CM ਮਾਨ ਨੇ ਅਨੰਤਨਾਗ 'ਚ ਸ਼ਹੀਦ ਹੋਏ 2 ਬਹਾਦਰ ਜਵਾਨਾਂ ਦੇ ਵਾਰਿਸਾਂ ਨੂੰ 1-1 ਕਰੋੜ ਦੇ ਚੈੱਕ ਸੌਂਪਦਿਆਂ ਕਹੀ ਇਹ ਗੱਲ

Thursday, Sep 21, 2023 - 08:42 PM (IST)

CM ਮਾਨ ਨੇ ਅਨੰਤਨਾਗ 'ਚ ਸ਼ਹੀਦ ਹੋਏ 2 ਬਹਾਦਰ ਜਵਾਨਾਂ ਦੇ ਵਾਰਿਸਾਂ ਨੂੰ 1-1 ਕਰੋੜ ਦੇ ਚੈੱਕ ਸੌਂਪਦਿਆਂ ਕਹੀ ਇਹ ਗੱਲ

ਸਮਾਣਾ/ਪਟਿਆਲਾ (ਰਮਨ ਸੋਢੀ) : ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ 'ਚ ਅਨੰਤਨਾਗ (ਜੰਮੂ-ਕਸ਼ਮੀਰ) ਵਿਖੇ ਅੱਤਵਾਦੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਸ਼ਹੀਦ ਹੋਏ 2 ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ 1-1 ਕਰੋੜ ਰੁਪਏ ਦੇ ਚੈੱਕ ਸੌਂਪੇ। ਐੱਸ.ਏ.ਐੱਸ. ਨਗਰ ਅਤੇ ਸਮਾਣਾ ਵਿਖੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦਿਆਂ ਸ਼ਹਾਦਤ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ : ਕੈਨੇਡਾ ਦੇ ਰਾਜਦੂਤ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਕੈਨੇਡੀਅਨ ਦੂਤਘਰ ਨੇ ਕਰਮਚਾਰੀਆਂ ਨੂੰ ਸੁਣਾਇਆ ਇਹ ਹੁਕਮ

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੌਰਾਨ ਪੰਜਾਬ ਦੇ 2 ਬਹਾਦਰ ਜਵਾਨਾਂ ਕਰਨਲ ਮਨਪ੍ਰੀਤ ਸਿੰਘ ਵਾਸੀ ਐੱਸ.ਏ.ਐੱਸ. ਨਗਰ ਅਤੇ ਪ੍ਰਦੀਪ ਸਿੰਘ ਵਾਸੀ ਸਮਾਣਾ, ਪਟਿਆਲਾ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਸੀਐੱਮ ਮਾਨ ਨੇ ਕਿਹਾ ਕਿ ਇਹ ਦੇਸ਼ ਅਤੇ ਵਿਸ਼ੇਸ਼ ਕਰਕੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਇਹ ਵੀ ਪੜ੍ਹੋ : ਸਰਕਾਰ ਨੇ ਇਨ੍ਹਾਂ ਵਾਹਨਾਂ ਦੇ ਫਿਟਨੈੱਸ ਟੈਸਟ ਦੀ ਵਧਾਈ ਤਾਰੀਖ, ਜਾਣੋ ਕਦੋਂ ਤੱਕ ਹੋ ਸਕਦੇ ਹਨ ਇਹ ਜ਼ਰੂਰੀ ਕੰਮ

PunjabKesari

ਦੇਸ਼ ਲਈ ਇਨ੍ਹਾਂ ਸੂਰਬੀਰਾਂ ਵੱਲੋਂ ਕੀਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ 1-1 ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਜਵਾਨਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਇਹ ਵੀ ਪੜ੍ਹੋ : ਦਿੱਲੀ ਹਵਾਈ ਅੱਡੇ ਪਹੁੰਚਣ 'ਤੇ NIA ਵੱਲੋਂ ਯੂਕੇ ਨਿਵਾਸੀ ਸਰਬਜੀਤ ਸਿੰਘ ਗ੍ਰਿਫ਼ਤਾਰ, MP ਮਾਨ ਨੇ ਕੀਤੀ ਨਿੰਦਾ

ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫਰਜ਼ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਇਹ ਵਿੱਤੀ ਸਹਾਇਤਾ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਵੱਲੋਂ ਦਿੱਤੀ ਗਈ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News