ਚੀਫ ਜਸਟਿਸ ’ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ : ਮਾਨ
Saturday, Oct 11, 2025 - 11:10 AM (IST)

ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਮਾਨ ਨੇ ਚੀਫ ਜਸਟਿਸ ’ਤੇ ਜੁੱਤੀ ਸੁੱਤਣ ਦੀ ਕੋਸ਼ਿਸ਼ ਨੂੰ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਦੱਸਿਆ ਹੈ। ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵਾਂ ਪਾਰਟੀ ਆਪਣੇ ਨਫ਼ਰਤ ਭਰੇ ਪ੍ਰਚਾਰ ਰਾਹੀਂ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਲਗਾਤਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਦੇਸ਼ ਦੀ ਨਿਆਂ ਪ੍ਰਣਾਲੀ ਤੇ ਇੱਥੋਂ ਤੱਕ ਕਿ ਦੇਸ਼ ਦੀ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਲਈ ਵੀ ਗੰਭੀਰ ਖ਼ਤਰਾ ਹੈ। ਚੀਫ ਜਸਟਿਸ ਸਖ਼ਤ ਮਿਹਨਤ ਤੇ ਸਮਰਪਿਤ ਭਾਵਨਾ ਨਾਲ ਆਪਣਾ ਕੰਮ ਕਰਦਿਆਂ ਇਸ ਅਹੁਦੇ 'ਤੇ ਪਹੁੰਚੇ ਹਨ ਅਤੇ ਅਜਿਹਾ ਘਿਨਾਉਣਾ ਕਾਰਾ ਸੱਚਮੁੱਚ ਨਿੰਦਣਯੋਗ ਹੈ। ਸਰਕਾਰ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਸਖ਼ਤ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਤੇ ਸਦਭਾਵਨਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੰਜਾਬ ਪੁਲਸ ਸੂਬੇ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸਮਾਜ ਵਿਰੋਧੀ ਅਨਸਰ ਹਮੇਸ਼ਾ ਸੂਬੇ ’ਚ ਗੜਬੜੀ ਪੈਦਾ ਕਰਨ ਦੀ ਕੋਸ਼ਿਸ਼ ’ਚ ਰਹਿੰਦੇ ਹਨ ਪਰ ਪੰਜਾਬ ਪੁਲਸ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਲੋਕ ਬਿਨਾਂ ਕਿਸੇ ਡਰ ਤੋਂ ਸਾਰੇ ਤਿਉਹਾਰਾਂ ਨੂੰ ਪੂਰੇ ਰੀਤੀ-ਰਿਵਾਜ, ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ ਮਨਾਉਣ।
ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ’ਚ ਮਿਲਾਵਟਖੋਰੀ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਸ ਦੀ ਜਾਂਚ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਵਪਾਰੀਆਂ ਨੂੰ ਵੀ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੇਚੀਆਂ ਜਾਣ ਵਾਲੀਆਂ ਮਠਿਆਈਆਂ ਤੇ ਹੋਰ ਸਾਮਾਨ ਮਿਲਾਵਟ ਰਹਿਤ ਅਤੇ ਉੱਚ ਗੁਣਵੱਤਾ ਵਾਲਾ ਹੋਵੇ। ਉਨ੍ਹਾਂ ਨੇ ਜੈਵਿਕ ਉਤਪਾਦਾਂ ਨੂੰ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਇਨ੍ਹਾਂ ਉਤਪਾਦਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਹੜ੍ਹਾਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਆਲੋਚਨਾ ’ਤੇ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨਿਰਾਸ਼ਾ ਦੇ ਆਲਮ ’ਚ ਬੇਵਜ੍ਹਾ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਇਕ ਕੁਦਰਤੀ ਆਫ਼ਤ ਹੈ ਤੇ ਇਹ ਸੂਬੇ ’ਚ ਪਹਿਲੀ ਵਾਰ ਨਹੀਂ ਆਈ। ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਲਈ ਕਿਸੇ ਵੀ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਕਿਉਂਕਿ ਹਿਮਾਚਲ ਪ੍ਰਦੇਸ਼, ਉੱਤਰਾਖੰਡ ਤੇ ਹੋਰ ਰਾਜਾਂ ’ਚ ਵੀ ਇਸ ਆਫ਼ਤ ਨੇ ਵੱਡੀ ਤਬਾਹੀ ਮਚਾਈ ਹੈ। ਗਿਰਦਾਵਰੀ ਦੀ ਪ੍ਰਕਿਰਿਆ ਜਾਰੀ ਹੈ ਤੇ ਮੁਆਵਜ਼ੇ ਦੇ ਚੈੱਕ ਜਲਦ ਵੰਡੇ ਜਾਣਗੇ।
ਸਰਕਾਰ ਨੇ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਆਪਣੀ ਰਿਪੋਰਟ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੇਂਦ ਹੁਣ ਕੇਂਦਰ ਦੇ ਪਾਲੇ ’ਚ ਹੈ ਤੇ ਮੋਦੀ ਸਰਕਾਰ ਨੂੰ ਹੜ੍ਹਾਂ ਨਾਲ ਝੰਬੇ ਸੂਬੇ ਨੂੰ ਮੁੜ ਲੀਹ 'ਤੇ ਲਿਆਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਜਾਰੀ ਕਰਨੇ ਚਾਹੀਦੇ ਹਨ। ਸਰਕਾਰ ਆਪਣੇ ਪੱਧਰ 'ਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਜਲਦ ਤੋਂ ਜਲਦ ਆਮ ਵਰਗੇ ਹਾਲਾਤ ਬਹਾਲ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨੇ ਗਾਇਕ ਰਾਜਵੀਰ ਜਵੰਦਾ ਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਨੂੰ ਮੰਦਭਾਗੀ ਘਟਨਾ ਤੇ ਸੂਬੇ ਲਈ ਵੱਡਾ ਘਾਟਾ ਦੱਸਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਮੌਜੂਦ ਸਨ।
ਨਵਜੋਤ ਸਿੱਧੂ ਨੂੰ ਦਿੱਤੀਆਂ ਸ਼ੁਭ ਕਾਮਨਾਵਾਂ
ਸਾਬਕਾ ਮੰਤਰੀ ਨਵਜੋਤ ਸਿੱਧੂ ਦੇ ਮੁੜ ਰਾਜਨੀਤੀ ’ਚ ਸਰਗਰਮ ਹੋਣ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਜਦੋਂ ਵੀ ਚਾਹੇ ਰਾਜਨੀਤੀ ’ਚ ਸ਼ਾਮਲ ਹੋਣ ਜਾਂ ਛੱਡਣ ਲਈ ਆਜ਼ਾਦ ਹੈ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਿੱਧੂ ਨੇ ਆਪਣੇ ਹੋਰ ਰੁਝੇਵਿਆਂ ਤੋਂ ਲਾਂਭੇ ਹੋ ਕੇ ਇਕ ਵਾਰ ਫਿਰ ਪੰਜਾਬ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵੇਂ ਤੇ ਚੰਗੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ ਕਿਉਂਕਿ ਉਨ੍ਹਾਂ ਨੇ ਆਪਣਾ ਪੁਰਾਣਾ ਏਜੰਡਾ ਦੁਹਰਾਉਣ ਤੋਂ ਇਲਾਵਾ ਹੋਰ ਕੁਝ ਨਹੀਂ ਕਰਨਾ। ਉਨ੍ਹਾਂ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਆਪਣਾ ਨਵਾਂ ਰਾਜਨੀਤਕ ਸਫ਼ਰ ਸ਼ੁਰੂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਗ੍ਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ
ਦੀਵਾਲੀ ਦੌਰਾਨ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ ਗ੍ਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਿਉਹਾਰ 'ਤੇ ਅਕਸਰ ਪਟਾਕਿਆਂ ਕਾਰਨ ਅੱਖਾਂ ‘ਤੇ ਪ੍ਰਭਾਵ ਪੈਣ ਦੇ ਮਾਮਲੇ ਸਾਹਮਣੇ ਆਉਂਦੇ ਹਨ, ਇਸ ਲਈ ਲੋਕ ਇਹ ਤਿਉਹਾਰ ਮਨਾਉਂਦੇ ਸਮੇਂ ਆਪਣਾ ਵੱਧ ਤੋਂ ਵੱਧ ਬਚਾਅ ਰੱਖਣ।