ਜਥੇਦਾਰ ਹਰਪ੍ਰੀਤ ਸਿੰਘ ਦੇ ਹਥਿਆਰਾਂ ਵਾਲੇ ਬਿਆਨ ’ਤੇ CM ਮਾਨ ਦੀ ਪ੍ਰਤੀਕਿਰਿਆ ਆਈ ਸਾਹਮਣੇ

05/23/2022 7:48:48 PM

ਚੰਡੀਗੜ੍ਹ (ਬਿਊਰੋ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਨੂੰ ਲਾਇਸੈਂਸੀ ਹਥਿਆਰ ਰੱਖਣ ਦੇ ਦਿੱਤੇ ਬਿਆਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਤੁਹਾਡਾ ਹਥਿਆਰਾਂ ਵਾਲਾ ਬਿਆਨ ਸੁਣਿਆ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ। ਮਾਨ ਨੇ ਕਿਹਾ ਕਿ ਜਥੇਦਾਰ ਸਾਹਿਬ ਆਪਾਂ ਪੰਜਾਬ ’ਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਹਨ, ਨਾ ਕਿ ਮਾਡਰਨ ਹਥਿਆਰਾਂ ਦੇ।

ਇਹ ਵੀ ਪੜ੍ਹੋ : ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ

ਜ਼ਿਕਰਯੋਗ ਹੈ ਕਿ ਅੱਜ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਜਾਰੀ ਕੀਤਾ। ਜਥੇਦਾਰ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ। ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਅੱਜ ਦੇ ਸਮੇਂ ’ਚ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਜਥੇਦਾਰ ਨੇ ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ।

ਇਹ ਵੀ ਪੜ੍ਹੋ : CM ਮਾਨ ਨੇ ਰਿਤਿਕ ਦੀ ਮੌਤ ’ਤੇ ਪ੍ਰਗਟਾਇਆ ਦੁੱਖ, ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ

Manoj

This news is Content Editor Manoj