CM ਮਾਨ ਨੇ ਮਣੀਪੁਰ ’ਚ ਫਸੇ ਪੰਜਾਬੀਆਂ ਲਈ ਚੁੱਕਿਆ ਇਹ ਅਹਿਮ ਕਦਮ
Tuesday, May 09, 2023 - 09:54 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਇਕ ਨੌਜਵਾਨ ਨੂੰ ਦੇਸ਼ ਦੇ ਉੱਤਰ ਪੂਰਬੀ ਹਿੱਸੇ ਵਿਚ ਹਿੰਸਾ ਦੀ ਲਪੇਟ ’ਚ ਆਏ ਸੂਬੇ ਮਣੀਪੁਰ ’ਚੋਂ ਸੁਰੱਖਿਅਤ ਕੱਢਿਆ ਗਿਆ। ਇਸ ਬਾਰੇ ਮੁੱਖ ਮੰਤਰੀ ਨੇ ਉੱਤਰ ਪੂਰਬੀ ਸੂਬੇ ਵਿਚ ਫਸੇ ਪੰਜਾਬੀਆਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਨੌਜਵਾਨ ਰਾਹੁਲ ਕੁਮਾਰ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਹ ਛੇਤੀ ਹੀ ਘਰ ਵਾਪਸ ਪਹੁੰਚ ਜਾਵੇਗਾ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਕੋਈ ਵੀ ਵਿਦਿਆਰਥੀ ਜਾਂ ਹੋਰ ਵਿਅਕਤੀ, ਜੋ ਮਣੀਪੁਰ ਵਿਚ ਫਸਿਆ ਹੋਇਆ ਹੈ ਜਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰ 9417936222 ਜਾਂ ਈਮੇਲ ਆਈ.ਡੀ. sahotramanjeet@gmail.com ’ਤੇ ਸੰਪਰਕ ਕਰ ਸਕਦੇ ਹਨ। ਮਣੀਪੁਰ ਵਿਚ ਫਸੇ ਨੌਜਵਾਨਾਂ/ਵਿਦਿਆਰਥੀਆਂ ਦੇ ਚਿੰਤਤ ਪਰਿਵਾਰਾਂ ਨਾਲ ਇਕਮੁੱਠਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿਚ ਇਨ੍ਹਾਂ ਪਰਿਵਾਰਾਂ ਦੇ ਨਾਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਨਾਜ਼ੁਕ ਘੜੀ ਵਿਚ ਇਨ੍ਹਾਂ ਪਰਿਵਾਰਾਂ ਨੂੰ ਪੂਰਾ ਸਹਿਯੋਗ ਕਰੇ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਣੀਪੁਰ ਵਿਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢੇ ਜਾਣ ਨੂੰ ਯਕੀਨੀ ਬਣਾਉਣ ਲਈ ਕੇਂਦਰ ਦੇ ਦਖ਼ਲ ਦੀ ਲੋੜ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਭਾਰਤ ਸਰਕਾਰ ਮਣੀਪੁਰ ਹਿੰਸਾ ਵਿਚ ਫਸੇ ਸਾਰੇ ਲੋਕਾਂ ਲਈ ਮਦਦ ਦਾ ਹੱਥ ਵਧਾਉਣ ਵਾਸਤੇ ਲੋੜੀਂਦੇ ਕਦਮ ਚੁੱਕੇਗੀ।
ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਸਿਰ ’ਚ ਘੋਟਣਾ ਮਾਰ ਕੇ ਕੀਤਾ ਪਤਨੀ ਦਾ ਕਤਲ