CM ਮਾਨ ਦਾ ਐਲਾਨ, ਹਰ ਸਾਲ ਹੋਣਗੀਆਂ ਖੇਡਾਂ ਵਤਨ ਪੰਜਾਬ ਦੀਆਂ ; ਇਸ ਵਾਰ ਦੇ ਜੇਤੂਆਂ ਨੂੰ ਦਿੱਤੇ 6.85 ਕਰੋੜ ਰੁਪਏ

Friday, Nov 18, 2022 - 02:22 AM (IST)

ਲੁਧਿਆਣਾ :  ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤਕ ਚੱਲਿਆ ਖੇਡ ਮੇਲਾ 'ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ।

ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ 'ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ 'ਤੇ ਭੇਜਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿਚ ਖੇਡ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ। ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।

PunjabKesari

ਤਕਰੀਬਨ 3 ਮਹੀਨਿਆਂ ਤਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿਚ ਵੱਖ-ਵੱਖ 6 ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਲਾਮਿਸਾਲ ਪ੍ਰਾਪਤੀਆਂ ਵਾਲੇ ਖਿਡਾਰੀਆਂ ਦੀ ਭਰਤੀ ਨੂੰ ਪਹਿਲ ਦੇਵੇਗੀ।

ਖੇਡਾਂ ਵਿਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਜਿੱਤ ’ਤੇ ਘੁਮੰਡ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।  ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਨੌਜਵਾਨਾਂ ਨੇ ਖੇਡਾਂ ਵਿੱਚ ਭਾਰੀ ਉਤਸ਼ਾਹ ਨਾਲ ਭਾਗ ਲਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਕੁਝ ਥਾਈਂ ਇਕ ਪਰਿਵਾਰ ਦੀਆਂ ਤਿੰਨ-ਤਿੰਨ ਪੀੜ੍ਹੀਆਂ ਨੇ ਵੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਖੇਡ ਪ੍ਰੇਮੀ ਹਨ, ਜਿਸ ਕਾਰਨ ਉਹ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਤੋਂ ਵਾਪਸ ਆਉਂਦੇ ਹੀ ਪੰਜਾਬ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਹਰ ਖੇਡ ਵਿੱਚ ਪਹਿਲੇ ਤਿੰਨ ਨੰਬਰ ਪੰਜਾਬੀ ਖਿਡਾਰੀਆਂ ਦੇ ਹਿੱਸੇ ਆਉਣਗੇ।

PunjabKesari

ਇਸ ਤੋਂ ਪਹਿਲਾਂ ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਵਿਕਾਸ ਠਾਕੁਰ ਨੇ ਮੁੱਖ ਮੰਤਰੀ ਨੂੰ ਖੇਡਾਂ ਦਾ ਝੰਡਾ ਸੌਂਪਿਆ। ਭਗਵੰਤ ਮਾਨ ਨੇ ਹਰੇਕ ਸਾਲ ਖੇਡਾਂ ਕਰਵਾਉਣ ਲਈ ਖੇਡ ਵਿਭਾਗ ਨੂੰ ਝੰਡੀ ਦਿੱਤੀ। ਇਸ ਦੌਰਾਨ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਉੱਘੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਅਤੇ ਅਰਮਾਨ ਢਿੱਲੋਂ ਨੇ ਆਪਣੇ ਗੀਤਾਂ ਨਾਲ ਸਰੋਤਿਆਂ ਦਾ ਖੂਬ ਮਨੋਰੰਜਨ ਕੀਤਾ। ਇਸ ਮੌਕੇ 'ਤੇ ਸ਼ਾਨਦਾਰ ਰਵਾਇਤੀ ਨਾਚ 'ਗਿੱਧਾ' ਅਤੇ 'ਭੰਗੜਾ' ਦੇ ਨਾਲ ਖੇਡਾਂ ਬਾਰੇ ਇੱਕ ਪ੍ਰਭਾਵਸ਼ਾਲੀ ਵੀਡੀਓ ਨੇ ਦਰਸ਼ਕਾਂ ਦਾ ਮਨ ਟੁੰਬ ਲਿਆ ਅਤੇ ਉਨ੍ਹਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਹਾਜ਼ਰ ਲੋਕਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਮੌਕੇ ਖੜ੍ਹੇ ਹੋ ਕੇ ਤਾੜੀਆਂ ਵੀ ਮਾਰੀਆਂ।

ਮੁੜ ਸ਼ੁਰੂ ਕੀਤਾ ਗਿਆ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸ਼ੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ।  ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਹ ਐਵਾਰਡ ਕਰੀਬ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਅਹਿਦ ਲਿਆ। 

ਪੰਜਾਬ ਨੂੰ ਕੌਮਾਂਤਰੀ ਪੱਧੜ 'ਤੇ ਵਪਾਰ ਲਈ ਉਭਾਰੇਗਾ ਜੀ-20 ਸੰਮੇਲਨ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਰਚ-2023 ਵਿਚ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਹੋਣ ਵਾਲਾ ਜੀ-20 ਸਿਖਰ ਸੰਮੇਲਨ ਪੰਜਾਬ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਸਰਕਾਰ ਨੂੰ ਨਵੇਂ ਕਾਰੋਬਾਰ ਸਥਾਪਤ ਕਰਨ ਲਈ ਆਪਣੀਆਂ ਪ੍ਰਾਪਤੀਆਂ ਅਤੇ ਸਹੂਲਤਾਂ ਦਰਸਾਉਣ ਲਈ ਮੰਚ ਵੀ ਪ੍ਰਦਾਨ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਦੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ। ਸੂਬੇ ਦੀ ਖੁਸ਼ਕਿਸਮਤੀ ਹੈ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਸਮੇਤ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਚਰਚਾ ਕਰਨਗੇ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News