸਰਕਾਰੀ ਅਦਾਰੇ ਹਨ, ਉਨ੍ਹਾਂ 'ਤੇ ਸੋਲਰ ਲਾਏ ਜਾਣਗੇ ਅਤੇ ਰਹਿੰਦਾ ਬਿੱਲ ਉਨ੍ਹਾਂ ਨੂੰ ਭਰਨ ਲਈ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਜ਼ਾਰਾਂ ਨੌਕਰੀਆਂ ਦਿੱਤੀਆਂ ਗਈਆਂ ਹਨ, ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹੁਣ ਨੌਕਰੀਆਂ 'ਚ ਕਿਸੇ ਤਰ੍ਹਾਂ ਦੀ ਕੋਈ ਸਿਫ਼ਾਰਿਸ਼ ਨਹੀਂ ਚੱਲਦੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਇਸ ਵਾਰ ਦੇ 86 ਫ਼ੀਸਦੀ ਬਿੱਲ ਜ਼ੀਰੋ ਆਏ ਹਨ ਅਤੇ ਅਗਲੀ ਵਾਰ 95 ਫ਼ੀਸਦੀ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। ਉਨ੍ਹਾਂ ਕਿਹਾ ਕਿ ਝਾਰਖੰਡ 'ਚ ਪੰਜਾਬ ਦੀਆਂ ਕੋਲੇ ਦੀਆਂ ਖਾਨਾਂ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਸਾਰੇ ਮਹਿਕਮਿਆਂ 'ਚੋਂ ਭ੍ਰਿਸ਼ਟਾਚਾਰ ਘੱਟ ਗਿਆ ਤਾਂ ਬਜਟ ਵੱਧ ਜਾਵੇਗਾ ਅਤੇ ਜਦੋਂ ਬਜਟ ਵੱਧ ਗਿਆ ਤਾਂ ਸਭ ਦੀਆਂ ਤਨਖ਼ਾਹਾਂ ਵਧ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