CM ਮਾਨ ਤੇ ਹਰਦੀਪ ਪੁਰੀ ਨੇ ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਕੀਤਾ ਸਮਰਪਿਤ

Tuesday, Oct 18, 2022 - 08:01 PM (IST)

ਭੁਟਾਲ ਕਲਾਂ (ਸੰਗਰੂਰ) (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ’ਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ। ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ’ਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਭਾਰਤ ਦਾ ਸਭ ਤੋਂ ਵੱਡਾ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟ ਸਥਾਪਿਤ ਕੀਤਾ ਹੈ, ਜੋ ਬਾਇਓ-ਸੀ.ਐੱਨ.ਜੀ. ਦੀ 33 ਟੀ. ਪੀ. ਡੀ. (ਟਨ ਪ੍ਰਤੀ ਦਿਨ) ਅਤੇ 550 ਟੀ. ਪੀ. ਡੀ. (ਪ੍ਰਤੀ ਸਾਲ) ਦੀ ਸਮਰੱਥਾ ਵਾਲਾ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ, ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ।

PunjabKesari

ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ, ਜਿਸ ਨਾਲ ਪਰਾਲੀ ਦੀ ਗੰਭੀਰ ਸਮੱਸਿਆ ਤੋਂ ਨਿਜਾਤ ਪਾਉਣ ਵਿਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ 20 ਏਕੜ ਰਕਬੇ ’ਚ ਸਥਾਪਿਤ ਇਸ ਯੂਨਿਟ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ 1.50 ਲੱਖ ਮੀਟ੍ਰਿਕ ਟਨ ਦੂਸ਼ਿਤ ਤੱਤ ਅਤੇ 20,000 ਮੀਟਰਿਕ ਟਨ ਫਲਾਈ ਐਸ਼ ਦੀ ਸਾਲਾਨਾ ਕਮੀ ਲਿਆਉਣ ’ਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨਿਟ 1000 ਨੌਜਵਾਨਾਂ ਨੂੰ ਰੁਜ਼ਗਾਰ ਵੀ ਦੇਵੇਗਾ ਅਤੇ 5000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਭਗਵੰਤ ਮਾਨ ਨੇ ਦੱਸਿਆ ਕਿ ਬਾਇਓ ਮੈਨਿਊਰ ਨਾਲ ਭਰਪੂਰ ਮਿੱਟੀ ਦਾ 2150 ਏਕੜ ਰਕਬਾ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਰਬੀਓ ਗਰੁੱਪ ਨੇ ਸੂਬੇ ’ਚ ਅਜਿਹੇ ਹੋਰ ਪਲਾਂਟ ਸਥਾਪਿਤ ਕਰਨ ’ਚ ਵੀ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਾਜੈਕਟ ਸਫ਼ਲ ਹੋ ਜਾਂਦਾ ਹੈ ਤਾਂ ਵਰਬੀਓ ਗਰੁੱਪ ਵੱਲੋਂ ਸੂਬੇ ’ਚ ਅਜਿਹੇ 10 ਹੋਰ ਪਲਾਂਟ ਸਥਾਪਿਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤ ਸੂਬਾ ਬਣਾਉਣਾ ਹੈ। ਮਾਨ ਨੇ ਕਿਹਾ ਕਿ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਨਾਲ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦੀ ਕਿਸੇ ਹੋਰ ਕੰਮ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ।

PunjabKesari

ਉਨ੍ਹਾਂ ਕਿਹਾ ਕਿ ਹਰ ਸਾਲ ਲੱਗਭਗ 18 ਮਿਲੀਅਨ ਟਨ ਪਰਾਲੀ/ਰਹਿੰਦ-ਖੂੰਹਦ ਪੈਦਾ ਹੁੰਦੀ ਹੈ ਪਰ ਬਾਇਓਮਾਸ ਪਾਵਰ ਪਲਾਂਟਾਂ, ਉਦਯੋਗਿਕ ਬਾਇਲਰਾਂ ਅਤੇ ਪਲਾਈਵੁੱਡ ਉਦਯੋਗ ’ਚ ਸਿਰਫ 5 ਮਿਲੀਅਨ ਟਨ ਦੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਿਪਟਾਰੇ ਲਈ ਕੋਈ ਹੋਰ ਸੁਰੱਖਿਅਤ ਤਕਨੀਕ ਉਪਲੱਬਧ ਨਾ ਹੋਣ ਕਾਰਨ ਬਾਕੀ 13 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਨੂੰ ਕਿਸਾਨਾਂ ਵੱਲੋਂ ਖੇਤਾਂ ਵਿੱਚ ਹੀ ਸਾੜਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਚ 75 ਲੱਖ ਏਕੜ ਰਕਬੇ ’ਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ’ਚੋਂ 37 ਲੱਖ ਏਕੜ ਵਾਲੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਤੋਂ ਪੈਦਾ ਹੋਣ ਵਾਲੀ ਪਰਾਲੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁਝ ਵੱਡੇ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਾਫ-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪਾਵਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਪੇਡਾ ਦੇ ਚੇਅਰਮੈਨ ਐੱਚ. ਐੱਸ. ਹੰਸਪਾਲ, ਹਲਕਾ ਲਹਿਰਾ ਦੇ ਵਿਧਾਇਕ ਵਰਿੰਦਰ ਗੋਇਲ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਸੀ. ਈ. ਓ. ਇਨਵੈਸਟ ਪੰਜਾਬ ਕੇ. ਕੇ. ਯਾਦਵ, ਸੀ. ਈ. ਓ. ਪੇਡਾ ਸੁਮਿਤ ਜਾਰੰਗਲ ਅਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।


Manoj

Content Editor

Related News