ਗੁਜਰਾਤ ਚੋਣਾਂ : ਰੋਡ ਸ਼ੋਅ ਦੌਰਾਨ CM ਮਾਨ ਦੀ ਲਲਕਾਰ, ‘ਪਹਿਲਾਂ ਗੋਰਿਆਂ ਨਾਲ ਲੜੇ, ਹੁਣ ਚੋਰਾਂ ਨਾਲ ਲੜਾਂਗੇ’

11/22/2022 11:02:05 PM

ਡਾਂਗ (ਗੁਜਰਾਤ)/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਇਤਿਹਾਸਕ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ 'ਆਪ' ਗੁਜਰਾਤ 'ਚ ਭਾਜਪਾ ਦੇ 27 ਸਾਲਾਂ ਦੇ ਜ਼ਾਲਮ ਸ਼ਾਸਨ ਨੂੰ ਖ਼ਤਮ ਕਰਕੇ ਸੂਬੇ 'ਚ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ। ਡਾਂਗ ਵਿੱਚ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਏਗੀ। ਸੱਤਾ 'ਚ ਆਉਣ ਤੋਂ ਬਾਅਦ ਸਾਰੇ ਭ੍ਰਿਸ਼ਟ ਨੇਤਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਲੋਕਾਂ ਦਾ ਲੁੱਟਿਆ ਪੈਸਾ ਵਾਪਿਸ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸਮਾਜ ਵਿਰੋਧੀ ਅਨਸਰਾਂ ’ਤੇ ਨਕੇਲ ਕੱਸਣ ਲਈ ਪੰਜਾਬ ਪੁਲਸ ਚੁੱਕਣ ਜਾ ਰਹੀ ਇਹ ਕਦਮ, ਪੜ੍ਹੋ ਪੂਰੀ ਖ਼ਬਰ

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਆਗੂਆਂ ਨੇ ਦੇਸ਼ ਦਾ ਪੈਸਾ ਅੰਗਰੇਜ਼ਾਂ ਨਾਲੋਂ ਵੀ ਵੱਧ ਬੇਰਹਿਮੀ ਨਾਲ ਲੁੱਟਿਆ ਹੈ। ਉਸਨੇ ਇੱਕ ਨਾਅਰਾ ਵੀ ਦਿੱਤਾ, "ਪਹਿਲਾਂ ਲੜੇ ਸੀ ਗੋਰਿਆਂ ਨਾਲ, ਹੁਣ ਲੜਾਂਗੇ ਚੋਰਾਂ ਨਾਲ"। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਇੱਕ ਵਾਰ ਸਰਕਾਰ ਬਣਾਉਣ ਦਾ ਮੌਕਾ ਦਿਓ। ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਭ੍ਰਿਸ਼ਟ ਅਤੇ ਜ਼ਾਲਮ ਭਾਜਪਾ ਆਗੂਆਂ ਨੂੰ ਸੱਤਾ ਤੋਂ ਲਾਂਭੇ ਕਰਕੇ ਸੂਬੇ ਦੀ ਸਿਆਸਤ ਵਿੱਚ ਬਦਲਾਅ ਲਿਆਂਦਾ ਜਾਵੇ। ਇਨ੍ਹਾਂ ਲੋਕਾਂ ਨੇ ਆਪਣੀਆਂ ਗਲਤ ਨੀਤੀਆਂ ਨਾਲ ਸੂਬੇ ਦੀ ਆਰਥਿਕਤਾ ਨੂੰ ਬਰਬਾਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ: ਲੁਧਿਆਣਾ ਟੈਂਡਰ ਘੁਟਾਲੇ 'ਚ ਦੋ ਡੀ.ਐੱਫ.ਐੱਸ.ਸੀ ਗ੍ਰਿਫ਼ਤਾਰ

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਨੂੰ ਮੁੜ ਵਿਕਾਸ ਦੀ ਪਟੜੀ 'ਤੇ ਲਿਆਵੇਗੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਵਾਂਗ ਉੱਚੀ ਰਾਜਨੀਤੀ ਨਹੀਂ ਕਰਦੀ। ਅਸੀਂ ਜਾਤ-ਪਾਤ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਹਾਂ। 'ਆਪ' ਆਮ ਲੋਕਾਂ ਦੀ ਪਾਰਟੀ ਹੈ। ਆਮ ਆਦਮੀ ਪਾਰਟੀ ਵੱਲੋਂ ਸਿਰਫ਼ ਸਾਧਾਰਨ ਪਿਛੋਕੜ ਵਾਲੇ ਪੁੱਤਰ-ਧੀਆਂ ਹੀ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਜਾਣਗੇ।


Mandeep Singh

Content Editor

Related News