CM ਮਾਨ ਨੇ ਪੁਲਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼ ; ''ਜੇ ਕੋਈ ਵਾਰਦਾਤ ਹੋਈ ਤਾਂ...''
Wednesday, Feb 05, 2025 - 04:59 AM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਜਿਸ ਵੀ ਇਲਾਕੇ ਵਿਚ ਕੋਈ ਵੱਡੀ ਘਟਨਾ ਵਾਪਰਦੀ ਹੈ ਤਾਂ ਇਸ ਲਈ ਉਸ ਇਲਾਕੇ ਦੇ ਸਬੰਧਤ ਪੁਲਸ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਪੁਲਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਸ ਮੁਖੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ’ਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ’ਚੋਂ ਇਕ ਹੈ ਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਇਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ’ਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਲੋਕਾਂ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਸੂਬੇ ’ਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਪੁਲਸ ਸੁਧਾਰ ਲਾਗੂ ਕਰੇਗੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਸਰਕਾਰ ਨੇ ਪਹਿਲਾਂ ਹੀ ਸੂਬੇ ’ਚ ਪੁਲਸ ਦੇ ਆਧੁਨਿਕੀਕਰਨ ’ਤੇ ਜ਼ੋਰ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤੇ ਇਸ ਅਪਰਾਧ ’ਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪੁਲਸ ਅਧਿਕਾਰੀਆਂ ਨੂੰ ਖੁਫ਼ੀਆ ਇਤਲਾਹ ਇਕੱਠੀ ਕਰਨ ਤੇ ਆਮ ਆਦਮੀ ਨੂੰ ਇਨਸਾਫ਼ ਦਿਵਾਉਣ ’ਤੇ ਵੱਧ ਜ਼ੋਰ ਦੇਣਾ ਚਾਹੀਦਾ ਹੈ। ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ’ਚ ਬਦਲਣਾ ਚਾਹੀਦਾ ਹੈ ਤੇ ਇਸ ਮਕਸਦ ਲਈ ਪੰਚਾਇਤਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ- PSPCL ਦਾ ਵੱਡਾ ਅਧਿਕਾਰੀ ਹੋਇਆ ਗ੍ਰਿਫ਼ਤਾਰ, ਕਾਰਾ ਜਾਣ ਰਹਿ ਜਾਓਗੇ ਹੈਰਾਨ
ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਹੋਰ ਸਖ਼ਤੀ ਨਾਲ ਤੋੜਿਆ ਜਾਣਾ ਚਾਹੀਦਾ ਹੈ। ਨਸ਼ਿਆਂ ਦੇ ਖ਼ਤਰੇ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ ਤੇ ਇਸ ਘਿਨੌਣੇ ਅਪਰਾਧ ’ਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਨਸ਼ਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨਗੇ।
ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਵੱਡੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਸੰਗਠਿਤ ਅਪਰਾਧ ਦਾ ਸਫ਼ਾਇਆ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਤੇ ਅਜਿਹੇ ਲੋਕਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਛੋਟੇ-ਮੋਟੇ ਅਪਰਾਧਾਂ ਨੂੰ ਰੋਕਣ ਲਈ ਪੂਰਾ ਖਾਕਾ ਤਿਆਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ’ਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਇਥੋਂ ਤਕ ਕਿ ਪੁਲਸ ਤੰਤਰ ’ਚ ਫੈਲੇ ਭ੍ਰਿਸ਼ਟਾਚਾਰ ਨੂੰ ਵੀ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਪੁਲਸ ਫੋਰਸ ’ਚ ਮੌਜੂਦ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ’ਚ ਅਚਨਚੇਤ ਜਾਂਚ ਕਰਨ ਲਈ ਕਿਹਾ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ, ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ, ਗ੍ਰਹਿ ਸਕੱਤਰ ਗੁਰਕੀਰਤ ਇਕਬਾਲ ਸਿੰਘ ਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਿਆ ਵੱਡਾ ਐਨਕਾਊਂਟਰ !
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e