CM ਮਾਨ ਵੱਲੋਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ, RDF ਜਾਰੀ ਕਰਨ ਦਾ ਦਿੱਤਾ ਭਰੋਸਾ
Monday, Aug 08, 2022 - 09:10 PM (IST)
![CM ਮਾਨ ਵੱਲੋਂ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ, RDF ਜਾਰੀ ਕਰਨ ਦਾ ਦਿੱਤਾ ਭਰੋਸਾ](https://static.jagbani.com/multimedia/2022_8image_22_20_423457697mannssssssss.jpg)
ਨਵੀਂਂ ਦਿੱਲੀ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਪੰਜਾਬ ਦਾ ਰੂਰਲ ਡਿਵੈੱਲਪਮੈਂਟ ਫੰਡ (ਆਰ. ਡੀ. ਐੱਫ.) ਦੁਬਾਰਾ ਜਾਰੀ ਕਰਨ ਨੂੰ ਲੈ ਕੇ ਗੱਲਬਾਤ ਕੀਤੀ। ਇਸ ਦੌਰਾਨ ਪਿਊਸ਼ ਗੋਇਲ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਰੂਰਲ ਡਿਵੈੱਲਪਮੈਂਟ ਫੰਡ ਜਾਰੀ ਕਰਨ ਦੀ ਗੱਲ ਕਹੀ। ਉਨ੍ਹਾਂ ਕੇਂਦਰ ਵੱਲੋਂ ਇਹ ਫੰਡ ਦੁਬਾਰਾ ਨਾ ਰੋਕਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਇਸ ਫੰਡ ਦੀ ਗ਼ਲਤ ਵਰਤੋਂ ਕਰਨ ਕਰਕੇ ਕੇਂਦਰ ਸਰਕਾਰ ਨੇ ਇਹ ਫੰਡ ਰੋਕ ਦਿੱਤਾ ਸੀ। ਅੱਜ ਮੁਲਾਕਾਤ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਦਾ 1760 ਕਰੋੜ ਰੁਪਏ ਦਾ ਜੋ ਫੰਡ ਰੋਕਿਆ ਸੀ, ਉਹ ਜਾਰੀ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ
ਇਸ ਦੌਰਾਨ ਐਕਟ ਤਹਿਤ ਜਾਰੀ ਕੀਤੇ ਇਸ ਫੰਡ ਨੂੰ ਪਿੰਡਾਂ ਦੀਆਂ ਸੜਕਾਂ ਤੇ ਹੋਰ ਵਿਕਾਸ ਲਈ ਵਰਤਿਆ ਜਾਵੇਗਾ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਇਸ ਫੰਡ ਦੀ ਵਰਤੋਂ ਉਸ ਇਲਾਕੇ ਲਈ ਹੀ ਕੀਤੀ ਜਾਵੇਗੀ, ਜਿਸ ਲਈ ਪਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਮੱਤੇਵਾੜਾ ਟੈਕਸਟਾਈਲ ਪਾਰਕ ਪੰਜਾਬ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਰੂਰਲ ਡਿਵਲਪਮੈਂਟ ਫੰਡ ਰੋਕ ਲਿਆ ਸੀ। ਕੇਂਦਰ ਸਰਕਾਰ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਪਹਿਲਾਂ ਦਿਹਾਤੀ ਵਿਕਾਸ ਐਕਟ 1987 ਚ ਸੋਧ ਕਰੇ, ਉਸ ਤੋਂ ਬਾਅਦ ਹੀ ਫੰਡ ਜਾਰੀ ਹੋਵੇਗਾ। ਅਸਲ 'ਚ ਪਿਛਲੀ ਕਾਂਗਰਸ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਮਿਲੇ ਫੰਡ ਨੂੰ ਕਿਸਾਨਾਂ ਦੀ ਕਰਜ਼ੇ ਮਾਫੀ 'ਚ ਖਰਚ ਕਰ ਦਿੱਤਾ ਸੀ। ਜਿਸ ਤੋਂ ਬਾਅਦ ਕੇਂਦਰ ਨੇ ਇਹ ਸਖ਼ਤੀ ਦਿਖਾਈ।
ਇਹ ਖ਼ਬਰ ਵੀ ਪੜ੍ਹੋ : PAU ’ਚ ਚਾਂਸਲਰ ਸਣੇ ਸਿਖ਼ਰਲੀਆਂ ਖਾਲੀ ਪੋਸਟਾਂ ਨੂੰ ਲੈ ਕੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