ਹੜ੍ਹਾਂ ਦੇ ਮੱਦੇਨਜ਼ਰ CM ਮਾਨ ਵਲੋਂ ਸਖ਼ਤ ਹੁਕਮ ਜਾਰੀ, DC ਤੇ ਅਫ਼ਸਰਾਂ ਨੂੰ ਆਖੀ ਵੱਡੀ ਗੱਲ
Saturday, Aug 30, 2025 - 12:00 PM (IST)

ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਆਧਾਰਿਤ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕਰੇਗੀ। ਇੱਥੇ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ, ਜਲ ਸਰੋਤ ਅਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ’ਤੇ ਆਧਾਰਿਤ ਕਮੇਟੀ ਅੰਮ੍ਰਿਤਸਰ ਅਤੇ ਹੋਰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਪੱਕੇ ਤੌਰ ’ਤੇ ਤਾਇਨਾਤ ਰਹੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਅਫ਼ਸਰਾਂ ਨੂੰ ਹੁਕਮ ਦਿੰਦਿਆਂ ਕਿਹਾ ਕਿ ਇਸ ਉੱਚ ਤਾਕਤੀ ਕਮੇਟੀ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਹੜ੍ਹ ਪੀੜਤਾਂ ਨੂੰ ਲੋੜੀਂਦੀ ਰਾਹਤ ਦਿੱਤੀ ਜਾ ਸਕੇ। ਮਾਨ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਕਿ ਸਰਕਾਰ ਲੋਕਾਂ ਨੂੰ ਇਸ ਸੰਕਟ ਵਿਚੋਂ ਕੱਢਣ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਬਚਾਅ ਤੇ ਰਾਹਤ ਕਾਰਜਾਂ ਨੂੰ ਹੋਰ ਅਸਰਦਾਇਕ ਢੰਗ ਨਾਲ ਯਕੀਨੀ ਬਣਾਉਣ ਲਈ ਆਖਿਆ। ਮੁੱਖ ਸਕੱਤਰ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਲੋਕਾਂ ਦੀ ਸਹਾਇਤਾ ਲਈ ਸਰਕਾਰੀ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਝੋਕ ਦਿੱਤਾ ਜਾਵੇ।
ਇਹ ਵੀ ਪੜ੍ਹੋ : ਅਸਲਾ ਲਾਇਸੈਂਸ ਅਪਲਾਈ ਕਰਨ ਨੂੰ ਲੈ ਕੇ ਆਈ ਵੱਡੀ ਖ਼ਬਰ, ਹੋ ਜਾਓ ਸਾਵਧਾਨ ਨਹੀਂ ਤਾਂ...
ਰਾਹਤ ਕਾਰਜਾਂ ’ਚ ਵਿਆਪਕ ਪੱਧਰ ’ਤੇ ਤੇਜ਼ੀ ਲਿਆਉਣ ਦਾ ਇਕ ਨੁਕਾਤੀ ਉਦੇਸ਼ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਦਾ ਹੋਣਾ ਚਾਹੀਦਾ ਹੈ। ਪਹਾੜੀ ਸੂਬਿਆਂ ਤੋਂ ਦਰਿਆਵਾਂ ’ਚ ਪਾਣੀ ਦਾ ਪੱਧਰ ਵਧ ਜਾਣ ਨਾਲ ਸੂਬੇ ’ਚ ਹਾਲਾਤ ਗੰਭੀਰ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਦਰਿਆਵਾਂ ਤੋਂ ਵੱਧ ਤੋਂ ਵੱਧ ਪਾਣੀ ਲੈਣ ਲਈ ਹਰਿਆਣਾ ਅਤੇ ਰਾਜਸਥਾਨ ਨੂੰ ਪਹਿਲਾਂ ਹੀ ਲਿਖ ਕੇ ਭੇਜ ਦਿੱਤਾ ਹੈ। ਹੜ੍ਹ ਪ੍ਰਭਾਵਿਤ ਪੰਜ ਜ਼ਿਲ੍ਹਿਆਂ ’ਚ ਭਾਰਤੀ ਫ਼ੌਜ ਨੂੰ ਪਹਿਲਾਂ ਹੀ ਤਾਇਨਾਤ ਕੀਤਾ ਜਾ ਚੁੱਕਾ ਹੈ ਤੇ ਸੂਬੇ ਦੀ ਮਸ਼ੀਨਰੀ ਅਤੇ ਸਾਜ਼ੋ-ਸਾਮਾਨ ਦੀ ਵਰਤੋਂ ਕਰ ਕੇ ਪ੍ਰਸ਼ਾਸਨ ਵੱਲੋਂ ਫ਼ੌਜ ਨਾਲ ਮਿਲ ਕੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਐੱਨ. ਡੀ. ਆਰ.