ਨਰਮਾ ਉਤਪਾਦਕਾਂ ਲਈ ਨਿਗੂਣੇ ਮੁਆਵਜ਼ੇ ਦੀ ਮੁੜ ਸਮੀਖਿਆ ਕਰਨ ਮੁੱਖ ਮੰਤਰੀ : ਸੁਖਬੀਰ ਬਾਦਲ
Sunday, Oct 31, 2021 - 08:03 PM (IST)
 
            
            ਖਰੜ(ਅਸ਼ਵਨੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਹਾਲ ਹੀ ਵਿਚ ਗੁਲਾਬੀ ਸੁੰਡੀ ਦੇ ਹਮਲੇ ਕਾਰਣ ਨੁਕਸਾਨੀ ਗਈ ਨਰਮੇ ਦੀ ਫਸਲ ਦੇ ਮਾਮਲੇ ਵਿਚ ਕਿਸਾਨਾਂ ਲਈ ਐਲਾਨੇ ਨਿਗੂਣੇ ਮੁਆਵਜ਼ੇ ਦੀ ਸਮੀਖਿਆ ਕਰਨ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਵਲੋਂ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਬਣਾਉਣ ਦੇ ਫੈਸਲੇ ਵਿਰੁੱਧ ਆਵਾਜ਼ ਨਾ ਚੁੱਕਣ ’ਤੇ ਵੀ ਚੰਨੀ ਦੀ ਜ਼ੋਰਦਾਰ ਨਿਖੇਧੀ ਕੀਤੀ।
ਇਹ ਵੀ ਪੜ੍ਹੋ- SC ਭਾਈਚਾਰੇ ਨਾਲ ਹੋ ਰਹੇ ਵਿਤਕਰੇ ਖ਼ਿਲਾਫ਼ ਚੰਨੀ ਸਰਕਾਰ ’ਤੇ ਭੜਕੇ 'ਆਪ' ਆਗੂ ਰਣਜੀਤ ਸਿੰਘ ਰਾਣਾ (ਵੀਡੀਓ)
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਠੱਗੀ ਮਾਰੀ ਹੈ ਤੇ ਇਹ ਉਨ੍ਹਾਂ ਨੂੰ ਸਿਰਫ ਅੰਸ਼ਕ ਮੁਆਵਜ਼ਾ ਦੇ ਰਹੀ ਹੈ ਜਦੋਂ ਕਿ ਗੁਲਾਬੀ ਸੁੰਡੀ ਦੇ ਹਮਲੇ ਵਿਚ ਉਨ੍ਹਾਂ ਦੀ ਨਰਮੇ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗ ਰਹੇ ਹਨ ਪਰ ਕਾਂਗਰਸ ਸਰਕਾਰ ਉਨ੍ਹਾਂ ਨੂੰ 35 ਫੀਸਦੀ ਨੁਕਸਾਨ ਤੱਕ ਲਈ 2 ਹਜ਼ਾਰ ਰੁਪਏ ਅਤੇ 75 ਫੀਸਦੀ ਤੱਕ ਨੁਕਸਾਨ ਲਈ 5400 ਰੁਪਏ ਮੁਆਵਜ਼ੇ ਦੀ ਪੇਸ਼ਕਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਸਰਕਾਰ ਕਿਸਾਨਾਂ ਨੂੰ ਮੁਆਵਜ਼ੇ ਦੀ ਸਿਰਫ ਇਸੇ ਦਰ ਵਿਚ ਲਪੇਟਣਾ ਚਾਹੁੰਦੀ ਹੈ ਤੇ ਆਖ ਰਹੀ ਹੈ ਕਿ ਨਰਮੇ ਦੀ ਫਸਲ ਦਾ ਸਿਰਫ ਅੰਸ਼ਕ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸਦਾ ਮਤਲਬ ਇਹ ਹੈ ਕਿ 100 ਫੀਸਦੀ ਨੁਕਸਾਨ ਲਈ 12000 ਰੁਪਏ ਦਾ ਐਲਾਨਿਆ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਮਿਲੇਗਾ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਨੇ ਨਰਮਾ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਤਬਾਹ ਹੋਣ ਨਾਲ ਜਿਹੜੇ ਖੇਤ ਮਜ਼ਦੂਰਾਂ ਦਾ ਜੀਵਨ ਨਿਰਵਾਹ ਪ੍ਰਭਾਵਤ ਹੋਇਆ ਹੈ, ਉਨ੍ਹਾਂ ਦੀ ਸਾਰ ਨਹੀਂ ਲਈ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤ ਮਜ਼ਦੂਰਾਂ ਨੂੰ ਕੁੱਲ ਮੁਆਵਜ਼ਾ ਰਕਮ ਦਾ 10 ਫੀਸਦੀ ਦੇਣ ਦੀ ਪੇਸ਼ਕਸ਼ ਕਰ ਕੇ ਉਨ੍ਹਾਂ ਨਾਲ ਠੱਗੀ ਮਾਰੀ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ਾ ਦੇਣ ਲਈ ਕੋਈ ਸਮਾਂ ਹੱਦ ਨਿਰਧਾਰਿਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਖੇਤ ਮਜ਼ਦੂਰਾਂ ਨਾਲ ਇਸ ਅਨਿਆਂ ਨੂੰ ਰੱਣ ਕਰਦੇ ਹਾਂ ਤੇ ਮੰਗ ਕਰਦੇ ਹਾਂ ਕਿ ਉਨ੍ਹਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਮੁਆਵਜ਼ਾ ਦਿੱਤਾ ਜਾਵੇ।
