ਪੰਜਾਬ ਪੁਲਸ ਦੇ ਗੈਂਗਸਟਰਾਂ ਨਾਲ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

Wednesday, Jul 20, 2022 - 09:29 PM (IST)

ਪੰਜਾਬ ਪੁਲਸ ਦੇ ਗੈਂਗਸਟਰਾਂ ਨਾਲ ਐਨਕਾਊਂਟਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ 'ਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ। ਇੱਥੇ ਜਾਰੀ ਬਿਆਨ 'ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਸ ਨੂੰ ਅੰਮ੍ਰਿਤਸਰ ਵਿਖੇ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਭਗਵੰਤ ਮਾਨ ਨੇ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਗੈਂਗਸਟਰਾਂ ਖ਼ਿਲਾਫ਼ ਇਸ ਆਪ੍ਰੇਸ਼ਨ ਨੂੰ ਵੱਡੀ ਕਾਮਯਾਬੀ ਨਾਲ ਨੇਪਰੇ ਚਾੜ੍ਹਿਆ ਹੈ।

ਇਹ ਵੀ ਪੜ੍ਹੋ : ਬਿਸ਼ਨੋਈ ਗਰੁੱਪ ਦੇ ਸ਼ੂਟਰ ਮਨਪ੍ਰੀਤ ਮਨੂੰ ਦੇ ਇਨਕਾਊਂਟਰ 'ਚ ਮਾਰੇ ਜਾਣ 'ਤੇ ਕੁੱਸਾ ਪਿੰਡ ਆਇਆ ਫਿਰ ਚਰਚਾ 'ਚ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ 'ਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੁਲਸ ਅਧਿਕਾਰੀਆਂ ਨੇ ਆਪ੍ਰੇਸ਼ਨ ਦੌਰਾਨ ਵਿਲੱਖਣ ਬਹਾਦਰੀ ਤੇ ਸਾਹਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਗੈਂਗਸਟਰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ 'ਚੋਂ ਗੈਂਗਸਟਰਾਂ ਤੇ ਨਸ਼ਿਆਂ ਦਾ ਸਫਾਇਆ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ 'ਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।

PunjabKesari

ਇਹ ਵੀ ਪੜ੍ਹੋ : ਲੁਧਿਆਣਾ ਜੇਲ੍ਹ 'ਚ ਸਿਮਰਜੀਤ ਬੈਂਸ ਨੂੰ ਖ਼ਤਰਾ, ਸੁਰੱਖਿਆ ਕਾਰਨਾਂ ਕਰਕੇ ਭੇਜਿਆ ਗਿਆ ਬਰਨਾਲਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ 'ਤੇ ਪੰਜਾਬ 'ਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ। ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਨੂੰ ਸ਼ਾਂਤਮਈ, ਖੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਜੀਂਦ ਤੋਂ ਫਿਰੋਜ਼ਪੁਰ ਲਾਈਨ 'ਤੇ ਨਵੀਂ ਪੈਸੰਜਰ ਰੇਲ ਗੱਡੀ ਅਗਸਤ ਦੇ ਪਹਿਲੇ ਹਫਤੇ ਸ਼ੁਰੂ, ਸਮਾਂ ਸਾਰਣੀ ਜਾਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News