ਗੋਲਡੀ ਬਰਾੜ ਨੂੰ ਹਿਰਾਸਤ ’ਚ ਲੈਣ ਦੇ ਦਾਅਵੇ ਖੋਖਲੇ ਸਾਬਤ ਹੋਣ ਮਗਰੋਂ CM ਮਾਨ ਚੁੱਪ ਕਿਉਂ : ਅਕਾਲੀ ਦਲ
Monday, Dec 05, 2022 - 08:56 PM (IST)
ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਨੂੰ ਆਖਿਆ ਕਿ ਉਨ੍ਹਾਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿਚ ਲੈਣ ਦੇ ਦਾਅਵਿਆਂ ਦੀ ਫੂਕ ਨਿਕਲਣ ਮਗਰੋਂ ਉਨ੍ਹਾਂ ਚੁੱਪੀ ਕਿਉਂ ਧਾਰ ਲਈ ਹੈ, ਜਦਕਿ ਗੋਲਡੀ ਬਰਾੜ ਦੇ ਟੀ. ਵੀ. ਇੰਟਰਵਿਊ ਜਨਤਕ ਹਨ, ਜਿਨ੍ਹਾਂ ’ਚ ਉਹ ਉਨ੍ਹਾਂ ਦੇ ਦਾਅਵੇ ਨੂੰ ਨਕਾਰ ਰਿਹਾ ਹੈ। ਅੱਜ ਸ਼ਾਮ ਇਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੋਲਡੀ ਬਰਾੜ ਨੂੰ ਅਮਰੀਕੀ ਏਜੰਸੀਆਂ ਵੱਲੋਂ ਅਮਰੀਕਾ ’ਚ ਹਿਰਾਸਤ ਵਿਚ ਲੈਣ ਦਾ ਦਾਅਵਾ ਕੀਤੇ ਨੂੰ 3 ਦਿਨ ਬੀਤ ਚੁੱਕੇ ਹਨ ਤੇ ਜਾਪਦਾ ਹੈ ਕਿ ਉਨ੍ਹਾਂ ਸਿਰਫ ‘ਆਪ’ ਲਈ ਵੋਟਾਂ ਲੈਣ ਵਾਸਤੇ ਇਹ ਬਿਆਨਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਹੁਣ ਤੱਕ ਨਾ ਤਾਂ ਭਾਰਤੀ ਵਿਦੇਸ਼ ਮੰਤਰਾਲੇ ਜਾਂ ਗ੍ਰਹਿ ਮੰਤਰਾਲੇ ਜਾਂ ਪੰਜਾਬ ਦੇ ਡੀ. ਜੀ. ਪੀ. ਨੇ ਪੰਜਾਬ ਦੇ ਮੁੱਖ ਮੰਤਰੀ ਦੇ ਗੋਲਡੀ ਬਰਾੜ ਬਾਰੇ ਦਾਅਵੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਏਜੰਸੀਆਂ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵਿਆਂ ਬਾਰੇ ਇਕ ਸ਼ਬਦ ਨਹੀਂ ਕਿਹਾ।
ਇਹ ਖ਼ਬਰ ਵੀ ਪੜ੍ਹੋ : ਨਕਲੀ ਸ਼ਰਾਬ ਸਬੰਧੀ ਸੁਪਰੀਮ ਕੋਰਟ ਦੀ ਪੰਜਾਬ ਸਰਕਾਰ ਨੂੰ ਝਾੜ, ਕੈਨੇਡਾ ਤੋਂ ਮੁੜ ਆਈ ਦੁੱਖਭਰੀ ਖ਼ਬਰ, ਪੜ੍ਹੋ Top 10
‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਪਿਛਲੀਆਂ ਸਰਕਾਰਾਂ ਵੱਲੋਂ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਦੇ ਕੀਤੇ ਦਾਅਵੇ ਦੀ ਨਿਖੇਧੀ ਕਰਦਿਆਂ ਐਡਵੋਕੇਟ ਕਲੇਰ ਨੇ ‘ਆਪ’ ਆਗੂ ਨੂੰ ਚੇਤੇ ਕਰਵਾਇਆ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਗੈਂਗ ਨੇ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੈਠ ਕੇ ਕਰਵਾਇਆ ਹੈ ਤੇ ਇਹ ਜੇਲ੍ਹ ਸਿੱਧਾ ਹੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਕੰਟਰੋਲ ਅਧੀਨ ਹੈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਵਿਚ ‘ਆਪ’ ਸਰਕਾਰ ਕਾਨੂੰਨ ਵਿਵਸਥਾ ਸੰਭਾਲਣ ’ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਹੁਣ ਇਹ ਆਪਣੀ ਅਸਫ਼ਲਤਾ ਦਾ ਭਾਂਡਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀ ਹੈ।
‘ਆਪ’ ਆਗੂ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਕੀਤੇ ਦਾਅਵਿਆਂ ਦਾ ਮਖੌਲ ਉਡਾਉਂਦਿਆਂ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ‘ਆਪ’ ਦੇ ਆਗੂ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ’ਚ ਅਦਾਲਤ ਵਿਚ ਲਿਖਤੀ ਮੁਆਫ਼ੀ ਮਜੀਠੀਆ ਤੋਂ ਮੰਗੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਉਹ ‘ਆਪ’ ਵਿਚ ਕੇਜਰੀਵਾਲ ਤੋਂ ਵੀ ਉਪਰ ਹਨ। ‘ਆਪ’ ਦੇ ਬੁਲਾਰੇ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਨੂੰ ਦਿੱਤੀ ਜ਼ਮਾਨਤ ਬਾਰੇ ਕੀਤੀਆਂ ਟਿੱਪਣੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਐਡਵੋਕੇਟ ਕਲੇਰ ਨੇ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਅਦਾਲਤ ਦੀ ਸਿੱਧੇ ਤੌਰ ’ਤੇ ਮਾਣਹਾਨੀ ਹਨ ਤੇ ਉਹ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਸਾਰੇ ਬਦਲ ਵਿਚਾਰਨਗੇ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅੱਜ ਨਸ਼ਾ ਪੰਜਾਬ ਦੇ ਹਰ ਕੋਨੇ ਵਿਚ ਉਪਲੱਬਧ ਹੈ ਤੇ ਲੋਕਾਂ ਨੇ ਪਿਛਲੇ 8 ਮਹੀਨਿਆਂ ’ਚ ਕਈ ਵਾਰ ‘ਆਪ’ ਸਰਕਾਰ ਦੇ ਮੰਤਰੀਆਂ ਨੂੰ ਇਹ ਵਿਖਾਇਆ ਵੀ ਹੈ। ਉਨ੍ਹਾਂ ਕਿਹਾ ਕਿ ਬਜਾਏ ਆਪਣੀਆਂ ਗਲਤੀਆਂ ਮੰਨਣ ਤੇ ਦਰੁੱਸਤੀ ਵਾਲੇ ਕਦਮ ਚੁੱਕਣ ਦੇ ਆਮ ਆਦਮੀ ਪਾਰਟੀ ਸਰਕਾਰ ਇਸ ਦਾ ਭਾਂਡਾ ਪਿਛਲੀਆਂ ਸਰਕਾਰਾਂ ਸਿਰ ਭੰਨਣਾ ਚਾਹੁੰਦੀ ਹੈ, ਜੋ ਬਹੁਤ ਸ਼ਰਮਨਾਕ ਗੱਲ ਹੈ।
ਇਹ ਖ਼ਬਰ ਵੀ ਪੜ੍ਹੋ : ਕੋਆਪ੍ਰੇਟਿਵ ਸੋਸਾਇਟੀ ਦੇ ਪ੍ਰਧਾਨ ਦੀ ਭੇਤਭਰੀ ਹਾਲਤ ’ਚ ਮੌਤ