ਸੂਬੇ ਦੀ ਲੜਖੜਾਈ ਕਾਨੂੰਨ-ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ CM ਮਾਨ : ਮਜੀਠੀਆ

Thursday, Feb 19, 2026 - 08:37 PM (IST)

ਸੂਬੇ ਦੀ ਲੜਖੜਾਈ ਕਾਨੂੰਨ-ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ CM ਮਾਨ : ਮਜੀਠੀਆ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਦੇ ਕਤਲ ਮਾਮਲੇ ਵਿੱਚ ਜ਼ਖ਼ਮੀ ਹੋਏ ਨੌਜਵਾਨ ਜਰਮਨ ਸਿੰਘ ਦਾ ਹਾਲ-ਚਾਲ ਜਾਣਿਆ ਅਤੇ ਪਰਿਵਾਰ ਨਾਲ ਗੱਲਬਾਤ ਕੀਤੀ।

ਪੀੜਤ ਨਾਲ ਮੁਲਾਕਾਤ ਤੋਂ ਬਾਅਦ ਮਜੀਠੀਆ ਨੇ ਟਵੀਟ ਕਰਕੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਮਜੀਠੀਆ ਨੇ ਆਪਣੇ ਟਵੀਟ 'ਚ ਲਿਖਿਆ ਕਿ ਬੀਤੇ ਦਿਨ ਇੱਕ ਵਿਆਹ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਰਪੰਚ ਹਰਪਿੰਦਰ ਸਿੰਘ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ ਸੀ। ਇਸ ਵਾਰਦਾਤ ਦੇ ਚਸ਼ਮਦੀਦ ਅਤੇ ਜ਼ਖ਼ਮੀ ਜਰਮਨ ਸਿੰਘ ਅਨੁਸਾਰ, ਹਮਲਾਵਰਾਂ ਨੇ ਇਸ ਕਤਲ ਨੂੰ ਅੰਜਾਮ ਦੇਣ ਲਈ AK-47 ਵਰਗੇ ਘਾਤਕ ਹਥਿਆਰ ਦੀ ਵਰਤੋਂ ਕੀਤੀ ਸੀ।

ਮਜੀਠੀਆ ਨੇ ਸੂਬੇ ਦੀ ਕਾਨੂੰਨ-ਵਿਵਸਥਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਗੈਂਗਸਟਰਾਂ ਵੱਲੋਂ ਬੇਖੌਫ਼ ਹੋ ਕੇ ਕੀਤੀਆਂ ਜਾ ਰਹੀਆਂ ਅਜਿਹੀਆਂ ਵਾਰਦਾਤਾਂ ਸਰਕਾਰ ਦੇ "ਆਪਰੇਸ਼ਨ ਪ੍ਰਹਾਰ" ਅਤੇ "ਗੈਂਗਸਟਰਾਂ 'ਤੇ ਵਾਰ" ਵਰਗੇ ਦਾਅਵਿਆਂ ਦੀ ਪੋਲ ਖੋਲ੍ਹਦੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਲੜਖੜਾ ਚੁੱਕੀ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇੱਕ ਸਥਾਈ DGP ਦੀ ਲੋੜ ਹੈ ਜੋ ਸਖ਼ਤ ਫ਼ੈਸਲੇ ਲੈ ਕੇ ਸਥਿਤੀ ਨੂੰ ਦਰੁੱਸਤ ਕਰ ਸਕੇ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਮਨ-ਕਾਨੂੰਨ ਦੀ ਮਾੜੀ ਹਾਲਤ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਮੰਗ ਕੀਤੀ ਕਿ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ।


author

Rakesh

Content Editor

Related News