ਸੀ.ਐੱਮ ਨੇ ਹਾਈ ਕੋਰਟ ਦੇ ਫੈਸਲੇ ਨੂੰ ਵੇਖਦਿਆਂ ਸੀਨੀਅਰ ਮੰਤਰੀਆਂ ਤੇ ਜਾਖੜ ਨਾਲ ਕੀਤੀ ਬੈਠਕ
Saturday, Apr 17, 2021 - 01:41 AM (IST)
ਜਲੰਧਰ (ਧਵਨ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਬਹਿਬਲ ਕਲਾਂ ਤੇ ਬਰਗਾੜੀ ਮਾਮਲੇ ਸਬੰਧੀ ਪੰਜਾਬ ਪੁਲਸ ਦੀ ਐੱਸ. ਆਈ. ਟੀ. ਦੀ ਰਿਪੋਰਟ ਰੱਦ ਕਰ ਦੇਣ ਦੇ ਫੈਸਲੇ ਨੂੰ ਵੇਖਦਿਆਂ ਅੱਜ ਆਪਣੀ ਕੈਬਨਿਟ ਦੇ ਸੀਨੀਅਰ ਮੰਤਰੀਆਂ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਲੰਮੀ ਬੈਠਕ ਕੀਤੀ।
ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਅਨੁਸਾਰ ਬੈਠਕ ਵਿਚ ਜਾਖੜ ਤੋਂ ਇਲਾਵਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਮੰਤਰੀ ਸ਼ਾਮਲ ਹੋਏ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਚੰਡੀਗੜ੍ਹ 'ਚ ਲੱਗਾ 'ਵੀਕੈਂਡ ਲਾਕਡਾਊਨ', UK ਵੇਰੀਐਂਟ ਦੀ ਪੁਸ਼ਟੀ ਮਗਰੋਂ ਲਿਆ ਗਿਆ ਫ਼ੈਸਲਾ (ਵੀਡੀਓ)
ਇਸ ਦੌਰਾਨ ਮੰਤਰੀਆਂ ਨੇ ਕਿਹਾ ਕਿ ਸੂਬੇ ਵਿਚ ਚੋਣ ਸਾਲ ਸ਼ੁਰੂ ਹੋ ਚੁੱਕਾ ਹੈ। ਇਸ ਲਈ ਬਰਗਾੜੀ ਤੇ ਬਹਿਬਲ ਕਲਾਂ ਮਾਮਲੇ ਵਿਚ ਸਰਕਾਰ ਨੂੰ ਚੌਕਸੀ ਨਾਲ ਅੱਗੇ ਵਧਦਿਆਂ ਸਖਤ ਰਵੱਈਆ ਅਪਨਾਉਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਜੇ ਤਕ ਹਾਈ ਕੋਰਟ ਦੇ ਫੈਸਲੇ ਦੀ ਕਾਪੀ ਸਰਕਾਰ ਨੂੰ ਨਹੀਂ ਮਿਲੀ। ਉਨ੍ਹਾਂ ਆਪਣੇ ਐਡਵੋਕੇਟ ਜਨਰਲ ਅਤੁਲ ਨੰਦਾ ਨਾਲ ਇਸ ਬਾਰੇ ਗੱਲਬਾਤ ਕੀਤੀ ਸੀ, ਜਿਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਆਪਣੇ ਫੈਸਲੇ ਨੂੰ ਅਜੇ ਤਕ ਨੈੱਟ ’ਤੇ ਵੀ ਨਹੀਂ ਚੜ੍ਹਾਇਆ। ਸਭ ਤੋਂ ਪਹਿਲਾਂ ਹਾਈ ਕੋਰਟ ਦੇ ਫੈਸਲੇ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾਵੇਗਾ। ਫਿਰ ਸਖਤ ਫੈਸਲਾ ਲਿਆ ਜਾਵੇਗਾ।
ਕੈਪਟਨ ਨੇ ਸੰਕੇਤ ਦਿੱਤੇ ਹਨ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਸਖਤ ਸਟੈਂਡ ਲੈਣ ਲਈ ਤਿਆਰ ਹੈ ਅਤੇ ਜੇ ਹਾਈ ਕੋਰਟ ਨੇ ਐੱਸ. ਆਈ. ਟੀ. ਦੀ ਰਿਪੋਰਟ ਨੂੰ ਰੱਦ ਕੀਤਾ ਹੋਵੇਗਾ ਤਾਂ ਉਸ ਦੇ ਲਈ ਸਰਕਾਰ ਤੁਰੰਤ ਸੁਪਰੀਮ ਕੋਰਟ ਵਿਚ ਜਾ ਕੇ ਸਟੇਅ ਲੈਣ ਦੀ ਕੋਸ਼ਿਸ਼ ਕਰੇਗੀ। ਲੋੜ ਪੈਣ ’ਤੇ ਸਰਕਾਰ ਨਵੀਂ ਐੱਸ. ਆਈ. ਟੀ. ਦਾ ਗਠਨ ਵੀ ਕਰ ਸਕਦੀ ਹੈ।
ਤੁਹਾਨੂੰ ਇਹ ਖਬਰ ਕਿਹੋ ਜਿਹੀ ਲੱਗੀ ਸਾਨੂੰ ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।