ਪਾਕਿ ’ਚ 2 ਸਿੱਖਾਂ ਦੇ ਕਤਲ ’ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ
Sunday, May 15, 2022 - 06:07 PM (IST)

ਚੰਡੀਗੜ੍ਹ (ਬਿਊਰੋ)-ਪਾਕਿਸਤਾਨ ’ਚ 2 ਸਿੱਖ ਵਿਅਕਤੀਆਂ ਦੇ ਕਤਲ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਗੁਆਂਢੀ ਦੇਸ਼ ਪਾਕਿਸਤਾਨ ਦੇ ਪੇਸ਼ਾਵਰ ’ਚ 2 ਸਿੱਖ ਵਿਅਕਤੀਆਂ ਦੇ ਗੋਲੀ ਮਾਰ ਕੇ ਕੀਤੇ ਗਏ ਕਤਲ ਦੀ ਨਿਖੇਧੀ ਕਰਦਾ ਹਾਂ। ਉਨ੍ਹਾਂ ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਕਰ ਕੇ ਇਹ ਪੁਖ਼ਤਾ ਕਰਨ ਕਿ ਉੱਥੋਂ ਦੇ ਘੱਟਗਿਣਤੀ ਸਿੱਖਾਂ ਤੇ ਹਿੰਦੂਆਂ ਦੀ ਸੁਰੱਖਿਆ ਤੇ ਉਨ੍ਹਾਂ ਲਈ ਸ਼ਾਂਤਮਈ ਮਾਹੌਲ ਨੂੰ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਜਾਖੜ ਦੇ ਅਸਤੀਫ਼ੇ ਨੂੰ ਲੈ ਕੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਂਗਰਸ ’ਤੇ ਤਿੱਖੇ ਨਿਸ਼ਾਨੇ
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਅਸ਼ਾਂਤ ਖੈਬਰ-ਪਖਤੂਨਖਵਾ ਖੇਤਰ ਦੇ ਉਪਨਗਰੀ ਇਲਾਕੇ ਸਰਬੰਦ ’ਚ ਐਤਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਭਾਈਚਾਰੇ ਨਾਲ ਸਬੰਧਤ ਦੋ ਵਿਅਕਤੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਮਾਰੇ ਗਏ ਦੋ ਵਿਅਕਤੀ ਸਰਬੰਦ ਦੇ ਬਾਟਾ ਤਾਲ ਬਾਜ਼ਾਰ ’ਚ ਮਸਾਲੇ ਵੇਚਣ ਵਾਲੇ ਦੁਕਾਨਦਾਰ ਸਨ। ਪੀੜਤਾਂ ਦੀ ਪਛਾਣ ਸੁਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਵਜੋਂ ਹੋਈ, ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।