CM ਮਾਨ ਨੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਸੁਚਾਰੂ ਪ੍ਰਬੰਧਾਂ ਲਈ ਕੈਬਨਿਟ ਸਬ-ਕਮੇਟੀ ਗਠਿਤ

Monday, Oct 10, 2022 - 05:59 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 'ਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ 'ਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਮਾਰਚ ਮਹੀਨੇ 'ਚ ਹੋਵੇਗਾ ਅਤੇ ਇਸ 'ਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ 'ਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ ਜਿਸ 'ਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫ਼ਲਤਾ ਲਈ ਵਿਆਪਕ ਪੱਧਰ 'ਤੇ ਇਤਜ਼ਾਮ ਕੀਤੇ ਜਾਣਗੇ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪੰਜ ਪ੍ਰਮੁੱਖ ਸੈਕਟਰਾਂ 'ਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਖ਼ਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ 'ਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ 'ਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ।

PunjabKesari

ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ’ਤੇ ਅਧਾਰਿਤ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕੈਬਨਿਟ ਸਬ-ਕਮੇਟੀ ਸੰਮੇਲਨ ਦੇ ਰੋਜ਼ਮੱਰਾ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗੀ ਤਾਂ ਕਿ ਇਸ ਨੂੰ ਨਿਰਵਿਘਨ ਰੂਪ 'ਚ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਇਸ ਸੰਮੇਲਨ ਨੂੰ ਬਿਨਾਂ ਕਿਸੇ ਅੜਚਣ ਤੋਂ ਨੇਪਰੇ ਚਾੜ੍ਹਨ ਲਈ ਕੈਬਨਿਟ ਸਬ-ਕਮੇਟੀ ਨੂੰ ਸਹਿਯੋਗ ਕਰਨ ਲਈ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਦਾ ਗਠਨ ਕੀਤਾ ਹੈ।


Mandeep Singh

Content Editor

Related News