ਕੇਜਰੀਵਾਲ ਨਾਲ ਮੀਟਿੰਗ ਮਗਰੋਂ CM ਮਾਨ ਦਾ ਟਵੀਟ, ਕਿਹਾ-ਪੰਜਾਬ ਦੇ ਲੋਕਾਂ ਨੂੰ ਜਲਦ ਦੇਵਾਂਗਾ ਚੰਗੀ ਖ਼ਬਰ
Tuesday, Apr 12, 2022 - 08:04 PM (IST)
ਚੰਡੀਗੜ੍ਹ (ਵੈੱਬ ਡੈਸਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ’ਤੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਨੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਸਾਡੇ ਲੀਡਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬਹੁਤ ਵਧੀਆ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇਕ ਚੰਗੀ ਖ਼ਬਰ ਦੇਵਾਂਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਪਤੀ ਰਾਮਨਾਥ ਕੋਵਿੰਦ ਤੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਅਬੋਹਰ ਵਿਖੇ ਹਾਦਸੇ ’ਚ ਇਕਲੌਤੇ ਪੁੱਤਰ ਦੀ ਮੌਤ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦ ਲਈ ਹੈ, ਜਿਸ ’ਚ ਸੂਬੇ ਨਾਲ ਸਬੰਧਿਤ ਵਿਸ਼ਿਆਂ ’ਤੇ ਗੱਲਬਾਤ ਕੀਤੀ ਜਾਵੇਗੀ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ‘ਆਪ’ ਸੁਪਰੀਮੋ ਕੇਜਰੀਵਾਲ ਨਾਲ ਮੁਲਾਕਾਤ ਮਗਰੋਂ ਭਲਕੇ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਵੀ 300 ਯੂਨਿਟ ਮੁਫ਼ਤ ਬਿਜਲੀ ਦੀ ਗਾਰੰਟੀ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ ਅਤੇ ਉਪਰੰਤ ਇਸ ਸਬੰਧੀ ਮੁੱਖ ਮੰਤਰੀ ਮਾਨ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦੇ ਸਕਦੇ ਹਨ।
ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ
ਉਧਰ ਬੀਤੇ ਦਿਨ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਉੱਚ ਅਧਿਕਾਰੀਆਂ ਨੇ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੇ ਸਵਾਲ ਚੁੱਕੇ ਹਨ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਪੰਜਾਬ ਨੂੰ ਘੇਰਦਿਆਂ ਪੁੱਛਿਆ ਹੈ ਕਿ ਭਗਵੰਤ ਮਾਨ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਗ਼ੈਰ-ਹਾਜ਼ਰੀ ਵਿੱਚ ਇਹ ਮੀਟਿੰਗ ਕਿਹੜੇ ਮਸਲਿਆਂ 'ਤੇ ਹੋਈ ਸੀ। ਦੱਸਣਯੋਗ ਹੈ ਕਿ ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਤੋਂ ਇਲਾਵਾ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਵੀ ਮੌਜੂਦ ਸਨ। ਇਸ ਬੈਠਕ 'ਚ ਸ਼ਾਮਲ ਹੋਏ ਪੰਜਾਬ ਦੇ ਉੱਚ ਅਧਿਕਾਰੀਆਂ ਵਿੱਚ ਪੀ.ਐੱਸ.ਪੀ.ਸੀ.ਐੱਲ ਦੇ ਚੇਅਰਮੈਨ ਬਲਦੇਵ ਸਿੰਘ ਵੀ ਮੌਜੂਦ ਸਨ। ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ 'ਆਪ' ਮੁਫ਼ਤ ਬਿਜਲੀ ਦੇ ਮਿਸ਼ਨ ਨੂੰ ਲੈ ਕੇ ਤਿਆਰੀ ਖਿੱਚ ਰਹੀ ਹੈ ਅਤੇ ਜਲਦ ਹੀ ਇਸਦਾ ਐਲਾਨ ਹੋ ਸਕਦਾ ਹੈ।