CM ਮਾਨ ਨੇ ਨਿਤਿਨ ਗਡਕਰੀ ਨੂੰ ਦਿੱਤਾ ਜਵਾਬ, ਪ੍ਰਾਜੈਕਟਾਂ ਦੀ ਸਥਿਤੀ ਲਈ NHAI ਠੇਕੇਦਾਰਾਂ ਨੂੰ ਠਹਿਰਾਇਆ ਜ਼ਿੰਮੇਦਾਰ

Wednesday, Aug 14, 2024 - 05:23 AM (IST)

CM ਮਾਨ ਨੇ ਨਿਤਿਨ ਗਡਕਰੀ ਨੂੰ ਦਿੱਤਾ ਜਵਾਬ, ਪ੍ਰਾਜੈਕਟਾਂ ਦੀ ਸਥਿਤੀ ਲਈ NHAI ਠੇਕੇਦਾਰਾਂ ਨੂੰ ਠਹਿਰਾਇਆ ਜ਼ਿੰਮੇਦਾਰ

ਚੰਡੀਗੜ੍ਹ- ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਬੀਤੇ ਦਿਨਾਂ ਪੰਜਾਬ ਦੇ ਕਈ NHAI ਪ੍ਰਾਜੈਕਟਾਂ ਨੂੰ ਜਲਦੀ ਪੂਰਾ ਕਰਵਾਉਣ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਪ੍ਰਾਜੈਕਟ ਸਮੇਂ ਸਿਰ ਪੂਰੇ ਨਾ ਹੋਏ ਤਾਂ NHAI ਕੋਲ ਇਨ੍ਹਾਂ ਪ੍ਰਾਜੈਕਟਾਂ ਨੂੰ ਬੰਦ ਕਰਨ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਬਚੇਗਾ।

ਇਸੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਐੱਨ.ਐੱਚ.ਏ.ਆਈ. ਨੂੰ ਸਹਿਯੋਗ ਦੇਣ ਅਤੇ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਲਈ ਵਚਨਬੱਧ ਹੈ। ਕੇਂਦਰੀ ਸੜਕ ਆਵਾਜਾਈ ਅਤੇ ਕੌਮੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਇਕ ਪੱਤਰ ਲਿਖ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਅਤੇ ਸੂਬਾ ਦੋਵਾਂ ਲਈ ਐੱਨ.ਐੱਚ.ਏ.ਆਈ. ਪ੍ਰਾਜੈਕਟਾਂ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਸਮਝਦੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਮੀਨ ਪ੍ਰਾਪਤੀ ਅਤੇ ਹੋਰ ਸਬੰਧਤ ਮਾਮਲਿਆਂ ਵਿੱਚ ਐੱਨ.ਐੱਚ.ਏ.ਆਈ. ਦੀ ਸਰਗਰਮੀ ਨਾਲ ਸਹਾਇਤਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਕੁਝ ਕੁ ਨੂੰ ਛੱਡ ਕੇ ਸੂਬੇ ਵਿੱਚ ਐੱਨ.ਐੱਚ.ਏ.ਆਈ ਦੇ ਜ਼ਿਆਦਾਤਰ ਪ੍ਰਾਜੈਕਟ ਲੀਹ 'ਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਗਡਕਰੀ ਵੱਲੋਂ ਜ਼ਿਕਰ ਕੀਤੇ ਦੋਵਾਂ ਮਾਮਲਿਆਂ ਵਿੱਚ ਸਥਾਨਕ ਪੁਲਸ ਨੇ ਤੁਰੰਤ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਇੱਕ ਘਟਨਾ ਐੱਨ.ਐੱਚ.ਏ.ਆਈ. ਦੇ ਠੇਕੇਦਾਰ ਵੱਲੋਂ ਜ਼ਮੀਨ ਦੀ ਵੱਧ ਖੁਦਾਈ ਦਾ ਨਤੀਜਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਜੀ ਘਟਨਾ ਠੇਕੇਦਾਰ ਵੱਲੋਂ ਆਪਣੇ ਉਪ-ਠੇਕੇਦਾਰ ਨੂੰ ਵਿੱਤੀ ਬਕਾਇਆ ਨਾ ਦੇਣ ਦਾ ਨਤੀਜਾ ਹੈ ਅਤੇ ਕਿਹਾ ਕਿ ਦੋਵੇਂ ਮਾਮਲੇ ਠੇਕੇਦਾਰ ਕਰਕੇ ਪੈਦਾ ਹੋਏ ਹਨ।