ਜਗਦੀਸ਼ ਟਾਈਟਲਰ ਨੂੰ ਕਾਂਗਰਸ ਦੀ ਸਿਖ਼ਰਲੀ ਕਮੇਟੀ ਵਿਚ ਨਿਯੁਕਤ ਕਰਨ ਦੇ ਮਾਮਲੇ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਤਲੇਆਮ ਦੇ ਦੋਸ਼ੀ ਨੂੰ ਮੁੜ ਅਹੁਦਾ ਦੇ ਕੇ ਨਿਵਾਜਣ ਦੀ ਸਾਜ਼ਿਸ਼ ਦਾ ਹਿੱਸਾ ਬਣ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪਧਾਨ ਸੁਨੀਲ ਜਾਖੜ ਨੇ ਵੀ ਸਾਰੇ ਮਾਮਲੇ ਵਿਚ ਚਰਨਜੀਤ ਸਿੰਘ ਚੰਨੀ ਦੀ ਭੂਮਿਕਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕੋਈ ਵੀ ਸਪੱਸ਼ਟੀਕਰਨ ਦੇਣ ਜਾਂ ਫਿਰ ਇਸ ਕਦਮ ਖਿਲਾਫ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕੋਲ ਜ਼ੋਰਦਾਰ ਵਿਰੋਧ ਕਰਨ ਦੋਵਾਂ ਤੋਂ ਹੀ ਟਾਲਾ ਵੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਮੁੱਖ ਮੰਤਰੀ ਤੋਂ ਇਸ ਤਰੀਕੇ ਦੇ ਵਿਹਾਰ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬੀ ਆਪਣੀ ਸਾਂਝੀ ਪਛਾਣ ਦੇ ਅਪਮਾਨ ਨੂੰ ਬਰਦਾਸ਼ਤ ਨਹੀਂ ਕਰਨਗੇ।
ਇਹ ਵੀ ਪੜ੍ਹੋ- ਕਾਂਗਰਸ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਕਰੇਗੀ ਪੂਰਾ :  ਵਿਜੇਇੰਦਰ ਸਿੰਗਲਾ
ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਗ੍ਰਹਿ ਮੰਤਰੀ ਵਲੋਂ ਵੀ ਗਾਂਧੀ ਪਰਿਵਾਰ ਦੀ ਜੀ ਹਜ਼ੂਰੀ ਕਰਨ ਅਤੇ ਟਾਈਟਲਰ ਨੂੰ ਅਹਿਮ ਅਹੁਦਾ ਦੇਣ ਦਾ ਰਸਮੀ ਵਿਰੋਧ ਕਰਨ ਦੀ ਦਲੇਰੀ ਨਹੀਂ ਵਿਖਾਈ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਉਹ ਤਸਵੀਰਾਂ ਖਿੱਚਵਾਉਣੀਆਂ ਬੰਦ ਕਰਨ ਅਤੇ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨਾ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਸਿਰਫ ਦੋ ਮਹੀਨੇ ਦਾ ਸਮਾਂ ਬਾਕੀ ਹੈ। ਉਨ੍ਹਾਂ ਕਿਹਾ ਕਿ ਤੁਹਾਨੂੰ ਇਸ ਸਮੇਂ ਦੀ ਵਰਤੋਂ ਲੋਕਾਂ ਦੇ ਦੁੱਖ ਤਕਲੀਫਾਂ ਦੂਰ ਕਰਨ ਅਤੇ ਲੋਕਾਂ ਨਾਲ ਤੁਹਾਡੀ ਪਾਰਟੀ ਵਲੋਂ ਕੀਤੇ ਵਾਅਦੇ ਪੂਰੇ ਕਰਨ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਤੁਸੀਂ ਸਸਤੀ ਸ਼ੌਹਰਤ ਹਾਸਿਲ ਕਰਨ ’ਤੇ ਡਟੇ ਹੋ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪਹਿਲਾਂ ਕਿਸਾਨਾਂ ਨੂੰ ਉਨ੍ਹਾਂ ਦੀ ਨਰਮੇ ਦੀ ਤਬਾਹ ਹੋਈ ਫਸਲ ਦਾ ਮੁਆਵਜ਼ਾ ਦੇ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਘਟਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਚੰਨੀ ਨੂੰ ਡੀਜ਼ਲ ’ਤੇ ਸੂਬੇ ਦੇ ਵੈਟ ਵਿਚ ਕਟੌਤੀ ਕਰਨੀ ਚਾਹੀਦੀ ਹੈ, ਡੀ.