ਚਿੱਟਫੰਡ ਕੰਪਨੀ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਸ਼ੁਰੂ, CM ਮਾਨ ਨੇ ਕੀਤਾ ਅਹਿਮ ਟਵੀਟ
Thursday, Jun 29, 2023 - 05:16 PM (IST)
ਚੰਡੀਗੜ੍ਹ : ਪੰਜਾਬ 'ਚ ਚਿੱਟ ਫੰਡ ਕੰਪਨੀ ਪਰਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਦੱਸਿਆ ਕਿ ਪਰਲ ਦੀਆਂ ਪੰਜਾਬ 'ਚ ਮੌਜੂਦਾ ਸਾਰੀਆਂ ਜਾਇਦਾਦਾਂ ਨੂੰ ਸਰਕਾਰ ਨੇ ਆਪਣੇ ਕਬਜ਼ੇ 'ਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਕਾਨੂੰਨੀ ਕਰਵਾਈ ਪੂਰੀ ਕਰਕੇ ਨਿਲਾਮੀ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਪੈਸੇ ਵਾਪਸ ਕਰਨ ਦਾ ਸਿਲਸਿਲਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਥਾਣੇ ਅੰਦਰ ਪੰਜਾਬ ਪੁਲਸ 'ਤੇ ਹਮਲਾ, ASI ਤੇ ਬਾਕੀ ਮੁਲਾਜ਼ਮ ਹੋਏ ਲਹੂ-ਲੁਹਾਨ (ਵੀਡੀਓ)
ਕੀ ਹੈ ਪੂਰਾ ਮਾਮਲਾ
ਪੰਜਾਬ 'ਚ ਕੁੱਝ ਸਾਲ ਪਹਿਲਾਂ ਪਰਲ ਕੰਪਨੀ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਨੂੰ ਪਰਲ ਸਕੈਮ ਵੀ ਕਿਹਾ ਜਾਂਦਾ ਹੈ। ਇਸ ’ਚ ਮੱਧ ਵਰਗ ਦੇ ਲੋਕਾਂ ਦਾ ਕਰੋੜਾਂ ਰੁਪਇਆ ਡੁੱਬ ਗਿਆ ਸੀ।
ਇਹ ਵੀ ਪੜ੍ਹੋ : ਦੋਰਾਹਾ 'ਚ ਵੱਡਾ ਹਾਦਸਾ : ਨਹਿਰ 'ਚ ਡਿੱਗੀ ਆਲਟੋ ਕਾਰ, ਮੌਕੇ 'ਤੇ ਹੀ 2 ਲੋਕਾਂ ਦੀ ਮੌਤ (ਤਸਵੀਰਾਂ)
ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜੋ ਹਾਲੇ ਵੀ ਜੇਲ੍ਹ ’ਚ ਹੈ ਪਰ ਲੋਕਾਂ ਦੇ ਪੈਸੇ ਅਜੇ ਤੱਕ ਵਾਪਸ ਨਹੀਂ ਕੀਤੇ। ਹਾਸਲ ਜਾਣਕਾਰੀ ਅਨੁਸਾਰ ਪਰਲ ਕੰਪਨੀ ਨੇ ਪੰਜਾਬ ਵਿੱਚ ਦਸ ਸਾਲਾਂ ਵਿੱਚ ਸਭ ਤੋਂ ਵੱਧ ਲੋਕਾਂ ਦੀ ਲੁੱਟ ਸੰਗਰੂਰ, ਬਰਨਾਲਾ, ਮਲੇਰਕੋਟਲਾ ਤੇ ਬਠਿੰਡਾ ਵਿੱਚ ਕੀਤੀ ਹੈ। ਕੰਪਨੀ ਨੇ ਮਾਲਵੇ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਮੋਟੀ ਰਿਟਰਨ ਦਾ ਲਾਲਚ ਦੇ ਕੇ 5 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