ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ
Friday, Feb 10, 2023 - 11:30 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਇਨਸਾਫ਼ ਮੋਰਚੇ ਵੱਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਮਗਰੋਂ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੰਗਤ ਦਾ ਧੰਨਵਾਦ ਕਰਦਾਂ ਹਾਂ ਕਿ ਮੇਰੀ ਅਪੀਲ ’ਤੇ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਬਹਿਬਲ ਅਤੇ ਕੋਟਕਪੂਰਾ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹਾਂ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਟਾਰਗੈੱਟ ਕਿਲਿੰਗ ਕਰਨ ਵਾਲੇ 2 ਸ਼ੂਟਰ ਗ੍ਰਿਫ਼ਤਾਰ, ਵਿਦੇਸ਼ ਤੱਕ ਜੁੜੇ ਨੇ ਤਾਰ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਹਿਬਲ ਕਲਾਂ ਵਿਖੇ ਇਨਸਾਫ਼ ਮੋਰਚੇ ਵੱਲੋਂ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਲਈ ਮੋਰਚੇ ਨੂੰ ਖ਼ਾਸ ਅਪੀਲ ਕੀਤੀ ਸੀ। ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਲਿਖਿਆ ਸੀ ਕਿ ਪੰਜਾਬ ਸਰਕਾਰ ਕੋਟਕਪੂਰਾ ਅਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ’ਚ ਇਨਸਾਫ਼ ਦਿਵਾਉਣ ਲਈ ਪੂਰੀ ਵਚਨਬੱਧ ਹੈ। ਇਸ ਲਈ ਮੈਂ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇ ਦਾ ਜਾਮ ਖੋਲ੍ਹ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ। ਮਾਨ ਨੇ ਅੱਗੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਜਲਦੀ ਨਿਆਂ ਦੇਣਾ ਸਰਕਾਰ ਦਾ ਫਰਜ਼ ਅਤੇ ਜ਼ਿੰਮੇਵਾਰੀ ਹੈ।
ਦੱਸ ਦੇਈਏ ਕਿ ਬੀਤੀ 5 ਫਰਵਰੀ ਨੂੰ ਬੇਅਦਬੀ ਮਾਮਲੇ 'ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਬਹਿਬਲ ਕਲਾਂ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਵੱਲੋਂ ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ ਹੋ ਗਿਆ ਸੀ। ਜਿਸ ਦੇ ਚੱਲਦਿਆਂ ਮੋਰਚੇ ਨੇ ਸੰਘਰਸ਼ ਤੇਜ਼ ਕਰਦਿਆਂ ਨੈਸ਼ਨਲ ਹਾਈਵੇ 54 ਬਠਿੰਡਾ-ਅੰਮ੍ਰਿਤਸਰ ਰੋਡ ਨੂੰ ਅਣਮਿੱਥੇ ਸਮੇਂ ਲਈ ਦੋਹਾਂ ਪਾਸਿਓਂ ਬੰਦ ਕਰ ਦਿੱਤੀ ਸੀ। ਅੱਜ ਨੈਸ਼ਨਲ ਹਾਈਵੇ ਨੂੰ ਜਾਮ ਕੀਤੇ 5 ਦਿਨ ਦਾ ਸਮਾਂ ਬੀਤ ਚੁੱਕਿਆ ਹੈ। ਹਾਲਾਂਕਿ ਪੁਲਸ ਵੱਲੋਂ ਰਾਹਗੀਰਾਂ ਦੀ ਪੂਰੀ ਮਦਦ ਕੀਤੀ ਜਾ ਰਹੇ ਹੈ ਤਾਂ ਜੋ ਕਿਸੇ ਨੂੰ ਕੋਈ ਪਰੇਸ਼ਾਨੀ ਨਾ ਆਵੇ ਪਰ ਫਿਰ ਵੀ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।