ਸ਼ਹੀਦ ਅਜੈ ਸਿੰਘ ਦੇ ਘਰ ਪੁੱਜੇ CM ਮਾਨ, ਸੌਂਪਿਆ ਇਕ ਕਰੋੜ ਦਾ ਚੈੱਕ, ਨੌਕਰੀ ਦੇਣ ਦੀ ਆਖ਼ੀ ਗੱਲ (ਵੀਡੀਓ)
Thursday, Jan 25, 2024 - 05:18 PM (IST)
ਖੰਨਾ (ਵਿਪਨ) : ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਭਾਰਤੀ ਫ਼ੌਜ ਦਾ ਅਗਨੀਵੀਰ ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਦੇ ਘਰ ਪੁੱਜੇ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਸ਼ਹੀਦ ਦੀ ਭੈਣ ਇਸ ਸਮੇਂ ਬੀ. ਏ. ਦੀ ਪੜ੍ਹਾਈ ਕਰ ਰਹੀ ਹੈ ਅਤੇ ਪੜ੍ਹਾਈ ਪੂਰੀ ਕਰਨ ਮਗਰੋਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਇਸ ਦੇ ਲਈ ਨੌਕਰੀ ਰਿਜ਼ਰਵ ਰੱਖੀ ਗਈ ਹੈ।
ਅਗਨੀਵੀਰ ਯੋਜਨਾ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹਾਦਰ ਸੈਨਿਕਾਂ ਦੇ ਯੋਗਦਾਨ ਦਾ ਨਿਰਾਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਦੇਸ਼ ਦੇ ਨੌਜਵਾਨਾਂ ਦਾ ਸ਼ੋਸ਼ਣ ਹੈ ਕਿਉਂਕਿ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਥੋੜ੍ਹੀ ਸਮੇਂ ਦੀ ਨੌਕਰੀ ਕਰਨ ਤੋਂ ਬਾਅਦ ਬਿਨਾਂ ਕਿਸੇ ਵਿੱਤੀ ਸੁਰੱਖਿਆ ਦੇ ਵਾਪਸ ਘਰ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਜ਼ਲਾਲਤ ਭਰੀ ਯੋਜਨਾ ਹੈ, ਜਿਸ ਨੂੰ ਦੇਸ਼ ਦੇ ਵਡੇਰੇ ਹਿੱਤ ਵਿੱਚ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਹਨ ਕਿਉਂਕਿ ਉਹ ਇੱਥੋਂ ਦੇ ਜਵਾਨ ਵੱਲੋਂ ਦਿੱਤੀ ਮਹਾਨ ਕੁਰਬਾਨੀ ਦਾ ਸਤਿਕਾਰ ਕਰਦੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ ’ਤੇ ਕਾਬਜ਼ ਲੋਕਾਂ ਨੂੰ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੋਈ ਹਮਦਰਦੀ ਨਹੀਂ ਹੈ, ਜਿਸ ਕਾਰਨ ਉਹ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਦੀ ਕਦੇ ਵੀ ਚਿੰਤਾ ਨਹੀਂ ਕਰਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕ ਸੰਵੇਦਨਹੀਣ ਹਨ ਕਿਉਂਕਿ ਅਜ਼ਾਦੀ ਸੰਗਰਾਮ ਦੌਰਾਨ ਇਨ੍ਹਾਂ ਨੇ ਆਪਣੇ ਪੁਰਖਿਆਂ ਨੂੰ ਨਹੀਂ ਗੁਆਇਆ ਸਗੋਂ ਆਜ਼ਾਦੀ ਪ੍ਰਾਪਤੀ ਅਤੇ ਹੁਣ ਇਸ ਦੀ ਰਾਖੀ ਲਈ ਵੀ ਪੰਜਾਬੀ ਸਭ ਤੋਂ ਅੱਗੇ ਹਨ, ਜਿਸ ਕਾਰਨ ਅਸੀਂ ਆਪਣੇ ਸ਼ਹੀਦਾਂ ਦੀ ਕਦਰ ਕਰਦੇ ਹਾਂ।
ਇਹ ਵੀ ਪੜ੍ਹੋ : ਪੰਜਾਬ 'ਚ AAP ਨਹੀਂ ਕਰੇਗੀ ਗਠਜੋੜ! 13 ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ ਪਾਰਟੀ (ਵੀਡੀਓ)
ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੇ ਨਾਂ 'ਤੇ ਸਕੂਲ ਬਣੇਗਾ ਅਤੇ ਪਿੰਡ 'ਚ ਸ਼ਹੀਦ ਦਾ ਬੁੱਤ ਵੀ ਲਾਇਆ ਜਾਵੇਗਾ ਅਤੇ ਡਿਸਪੈਂਸਰੀ ਨੂੰ ਅਪਗਰੇਡ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨਵੀਰ ਅਜੈ ਸਿੰਘ ਨੇ ਜੰਮੂ-ਕਸ਼ਮੀਰ 'ਚ ਫ਼ੌਜ ਦੀ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ ਸੀ।
ਇਹ ਵੀ ਪੜ੍ਹੋ : ਮੁਕਤਸਰ ਸਾਹਿਬ 'ਚ ਦਰਦਨਾਕ ਘਟਨਾ : ਠੰਡ ਤੋਂ ਬਚਣ ਲਈ ਬਾਲ਼ੀ ਅੰਗੀਠੀ ਬਣੀ ਕਾਲ, 2 ਭਰਾਵਾਂ ਦੀ ਮੌਤ
ਅਜੈ ਸਿੰਘ ਬਾਰੂਦੀ ਸੁਰੰਗ ਦੇ ਧਮਾਕੇ ਕਾਰਨ ਸ਼ਹੀਦ ਹੋ ਗਿਆ ਸੀ। ਦੱਸ ਦੇਈਏ ਕਿ ਬਹੁਤ ਹੀ ਗਰੀਬ ਪਰਿਵਾਰ ਵਿੱਚੋਂ ਸਖ਼ਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ, ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਦੇ ਅਗਨੀਵੀਰ ਅਜੈ ਸਿੰਘ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਆਪਣੀ ਜਾਨ ਨਿਛਾਵਰ ਕੀਤੀ ਅਤੇ ਪੰਜਾਬ ਸਰਕਾਰ ਇਸ ਬਹਾਦਰੀ ਨੂੰ ਸਲਾਮ ਕਰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ ਅਤੇ ਦੁੱਖ ਦੀ ਇਸ ਘੜੀ ਵਿਚ ਉਸ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨ ਅਜੈ ਸਿੰਘ ਦੀ ਕੁਰਬਾਨੀ ਲਈ ਦੇਸ਼ ਵਾਸੀ ਸਦਾ ਰਿਣੀ ਰਹਿਣਗੇ। ਸ਼ਹੀਦ ਅਗਨੀਵੀਰ ਅਜੈ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਬਹਾਦਰੀ, ਪੇਸ਼ੇਵਰ ਵਚਨਬੱਧਤਾ ਅਤੇ ਸਾਹਸ ਦਾ ਪ੍ਰਗਟਾਵਾ ਕਰਕੇ ਮੁਲਕ ਅਤੇ ਖ਼ਾਸ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8