ਇਹ ਵੀ ਪੜ੍ਹੋ- ਹਸਪਤਾਲ 'ਚ 'ਬੱਤੀ ਗੁੱਲ',ਹਨੇਰੇ 'ਚ ਨਾ ਲੱਭੇ ਡਾਕਟਰ ਤਾਂ 'ਰੌਸ਼ਨੀ' ਨੇ ਆਟੋ 'ਚ ਦਿੱਤਾ ਬੱਚੇ ਨੂੰ ਜਨਮ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਦੇ ਬਾਵਜੂਦ ਪੰਜਾਬ ਪੁਲਸ ਇੱਕ ਬਿਹਤਰੀਨ ਫੋਰਸ ਹੋਣ ਦੇ ਨਾਤੇ, ਐੱਨ.ਐੱਚ.ਏ.ਆਈ. ਦੀਆਂ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਖਿਆਲ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਪਹਿਲਾਂ ਹੀ ਸਥਾਨਕ ਪੁਲਸ ਨੂੰ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਇਲਾਕੇ ਵਿੱਚ ਗਸ਼ਤ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਜ਼ਮੀਨ ਗ੍ਰਹਿਣ ਨਾਲ ਸਬੰਧਤ ਮੁੱਦਿਆਂ ਦੀ ਗੱਲ ਹੈ, ਕੇਂਦਰੀ ਮੰਤਰੀ ਨੂੰ ਇਸ ਗੱਲ ਦੀ ਕਦਰ ਕਰਨੀ ਚਾਹੀਦੀ ਹੈ ਕਿ ਸੂਬੇ ਦੇ ਕਿਸਾਨ ਆਪਣੀ ਜ਼ਮੀਨ ਨਾਲ ਭਾਵਨਾਤਮਕ ਤੌਰ 'ਤੇ ਜੁੜੇ ਹੋਏ ਹਨ, ਕਿਉਂਕਿ ਇਹ ਉਨ੍ਹਾਂ ਦੀ ਬੇਸ਼ਕੀਮਤੀ ਜਾਇਦਾਦ ਹੈ ਅਤੇ ਇਹ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਵਸੀਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਵਿੱਚ ਜ਼ਮੀਨਾਂ ਦੇ ਭਾਅ ਜ਼ਿਆਦਾ ਹਨ, ਇਸ ਲਈ ਜੇਕਰ ਕਿਸਾਨਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਜ਼ਮੀਨਾਂ ਦੇ ਬਣਦੇ ਭਾਅ ਨਹੀਂ ਮਿਲ ਰਹੇ ਤਾਂ ਉਹ ਆਪਣੀਆਂ ਜ਼ਮੀਨਾਂ ਦੇਣ ਲਈ ਰਾਜ਼ੀ ਨਹੀਂ ਹੁੰਦੇ।
 
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਬਹੁਤ ਸਾਰੇ ਮਾਮਲੇ ਹਨ ਜਿਨ੍ਹਾਂ ਵਿੱਚ ਕਿਸਾਨ ਆਰਬਿਟਰੇਟਰਾਂ (ਵਿਚੋਲਿਆਂ) ਵੱਲੋਂ ਦਿੱਤੇ ਭਾਅ ਤੋਂ ਸੰਤੁਸ਼ਟ ਸਨ ਅਤੇ ਆਪਣੀਆਂ ਜ਼ਮੀਨਾਂ ਦਾ ਕਬਜ਼ਾ ਨਿਰਧਾਰਤ ਦਰਾਂ 'ਤੇ ਐੱਨ.ਐੱਚ.ਏ.ਆਈ. ਨੂੰ ਸੌਂਪਣ ਲਈ ਤਿਆਰ ਸਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਅਜਿਹੇ ਮਾਮਲਿਆਂ ਵਿੱਚ ਐੱਨ.ਐੱਚ.ਏ.ਆਈ. ਨੇ ਵਿਚੋਲਿਆਂ ਵੱਲੋਂ ਦੱਸੇ ਭਾਅ ‘ਤੇ ਕਿੰਤੂ-ਪ੍ਰੰਤੂ ਕੀਤਾ ਜਾਂ ਨਿਰਧਾਰਤ ਭਾਅ ਨੂੰ ਸਵੀਕਾਰ ਕਰਨ ਵਿੱਚ ਬਹੁਤ ਲੰਮਾ ਸਮਾਂ ਲਗਾਇਆ, ਜਿਸ ਕਾਰਨ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਵਿੱਚ ਦੇਰੀ ਹੋਈ। 

