ਖੁੱਲ੍ਹੀ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਨੇਤਾਵਾਂ 'ਤੇ CM ਮਾਨ ਦਾ ਵੱਡਾ ਬਿਆਨ

Tuesday, Oct 17, 2023 - 04:54 PM (IST)

ਖੁੱਲ੍ਹੀ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਨੇਤਾਵਾਂ 'ਤੇ CM ਮਾਨ ਦਾ ਵੱਡਾ ਬਿਆਨ

ਸੰਗਰੂਰ : ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਜਾ ਰਹੀ ਖੁੱਲ੍ਹੀ ਬਹਿਸ ਤੋਂ ਭੱਜਣ ਵਾਲੇ ਵਿਰੋਧੀ ਧਿਰ ਦੇ ਆਗੂਆਂ 'ਤੇ ਮੁੱਖ ਮੰਤਰੀ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਬਹਿਸ ਵਿੱਚ ਆਪਣੇ ਮਾੜੇ ਗੁਨਾਹਾਂ ਦਾ ਪਰਦਾਫਾਸ਼ ਹੋਣ ਦੇ ਡਰੋਂ ਭੱਜਣ ਦਾ ਰਾਹ ਚੁਣਿਆ ਹੈ। ਇਨ੍ਹਾਂ ਆਗੂਆਂ ਨੇ ਵੱਖ-ਵੱਖ ਮੁੱਦਿਆਂ 'ਤੇ ਪੰਜਾਬ ਨਾਲ ਸਰਾਸਰ ਧੋਖਾ ਕੀਤਾ ਹੈ ਜਿਸ ਲਈ ਉਹ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਨੂੰ ਲੁੱਟਿਆ ਅਤੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਿਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਕਾਰਨ ਹੀ ਉਹ ਲੋਕਾਂ ਦਾ ਸਾਹਮਣਾ ਕਰਨ ਤੋਂ ਡਰਦੇ ਹਨ ਅਤੇ ਇਕ ਨਵੰਬਰ ਨੂੰ ਬਹਿਸ ਤੋਂ ਭੱਜਣ ਦਾ ਕੋਈ ਨਾ ਕੋਈ ਬਹਾਨਾ ਘੜ ਰਹੇ ਹਨ। ਦੱਸਣਯੋਗ ਹੈ ਕਿ ਸੁਨੀਲ ਜਾਖੜ ਤੋਂ ਬਾਅਦ ਅਕਾਲੀ ਦਲ ਨੇ ਇਸ ਬਹਿਸ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ ਰਾਜਾ ਵੜਿੰਗ ਨੇ ਵੀ ਬਹਿਸ ਵਿੱਚ ਜਾਣ ਤੋਂ ਪਹਿਲਾਂ ਕੁਝ ਸ਼ਰਤਾਂ ਰੱਖੀਆਂ ਸਨ। ਫ਼ਿਲਹਾਲ ਵੇਖਣਾ ਇਹ ਹੋਵੇਗਾ ਕਿ 1 ਨਵੰਬਰ ਨੂੰ ਇਸ ਬਹਿਸ ਵਿੱਚ ਵਿਰੋਧੀ ਧਿਰਾਂ ਵਿੱਚੋਂ ਕੌਣ-ਕੌਣ ਸ਼ਾਮਲ ਹੁੰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਦਿੱਤਾ ਵੱਡਾ ਤੋਹਫ਼ਾ, ਨੋਟੀਫਿਕੇਸ਼ਨ ਜਾਰੀ

ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਆਗਾਮੀ ਇਜਲਾਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹ ਇਜਲਾਸ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼ ਹੈ। ਉਨ੍ਹਾਂ ਕਿਹਾ ਕਿ 20 ਤੇ 21 ਅਕਤੂਬਰ ਨੂੰ ਹੋਣ ਵਾਲਾ ਇਜਲਾਸ ਕਾਨੂੰਨੀ ਮਾਹਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅਤੇ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਹੀ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੋ ਦਿਨਾਂ ਇਜਲਾਸ ਦੌਰਾਨ ਕਈ ਲੋਕ ਪੱਖੀ ਬਿੱਲ ਪੇਸ਼ ਕੀਤੇ ਜਾਣਗੇ ਜੋ ਸੂਬੇ ਲਈ ਬਹੁਤ ਮਹੱਤਵਪੂਰਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਜਮਹੂਰੀ ਢੰਗ ਨਾਲ ਚੁਣੀ ਹੋਈ ਸੰਸਥਾ ਹੈ ਜੋ ਸਿਰਫ਼ ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹੈ ਨਾ ਕਿ ਕਿਸੇ ਵਿਅਕਤੀ ਦੀ ਮਨਮਰਜ਼ੀ ਅਨੁਸਾਰ ਚੱਲਣੀ ਹੈ। 

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਕਈ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਦੂਜੇ ਪਾਸੇ ਸੂਬਾ ਸਰਕਾਰ ਨੇ ਪੰਜਾਬ ਵਿੱਚ ਚੱਲ ਰਹੇ ਲਗਭਗ 2500 ਭੱਠਿਆਂ ਵਿੱਚ ਬਾਲਣ ਵਜੋਂ 20 ਫ਼ੀਸਦੀ ਕੋਲੇ ਨੂੰ ਝੋਨੇ ਦੀ ਪਰਾਲੀ ਦੀਆਂ ਗੱਟੀਆਂ ਨਾਲ ਬਦਲਣ ਨੂੰ ਨੋਟੀਫਾਈ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 23,000 ਹੋਰ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਗਲੇ ਕੁਝ ਦਿਨਾਂ ਤੱਕ ਪਰਾਲੀ ਸਾੜਨ ਦੇ ਖ਼ਤਰੇ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਤਲਾਕ ਲੈਣ ਦੀ ਜ਼ਿੱਦ 'ਚ ਪਤੀ ਨਾਲ ਕੀਤੀ ਜੱਗੋਂ ਤੇੇਰ੍ਹਵੀਂ, ਸਹੇਲੀ ਨਾਲ ਮਿਲ ਟੱਪੀਆਂ ਸਾਰੀਆਂ ਹੱਦਾਂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਇਸ ਦੀ ਤੁਰੰਤ ਲਿਫਟਿੰਗ ਲਈ ਵੀ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਦਾਣਾ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹ ਕੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਤੋਂ ਇਲਾਵਾ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਭਰ ਦੇ ਹਸਪਤਾਲਾਂ ਅਤੇ ਸਿਹਤ ਸੰਭਾਲ ਕੇਂਦਰਾਂ ਦੀ ਵੱਡੀ ਪੱਧਰ 'ਤੇ ਕਾਇਆ ਕਲਪ ਕੀਤੀ ਜਾ ਰਹੀ ਹੈ |

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News