RC ਤੇ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ CM ਮਾਨ ਨੇ ਪੁਲਸ ਵਿਭਾਗ ਨੂੰ ਦਿੱਤੀ ਇਹ ਹਦਾਇਤ

Sunday, Apr 02, 2023 - 02:11 AM (IST)

RC ਤੇ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ CM ਮਾਨ ਨੇ ਪੁਲਸ ਵਿਭਾਗ ਨੂੰ ਦਿੱਤੀ ਇਹ ਹਦਾਇਤ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ. ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ. ਐੱਲ.) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇਥੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿੱਪ ਬਣਨ ਵਿਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫ਼ੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ  ਲੋੜੀਂਦੀਆਂ ਸੋਧਾਂ ਕਰਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁੱਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ ਵਿਗੜੇ ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿੱਪਾਂ ਦੀ ਘਾਟ ਕਾਰਨ ਹੋਈ ਹੈ।

ਇਹ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਮੰਤਰੀ ਖ਼ਿਲਾਫ਼ ਕਾਰਵਾਈ ਲਈ ਰਾਜਪਾਲ ਤੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਅਤੇ ਆਰ. ਸੀ. ‘ਸਾਰਥੀ ਅਤੇ ਵਾਹਨ ਪੋਰਟਲ’ ’ਤੇ ਉਪਲੱਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐੱਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰ.ਸੀ./ਡੀ.ਐੱਲ. ਨੂੰ ਪੁਲਸ ਵੱਲੋਂ ਪ੍ਰਮਾਣਿਕ ਦਸਤਾਵੇਜ਼ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ ਚਲਾਨ ਨਹੀਂ ਕੀਤਾ ਜਾਣਾ ਚਾਹੀਦਾ । 


author

Manoj

Content Editor

Related News