CM ਮਾਨ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ 'ਚ ਯੂਨਿਟ ਸਥਾਪਤ ਕਰਨ ਦਾ ਸੱਦਾ

Thursday, Sep 14, 2023 - 09:53 PM (IST)

CM ਮਾਨ ਵੱਲੋਂ ਉਦਯੋਗਪਤੀਆਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ 'ਚ ਯੂਨਿਟ ਸਥਾਪਤ ਕਰਨ ਦਾ ਸੱਦਾ

ਜਲੰਧਰ (ਰਮਨਦੀਪ ਸੋਢੀ) : ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਦੇ ਪੇਂਡੂ ਇਲਾਕਿਆਂ ਵਿੱਚ ਸਨਅਤੀ ਯੂਨਿਟ ਸਥਾਪਤ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਉਦਯੋਗਪਤੀਆਂ ਨੂੰ ਪ੍ਰਫੁੱਲਤ ਕਰਨਾ ਸਮੇਂ ਦੀ ਲੋੜ ਹੈ। ਇਸ ਕਦਮ ਨਾਲ ਦੋਹਰਾ ਉਦੇਸ਼ ਪੂਰਾ ਹੋਵੇਗਾ ਕਿਉਂਜੋ ਇਸ ਨਾਲ ਜਿੱਥੇ ਸਨਅਤੀ ਵਿਕਾਸ ਨੂੰ ਹੁਲਾਰਾ ਮਿਲੇਗਾ, ਉਥੇ ਹੀ ਪੇਂਡੂ ਖੇਤਰ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਹੋਣਗੇ। ਸੀਐੱਮ ਮਾਨ ਨੇ ਸਨਅਤਾਕਾਰਾਂ ਨੂੰ ਇਨ੍ਹਾਂ ਇਲਾਕਿਆਂ 'ਚ ਆਪਣੇ ਯੂਨਿਟ ਸਥਾਪਤ ਕਰਨ ਵਿੱਚ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਦਾਅਵਾ- ਪੰਜਾਬ ਸਨਅਤਕਾਰੀ ਦੇ ਖੇਤਰ 'ਚ ਛੇਤੀ ਹੀ ਚੀਨ ਨੂੰ ਦੇਵੇਗਾ ਪਛਾੜ

ਮੁੱਖ ਮੰਤਰੀ ਨੇ ਲੋਕਾਂ ਦੀ ਸੇਵਾ ਕਰਨ ਦੇ ਮਕਸਦ ਨਾਲ ਆਈ.ਆਰ.ਐੱਸ. ਦਾ ਵੱਕਾਰੀ ਅਹੁਦਾ ਤਿਆਗ ਦੇਣ ਲਈ ਅਰਵਿੰਦ ਕੇਜਰੀਵਾਲ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਨ੍ਹਾਂ ਹਮੇਸ਼ਾ ਹੀ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲੰਧਰ ਵਿਖੇ ਕਨਵੈਂਨਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ, ਜੋ ਏਅਰਪੋਰਟ ਅਤੇ ਰੇਲਵੇ ਸਟੇਸ਼ਨ ਦੀ ਨੇੜਲੀ ਥਾਂ 'ਤੇ ਸਥਾਪਤ ਕੀਤਾ ਜਾਵੇਗਾ ਤਾਂ ਕਿ ਸਨਅਤਕਾਰਾਂ ਨੂੰ ਸਹੂਲਤ ਮਿਲ ਸਕੇ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਹਰੇਕ ਯਤਨ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਐੱਮ.ਐੱਸ.ਐੱਮ.ਈ. ਸੈਕਟਰ ਵਿੱਚ ਪੰਜਾਬ ਨੇ ਦੇਸ਼ ਭਰ 'ਚੋਂ ਬਾਜ਼ੀ ਮਾਰੀ ਹੈ। ਪੰਜਾਬ ਵਿੱਚ 2.75 ਲੱਖ ਐੱਮ.ਐੱਸ.ਐੱਮ.ਈ. ਯੂਨਿਟਾਂ ਦੀ ਰਜਿਸਟ੍ਰੇਸ਼ਨ ਹੋਈ ਹੈ, ਜੋ ਮੁਲਕ ਵਿੱਚ ਹੁਣ ਤੱਕ ਸਭ ਤੋਂ ਵੱਧ ਹੈ। ਐੱਮ.ਐੱਸ.ਐੱਮ.ਈ. ਦੀ ਸੂਬੇ ਅਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡੀ ਭੂਮਿਕਾ ਹੈ।

ਇਹ ਵੀ ਪੜ੍ਹੋ : ਸਨਅਤਕਾਰਾਂ ਨੇ 'ਸਰਕਾਰ ਸਨਅਤਕਾਰ ਮਿਲਣੀ' ਲਈ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕਹੀਆਂ ਇਹ ਗੱਲਾਂ

ਵਿਰੋਧੀ ਧਿਰਾਂ 'ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਹੁੰਦਿਆਂ ਲੋਕਾਂ ਵਿੱਚ ਜਾਣ ਦੀ ਬਜਾਏ ਮਹਿਲਾਂ 'ਚ ਰਹਿਣ ਵਾਲੇ ਸਿਆਸਤਦਾਨਾਂ ਨੂੰ ਇਨ੍ਹਾਂ ਲੋਕਾਂ ਨੇ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟਾ ਦਿੱਤਾ ਹੈ। ਸੂਬੇ 'ਚ ਹੁਣ ਨਵੇਂ ਯੁੱਗ ਦਾ ਆਰੰਭ ਹੋਇਆ ਹੈ ਅਤੇ ਜਿਹੜੇ ਲੋਕ ਆਪਣੇ-ਆਪ ਨੂੰ ਅਜੇਤੂ ਸਮਝਦੇ ਸਨ, ਉਨ੍ਹਾਂ ਲੋਕਾਂ ਨੂੰ ਪੰਜਾਬ ਵਾਸੀਆਂ ਨੇ ਸੱਤਾ ਦੇ ਗਲਿਆਰਿਆਂ ਤੋਂ ਉਖਾੜ ਕੇ ਘਰ ਬਿਠਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਬਦਲਾਅ ਦੇਖਿਆ ਜਾਣ ਲੱਗਾ ਹੈ ਕਿਉਂਕਿ ਪਹਿਲੀ ਵਾਰ ਸ਼ਾਸਨ ਵਿੱਚ ਲੋਕ ਪੱਖੀ ਫ਼ੈਸਲਿਆਂ ਨੂੰ ਤਰਜੀਹ ਮਿਲਣ ਲੱਗੀ ਹੈ।

ਇਹ ਵੀ ਪੜ੍ਹੋ : ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕਾਰਵਾਈ ਜਾਰੀ, ਪੰਚ ਤੇ ਇਕ ਹੋਰ 'ਤੇ ਡਿੱਗੀ ਗਾਜ਼

ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬਾ ਸਰਕਾਰ ਦੇ ਕਾਰਜਕਾਲ ਦੇ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ਵਿੱਚ ਹੋਏ ਉਦਯੋਗਿਕ ਵਿਕਾਸ ਬਾਰੇ ਸੰਖੇਪ ਪੇਸ਼ਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਤ ਬਲਬੀਰ ਸਿੰਘ ਸੀਚੇਵਾਲ, ਵਿਕਰਮਜੀਤ ਸਾਹਨੀ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News