ਏ. ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣਾ ਚਾਹੀਦੀ ਹੈ ਤੇ ਇਸਦੀ ਕਾਲਾ ਬਜ਼ਾਰੀ ਬੰਦ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਨਵੇਂ ਮੁੱਖ ਮੰਤਰੀ ਨੇ ਆਪਣਾ ਸਾਰਾ ਸਮਾਂ ਬਹਾਨੇ ਘੜਨ ਅਤੇ ਮੰਤਰਾਲੇ ਵੰਡਣ ਤੇ ਸ਼ਰਾਬ ਤੇ ਮਾਈਨਿੰਗ ਮਾਫੀਆ ਦੇ ਮੁਤਾਬਕ ਚੱਲਣ ਵਿਚ ਗੁਜ਼ਾਰਿਆ ਹੈ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਸਿਸਵਾਂ ਟੀ ਪੁਆਇੰਟ ਤੋਂ ਮਾਰਬਲ ਮਾਰਕੀਟ ਮੁੱਲਾਂਪੁਰ ਤੱਕ ਵੱਡੇ ਰੋਡ ਸ਼ੋਅ ਦੀ ਅਗਵਾਈ ਕੀਤੀ ਜਿਸ ਦੌਰਾਨ ਉਨ੍ਹਾਂ ਦੇ ਨਾਲ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜ਼ੂਦ ਰਹੇ। ਹਜ਼ਾਰਾਂ ਲੋਕ ਅਕਾਲੀ ਦਲ ਦੇ ਹੱਕ ਵਿਚ ਨਿਤਰੇ ਅਤੇ ਉਨ੍ਹਾਂ ਨੇ ਭਿ੍ਰਸ਼ਟ, ਘੁਟਾਲਿਆਂ ਭਰੀ ਤੇ ਲੋਕ ਵਿਰੋਧੀ ਕਾਂਗਰਸ ਸਰਕਾਰ ਵਿਚ ਬੇਸਵਿਸਾਹੀ ਦਰਸਾਈ। ਉਨ੍ਹਾਂ ਨੇ ਖਰੜ ਵਿਖੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਜਧਾਨੀ ਸ਼ਹਿਰ ਚੰਡੀਗੜ੍ਹ ਦੇ ਇਨਾ ਨਜ਼ਦੀਕ ਹੋਣ ਦੇ ਬਾਵਜੂਦ ਇਸ ਸ਼ਰਿ ਵਿਚ ਆਧੂਨਿਕ ਸਹੂਲਤਾਂ ਨਹੀਂ ਹਨ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਖਰੜ ਦੇ ਏਕੀਕਿ੍ਰਤ ਵਿਕਾਸ ਵਾਸਤੇ ਮਾਸਟਰ ਪਲਾਨ ਤਿਆਰ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ: ਸੁਰਜੀਤ ਹਾਕੀ ਸਟੇਡੀਅਮ ਪੁੱਜੇ CM ਚੰਨੀ, ਬੱਚਿਆਂ ਨਾਲ ਖਿੱਚਵਾਈਆਂ ਤਸਵੀਰਾਂ
ਬਾਅਦ ਵਿਚ ਨਵਾਂਗਰਾਓਂ ਬਾਰੇ ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਇਸ ਇਲਾਕੇ ਨੂੰ ਨਿਊ ਚੰਡੀਗੜ੍ਹ ਪ੍ਰਾਜੈਕਟ ਦੀ ਤਰਜ਼ ’ਤੇ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਨਾਲ ਕੌਫੀ ਵਿਦ ਯੂਥ ਪ੍ਰੋਗਰਾਮ ਵਿਚ ਵੀ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਤੇ ਨਵੇਂ ਪੰਜਾਬ ਵਾਸਤੇ ਆਪਣੀ ਸੋਚ ਬਾਰੇ ਗੱਲ ਕੀਤੀ।
ਅਕਾਲੀ ਦਲ ਦੇ ਪ੍ਰਧਾਨ ਨੇ ਵਪਾਰੀਆਂ, ਰੀਅਲ ਅਸਟੇਟ ਵਪਾਰੀਆਂ, ਡਾਕਟਰਾਂ, ਵਕੀਲਾਂ ਅਤੇ ਕੁਝ ਸਰਪੰਚਾਂ ਤੇ ਪੰਚਾਂ ਨਾ ਵੀ ਗੱਲਬਾਤ ਕੀਤੀ। ਇਸ ਮੌਕੇ ’ਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            