ਐੱਫ. ਦੀਆਂ 17 ਟੀਮਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ ਤਾਂ ਕਿ ਪੀੜਤ ਲੋਕਾਂ ਦਾ ਬਚਾਅ ਕੀਤਾ ਜਾ ਸਕੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹੜ੍ਹਾਂ ’ਚ ਫਸੇ ਲੋਕਾਂ ਨੂੰ ਕੱਢਣ ਲਈ ਜੰਗੀ ਪੱਧਰ ’ਤੇ ਕਾਰਜ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ਵਿਚ ਬੀਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਦਰਿਆਵਾਂ ਦੇ ਨਾਲ ਲੱਗਦੇ ਪਾੜਾਂ ਨੂੰ ਪੂਰਨ ਦੇ ਨਾਲ-ਨਾਲ ਮੈਡੀਕਲ ਟੀਮਾਂ ਨੂੰ ਬੀਮਾਰੀਆਂ ਤੋਂ ਬਚਾਅ ਲਈ ਹਰੇਕ ਪਿੰਡ ਵਿਚ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਰਾਹਤ ਕਾਰਜਾਂ ਦੇ ਨਾਲ-ਨਾਲ ਮੈਡੀਕਲ ਟੀਮਾਂ ਆਉਣ ਵਾਲੇ ਸਮੇਂ ’ਚ ਪਾਣੀ ਦੇ ਨਮੂਨੇ ਲੈਣ, ਘਰਾਂ ਤੇ ਪਿੰਡਾਂ ਦੇ ਅੰਦਰ ਅਤੇ ਬਾਹਰ ਸਪਰੇਅ ਦਾ ਛਿੜਕਾਅ, ਪਾਣੀ ਦੀ ਕਲੋਰੀਨੇਸ਼ਨ, ਬੁਖਾਰ ਦੇ ਸਰਵੇਖਣ, ਮਲੇਰੀਆ ਅਤੇ ਡੇਂਗੂ ਦਾ ਸਮੇਂ ਸਿਰ ਪਤਾ ਲਾਉਣ ਲਈ ਕਾਰਡ ਟੈਸਟ ਅਤੇ ਸੈਨੇਟਰੀ ਨੈਪਕਿਨ ਅਤੇ ਮੱਛਰਦਾਨੀਆਂ ਵੰਡਣ ਦੇ ਕਾਰਜਾਂ ਲਈ ਤਿਆਰ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠਲੇ ਪਿੰਡਾ ’ਚੋਂ ਪਾਣੀ ਕੱਢਣ ਲਈ ਪੰਪਿੰਗ ਕਾਰਜ ਪਹਿਲਾਂ ਹੀ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਨੇ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਪੁਲਾਂ, ਸੜਕਾਂ ਅਤੇ ਸਰਕਾਰੀ ਇਮਾਰਤਾਂ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਸਰਵੇਖਣ ਕਰਨ ਲਈ ਵੀ ਕਿਹਾ। ਪ੍ਰਭਾਵਿਤ ਲੋਕਾਂ ਨੂੰ ਰਾਹਤ ਕੈਂਪਾਂ ਅਤੇ ਮੈਡੀਕਲ ਕੈਂਪਾਂ ਰਾਹੀਂ ਅਤੇ ਇੱਥੋਂ ਤੱਕ ਕਿ ਉਨ੍ਹਾਂ ਦੇ ਦਰਾਂ ’ਤੇ ਜਾ ਕੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਪਿੰਡਾਂ ’ਚ ਮੋਬਾਈਲ ਮੈਡੀਕਲ ਯੂਨਿਟ ਤਾਇਨਾਤ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8