ਇਹ ਵੀ ਪੜ੍ਹੋ- ਜੈਜੋਂ ਕਾਰ ਹਾਦਸਾ : ਤਿੰਨ ਦਿਨ ਬਾਅਦ ਵੀ ਸਰਚ ਟੀਮ ਦੇ ਹੱਥ ਖ਼ਾਲੀ, ਪਾਣੀ 'ਚ ਰੁੜ੍ਹੇ ਲੋਕਾਂ ਦਾ ਨਹੀਂ ਮਿਲਿਆ ਕੋਈ ਸੁਰਾਗ

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਅਜਿਹੇ ਕਈ ਮਾਮਲੇ ਹਨ, ਜਿਨ੍ਹਾਂ ਵਿਚ ਜ਼ਮੀਨ ਦਾ ਕਬਜ਼ਾ ਐੱਨ.ਐੱਚ.ਏ.ਆਈ. ਨੂੰ ਦਿੱਤਾ ਗਿਆ ਸੀ, ਪਰ ਇਸ ਦੇ ਠੇਕੇਦਾਰਾਂ ਨੇ ਸਬੰਧਤ ਥਾਵਾਂ ‘ਤੇ ਆਪਣੀ ਮਸ਼ੀਨਰੀ ਲਗਾਉਣ ਅਤੇ ਕੰਮ ਸ਼ੁਰੂ ਕਰਨ ਵਿਚ ਲੰਮਾ ਸਮਾਂ ਲਗਾ ਦਿੱਤਾ, ਜਿਸ ਕਾਰਨ ਕਿਸਾਨਾਂ ਨੇ ਦੁਬਾਰਾ ਜ਼ਮੀਨ 'ਤੇ ਵਾਹੀ ਕਰਨੀ ਸ਼ੁਰੂ ਕਰ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਵਾਰ ਸੂਬੇ ਦੇ ਅਧਿਕਾਰੀਆਂ ਵੱਲੋਂ ਜ਼ਮੀਨ ਦਾ ਕਬਜ਼ਾ ਐੱਨ.ਐੱਚ.ਏ.ਆਈ. ਨੂੰ ਦੇ ਦਿੱਤਾ ਜਾਂਦਾ ਹੈ ਤਾਂ ਇਹ ਕਬਜ਼ਾ ਕਾਇਮ ਰੱਖਣਾ ਐੱਨ.ਐੱਚ.ਏ.ਆਈ. ਜਾਂ ਇਸ ਦੇ ਠੇਕੇਦਾਰਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਮੁੱਖ ਸਕੱਤਰ ਪਹਿਲਾਂ ਹੀ ਐੱਨ.ਐੱਚ.ਏ.ਆਈ. ਨੂੰ ਦਰਪੇਸ਼ ਰੁਕਾਵਟਾਂ ਨੂੰ ਦੂਰ ਕਰਨ ਲਈ ਡਿਪਟੀ ਕਮਿਸ਼ਨਰਾਂ ਅਤੇ ਐੱਨ.ਐੱਚ.ਏ.ਆਈ. ਨਾਲ ਬਾਕਾਇਦਾ ਸਮੀਖਿਆ ਮੀਟਿੰਗਾਂ ਕਰ ਰਹੇ ਹਨ। ਇਸ ਦੇ ਨਾਲ ਹੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਦ ਇਸ ਮੁੱਦੇ 'ਤੇ ਕਿਸਾਨਾਂ ਨਾਲ ਗੱਲਬਾਤ ਕਰਨ ਬਾਰੇ ਸੋਚ ਰਹੇ ਰਹੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News