ਪੰਜਾਬ ਸਰਕਾਰ ਦੀ ਪਹਿਲਕਦਮੀ : CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

Monday, Feb 13, 2023 - 12:33 AM (IST)

ਪੰਜਾਬ ਸਰਕਾਰ ਦੀ ਪਹਿਲਕਦਮੀ : CM ਮਾਨ ਨੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਕੀਤਾ ਜਾਰੀ

ਲੁਧਿਆਣਾ/ਚੰਡੀਗੜ੍ਹ : ਵਣ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਭਾਰਤ ਦਾ ਪਹਿਲਾ ਈ-ਟਿੰਬਰ ਪੋਰਟਲ ਜਾਰੀ ਕੀਤਾ।ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਪੋਰਟਲ ਜੰਗਲਾਤ ਵਿਭਾਗ ਵੱਲੋਂ ਵਿਕਸਤ ਕੀਤਾ ਗਿਆ ਹੈ ਅਤੇ ਇਹ ਲੱਕੜ ਦੀ ਵਿਕਰੀ ਅਤੇ ਖ਼ਰੀਦ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਏਗਾ, ਜਿਸ ਨਾਲ ਕਿਸਾਨਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿੱਚ ਲੱਕੜ ਦੀ ਖਰੀਦੋ-ਫਰੋਖਤ ਵੱਡੇ ਪੱਧਰ 'ਤੇ ਗੈਰ-ਸੰਗਠਿਤ ਮੰਡੀਆਂ ਰਾਹੀਂ ਕੀਤੀ ਜਾਂਦੀ ਸੀ, ਜਿਸ ਕਾਰਨ ਕਿਸਾਨਾਂ ਨੂੰ ਇਸ ਦਾ ਲਾਹੇਵੰਦ ਭਾਅ ਨਹੀਂ ਮਿਲ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਕਿਸਾਨ ਵਣ ਖੇਤੀ ਤੋਂ ਦੂਰ ਹੋ ਰਹੇ ਸਨ।

ਇਹ ਵੀ ਪੜ੍ਹੋ : ਭਾਰਤ ਸਰਕਾਰ ਦੀ ਮੱਦਦ ਨਾਲ ਵਤਨ ਪਰਤੇ ਲੀਬੀਆ 'ਚ ਫਸੇ ਨੌਜਵਾਨ, ਹੋਏ ਤਸ਼ੱਦਦ ਦੀ ਬਿਆਨ ਕੀਤੀ ਦਾਸਤਾਨ

ਮੁੱਖ ਮੰਤਰੀ ਨੇ ਕਿਹਾ ਕਿ ਵਣ ਖੇਤੀ ਕਿਸਾਨਾਂ ਦੀ ਕਿਸਮਤ ਬਦਲਣ ਲਈ ਅਹਿਮ ਕੜੀ ਵਜੋਂ ਕੰਮ ਕਰ ਸਕਦੀ ਹੈ, ਇਸ ਲਈ ਸੂਬਾ ਸਰਕਾਰ ਇਸ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪੋਰਟਲ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਆਨਲਾਈਨ ਪੋਰਟਲ ਕਿਸਾਨਾਂ ਲਈ ਲਾਹੇਵੰਦ ਰਹੇਗਾ ਕਿਉਂਕਿ ਉਹ ਆਪਣੀ ਪਸੰਦ ਦੀ ਕਿਸੇ ਵੀ ਥਾਂ 'ਤੇ ਆਨਲਾਈਨ ਵਿਧੀ ਰਾਹੀਂ ਲੱਕੜ ਵੇਚ ਸਕਦੇ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਉਪਜ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ, ਜਿਸ ਨਾਲ ਉਨ੍ਹਾਂ ਨੂੰ ਵਣ ਖੇਤੀ ਵੱਲ ਉਤਸ਼ਾਹਿਤ ਕੀਤਾ ਜਾ ਸਕੇਗਾ।

ਇਹ ਵੀ ਪੜ੍ਹੋ : ਜਨਮ ਦਿਨ ਦੀ ਪਾਰਟੀ ’ਤੇ ਗਿਆ ਨੌਜਵਾਨ ਨਹੀਂ ਮੁੜਿਆ ਘਰ, ਮਾਪਿਆਂ ਨੇ ਜਤਾਇਆ ਇਹ ਸ਼ੱਕ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਰੁੱਖਾਂ ਦੀ ਆਨਲਾਈਨ ਵਿਕਰੀ ਅਤੇ ਖ਼ਰੀਦ ਨਾਲ ਕਿਸਾਨਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਵੀ ਬੱਚਤ ਹੋਵੇਗੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਲਾਭ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ 'ਚੋਂ ਕੱਢ ਕੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਲਾਭ ਪਹੁੰਚਾਏਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਪੋਰਟਲ ਉਦਯੋਗ ਅਤੇ ਕਿਸਾਨਾਂ ਦਰਮਿਆਨ ਸਿੱਧੇ ਸੰਚਾਰ ਅਤੇ ਆਪਸੀ ਤਾਲਮੇਲ ਵਿੱਚ ਵੀ ਮਦਦ ਕਰੇਗਾ, ਜਿਸ ਨਾਲ ਦੋਵਾਂ ਖੇਤਰਾਂ ਨੂੰ ਵੱਡੇ ਪੱਧਰ 'ਤੇ ਫਾਇਦਾ ਪਹੁੰਚੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੋਰਟਲ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲੱਕੜ ਦੀ ਵਿਕਰੀ ਅਤੇ ਖ਼ਰੀਦ ਵਿੱਚ ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਵੱਲ ਇੱਕ ਹੋਰ ਉਸਾਰੂ ਕਦਮ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜੋ ਕਿਸਾਨ ਭਾਈਚਾਰੇ ਦੀਆਂ ਮੁਸ਼ਕਲਾਂ ਨੂੰ ਘੱਟ ਕਰੇਗਾ ਅਤੇ ਉਨ੍ਹਾਂ ਨੂੰ ਆਪਣੀ ਆਮਦਨ ਵਧਾਉਣ ਵਿੱਚ ਮਦਦ ਕਰੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪੋਰਟਲ ਸੂਬੇ ਦੇ ਕਿਸਾਨ ਭਾਈਚਾਰੇ ਲਈ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਰਾਹ ਖੋਲ੍ਹੇਗਾ।


author

Mandeep Singh

Content Editor

Related News