ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 166.27 ਕਰੋੜ ਦੀ ਨਕਦੀ ਅਤੇ ਵਸਤਾਂ ਜ਼ਬਤ

04/09/2019 9:09:13 AM

ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ 'ਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ 7 ਅਪ੍ਰੈਲ, 2019 ਤੱਕ ਕੁਲ 166.27 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ । ਇਸ ਦੌਰਾਨ 18.33 ਦੀ ਕਰੋੜ ਨਗਦ ਰਾਸ਼ੀ ਵੀ ਜ਼ਬਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਸਰਵਾਈਲੈਂਸ ