CM ਮਾਨ ਨੇ ਮਜ਼ਦੂਰਾਂ ਤੇ ਉਸਾਰੀ ਮਜ਼ਦੂਰਾਂ ਨੂੰ ਦੀਵਾਲੀ ਦਾ ਦਿੱਤਾ ਤੋਹਫ਼ਾ
Monday, Oct 10, 2022 - 10:04 PM (IST)

ਚੰਡੀਗੜ੍ਹ (ਬਿਊਰੋ) : ਉਸਾਰੀ ਅਤੇ ਗ਼ੈਰ-ਹੁਨਰਮੰਦ ਕਾਮਿਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ’ਚ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਉਜਰਤ ਮੌਜੂਦਾ 9192 ਰੁਪਏ ਤੋਂ ਵਧਾ ਕੇ 9907 ਰੁਪਏ ਕਰ ਦਿੱਤੀ ਗਈ ਹੈ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਉਜਰਤ 9972 ਰੁਪਏ ਤੋਂ ਵਧਾ ਕੇ 10687 ਰੁਪਏ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਫਰਾਰ ਗੈਂਗਸਟਰ ਦੀਪਕ ਟੀਨੂੰ ਦੀ ਗਰਲਫ੍ਰੈਂਡ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਹੁਨਰਮੰਦ ਕਾਮਿਆਂ ਦੀ ਉਜਰਤ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਉਜਰਤ 11901 ਰੁਪਏ ਤੋਂ ਵਧਾ ਕੇ 12616 ਰੁਪਏ ਕਰ ਦਿੱਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਕ ਹੋਰ ਅਹਿਮ ਫੈਸਲੇ ’ਚ ਮੁੱਖ ਮੰਤਰੀ ਨੇ ਕਾਮਿਆਂ ਦੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਕੋਲ ਰਜਿਸਟਰੇਸ਼ਨ ਕਰਨ ਲਈ ਵੱਡੇ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦੀ ਸਹਿਮਤੀ ਵੀ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਬੋਰਡ ਕੋਲ 5.30 ਲੱਖ ਕਾਮੇ ਰਜਿਸਟਰਡ ਹਨ, ਜਿਨ੍ਹਾਂ ਦੀ ਗਿਣਤੀ ਵਧਾ ਕੇ ਘੱਟੋ-ਘੱਟ 15 ਲੱਖ ਕਰਨ ਦੀ ਲੋੜ ਹੈ। ਭਗਵੰਤ ਮਾਨ ਨੇ ਬੋਰਡ ਨੂੰ ਕਿਹਾ ਕਿ ਪਿੰਡਾਂ, ਸ਼ਹਿਰਾਂ, ਲੇਬਰ ਚੌਂਕਾਂ ਤੇ ਨਿਰਮਾਣ ਕਾਰਜਾਂ ਵਾਲੀਆਂ ਥਾਵਾਂ ਉਤੇ ਟੀਮਾਂ ਭੇਜ ਕੇ ਕਾਮਿਆਂ ਦੀ ਰਜਿਸਟਰੇਸ਼ਨ ਮੁਹਿੰਮ ਨੂੰ ਤੇਜ਼ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਲਾਸ਼ ਪਿੰਡ ਪਹੁੰਚਣ ’ਤੇ ਫ਼ੈਲੀ ਸੋਗ ਦੀ ਲਹਿਰ
ਬੋਰਡ ਦੀ ਕਾਰਜਪ੍ਰਣਾਲੀ ਨੂੰ ਸਮਾਰਟ ਬਣਾਉਣ ਦੀ ਦਿਸ਼ਾ ’ਚ ਵੱਡਾ ਕਦਮ ਪੁੱਟਦਿਆਂ ਮੁੱਖ ਮੰਤਰੀ ਨੇ ਕਿਰਤੀਆਂ ਤੇ ਨਿਰਮਾਣ ਕਾਮਿਆਂ ਦੀ ਸਹੂਲਤ ਲਈ ‘ਪੰਜਾਬ ਕਿਰਤੀ ਸਹਾਇਕ ਐਪ’ ਵੀ ਲਾਂਚ ਕੀਤਾ ਤਾਂ ਕਿ ਸਿਰਫ਼ ਇਕ ਬਟਨ ਦਬਾਉਣ ਨਾਲ ਕਾਮਿਆਂ ਦੀ ਸਾਰੀ ਜਾਣਕਾਰੀ ਹਾਸਲ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਐਪ ਨਾਲ ਬੋਰਡ ਦੀ ਕਾਰਜਪ੍ਰਣਾਲੀ ’ਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ ਅਤੇ ਇਸ ਨਾਲ ਨਿਰਮਾਣ ਕਾਮਿਆਂ ਨੂੰ ਜਿੱਥੇ ਬੋਰਡ ਵੱਲੋਂ ਮਿਲਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਿਲੇਗਾ, ਉਥੇ ਨਿਰਮਾਣ ਕਾਮਿਆਂ ਦੀ ਰਜਿਸਟਰੇਸ਼ਨ ’ਚ ਵੀ ਵਧੇਰੇ ਕਾਰਜਕੁਸ਼ਲਤਾ ਯਕੀਨੀ ਬਣੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਰਾਹੀਂ ਨਿਰਮਾਣ ਕਾਮੇ ਹੁਣ ਕਿਸੇ ਵੀ ਥਾਂ ਤੋਂ ਕਿਸੇ ਵੀ ਸਮੇਂ ਬੋਰਡ ਕੋਲ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਟਰਾਂਸਪੋਰਟ ਵਿਭਾਗ ਦੀ ਕਮਾਈ ’ਚ ਪਿਛਲੇ ਸਾਲ ਨਾਲੋਂ 608 ਕਰੋੜ ਰੁਪਏ ਦਾ ਹੋਇਆ ਵਾਧਾ : ਲਾਲਜੀਤ ਭੁੱਲਰ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਐਪ ਦੋ ਭਾਸ਼ਾਵਾਂ (ਪੰਜਾਬੀ ਤੇ ਅੰਗਰੇਜ਼ੀ) ’ਚ ਹੈ, ਜਿਸ ਨਾਲ ਵਰਤੋਂਕਾਰ ਪੱਖੀ ਇਸ ਐਪ ਨੂੰ ਚਲਾਉਣ ’ਚ ਪੰਜਾਬੀ ਨਿਰਮਾਣ ਕਾਮਿਆਂ ਨੂੰ ਭਾਸ਼ਾ ਸਬੰਧੀ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਬੋਰਡ ਕੋਲ ਰਜਿਸਟਰੇਸ਼ਨ ਕਰਨ ਅਤੇ ਵੱਖ-ਵੱਖ ਭਲਾਈ ਸਕੀਮਾਂ ਲਈ ਬਿਨੈ ਕਰਨ ਤੋਂ ਇਲਾਵਾ ਇਸ ਐਪ ਰਾਹੀਂ ਨਿਰਮਾਣ ਕਾਮੇ ਆਪਣੀ ਰਜਿਸਟਰੇਸ਼ਨ ਨਵਿਆਉਣ ਲਈ ਬਿਨੈ ਕਰਨ ਦੇ ਨਾਲ-ਨਾਲ ਆਪਣੀਆਂ ਅਰਜ਼ੀਆਂ ਦੀ ਮੌਜੂਦਾ ਸਥਿਤੀ ਅਤੇ ਤੇਜ਼ੀ ਨਾਲ ਲੋੜੀਂਦੇ ਦਸਤਾਵੇਜ਼ਾਂ ਦੀਆਂ ਤਰੁੱਟੀਆਂ ਵੀ ਦੂਰ ਕਰ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਐਪ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਹੁਨਰ ਵਿਕਾਸ ਕੇਂਦਰਾਂ ਨੂੰ ਨਿਰਮਾਣ ਕਾਮਿਆਂ ਲਈ ਆਰਜ਼ੀ ਰਿਹਾਇਸ਼ ਵਿੱਚ ਬਦਲਣ ਦੀ ਪ੍ਰਵਾਨਗੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਕਈ ਲੋਕ ਭਲਾਈ ਸਕੀਮਾਂ ਦਾ ਲਾਭ ਵੀ ਮਜ਼ਦੂਰਾਂ ਤੱਕ ਪਹੁੰਚਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਬੋਰਡ ਵੱਲੋਂ ਉਸਾਰੀ ਕਿਰਤੀਆਂ ਲਈ 17 ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।