ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਜ਼ਿੰਮੇਵਾਰ : ਪ੍ਰੋ. ਚੰਦੂਮਾਜਰਾ

Tuesday, Aug 04, 2020 - 08:43 PM (IST)

ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਲਈ ਮੁੱਖ ਮੰਤਰੀ ਜ਼ਿੰਮੇਵਾਰ : ਪ੍ਰੋ. ਚੰਦੂਮਾਜਰਾ

ਮੋਹਾਲੀ,(ਪਰਦੀਪ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਕਾਰਣ ਲਗਾਤਾਰ ਹੋ ਰਹੀਆਂ ਮੌਤਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ’ਤੇ ਦੋਸ਼ੀ ਠਹਿਰਾਉਦਿਆਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਕੇਸ ਨਾਲ ਸਬੰਧਤ ਐਕਸਾਈਜ਼ ਅਤੇ ਪੁਲਸ ਮਹਿਕਮਾ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਆਉਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਦੋ ਸੰਸਦ ਮੈਂਬਰਾਂ ਅਤੇ ਸਾਬਕਾ ਪ੍ਰਧਾਨਾਂ ਵਲੋਂ ਸ਼ਰਾਬ ਮਾਫੀਏ ਦੇ ਮੁੱਦੇ ’ਤੇ ਰਾਜਪਾਲ ਨਾਲ ਕੀਤੀ ਮੁਲਾਕਾਤ ਦੌਰਾਨ ਆਪਣੀ ਹੀ ਪਾਰਟੀ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੂੰ ਨਿਸ਼ਾਨੇ ’ਤੇ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ ਅਕਾਲੀ ਦਲ ਦੀ ਹੋਣ ਜਾ ਰਹੀ ਕੋਰ ਕਮੇਟੀ ਦੀ ਮੀਟਿੰਗ ਵਿਚ ਸ਼ਰਾਬ ਮਾਫੀਏ ਦੀ ਉੱਚ ਪੱਧਰੀ ਜਾਂਚ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਪੱਧਰ ’ਤੇ ਧਰਨੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਕਾਂਗਰਸ ਦੇ ਸੀਨੀਅਰ ਲੀਡਰਾਂ ਵਲੋਂ ਈ. ਡੀ. ਅਤੇ ਸੀ. ਬੀ. ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਨੇ ਸਾਬਤ ਕਰ ਦਿੱਤਾ ਕਿ ਕਾਂਗਰਸ ਸਰਕਾਰ ਦੀ ਸ਼ਰਾਬ ਸਮੱਗਲਰਾਂ ਨਾਲ ਸਿੱਧੀ ਮਿਲੀਭੁਗਤ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਅਸੈਂਬਲੀ ਸੈਸ਼ਨ ਸੱਦਣ ਲਈ ਮੁੱਖ ਮੰਤਰੀ ਨੂੰ ਹੁਕਮ ਜਾਰੀ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਇੰਨਾ ਵੱਡਾ ਹਾਦਸਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਪੀੜਤ ਪਰਿਵਾਰਾਂ ਦੀ ਸਾਰ ਲੈਣ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਵੀ ਸਰਕਾਰ ਦੀ ਜਾਂਚ ’ਤੇ ਭਰੋਸਾ ਨਹੀਂ ਹੈ।


author

Bharat Thapa

Content Editor

Related News