CM ਮਾਨ ਨੇ ਹਸਪਤਾਲ ਤੋਂ ਗਾਇਕ ਮਨਕੀਰਤ ਔਲਖ ਤੇ ਉਦਯੋਗਪਤੀ ਪ੍ਰਿਤਪਾਲ ਸਿੰਘ ਨਾਲ ਕੀਤਾ ਧੰਨਵਾਦ
Wednesday, Sep 10, 2025 - 10:02 PM (IST)

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਉੱਘੇ ਉਦਯੋਗਪਤੀ ਪ੍ਰਿਤਪਾਲ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ, ਜੋ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ ਹਨ, ਨੇ ਸਮਾਜ ਸੇਵੀ ਲੋਕਾਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਨੇਕ ਕਾਰਜ ਲਈ ਕੋਈ ਕਸਰ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੋਵਾਂ ਸਮਾਜ ਸੇਵੀਆਂ ਵੱਲੋਂ ਕੀਤਾ ਗਿਆ ਮਿਸਾਲੀ ਕੰਮ ਸੱਚਮੁੱਚ ਸ਼ਲਾਘਾਯੋਗ ਹੈ ਕਿਉਂਕਿ ਦੋਵੇਂ ਹੀ ਮਿਸ਼ਨਰੀ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਸੇਵਾ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਲੋਕ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਫਰਾਖਦਿਲੀ ਨਾਲ 'ਮੁੱਖ ਮੰਤਰੀ ਰਾਹਤ ਫੰਡ' ਵਿੱਚ ਯੋਗਦਾਨ ਪਾ ਰਹੇ ਹਨ। ਇਸ ਔਖੀ ਘੜੀ ਵਿੱਚ ਦੁਖੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਹੈ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਮਦਦ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਉਪਰਾਲੇ ਕੁਦਰਤੀ ਕਹਿਰ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਵਿੱਚ ਬਹੁਤ ਸਹਾਈ ਸਾਬਤ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਾਨੀ ਸੱਜਣਾਂ ਵੱਲੋਂ ਦਿਖਾਈ ਗਈ ਦਰਿਆਦਿਲੀ ਯਕੀਨੀ ਤੌਰ 'ਤੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਰਾਹਤ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਵੱਡਾ ਨੁਕਸਾਨ ਹੋਇਆ ਹੈ ਅਤੇ ਸੂਬਾ ਸਰਕਾਰ ਨੇ ਲੋਕਾਂ ਨੂੰ ਹੋਏ ਭਾਰੀ ਨੁਕਸਾਨ ਦੀ ਭਰਪਾਈ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।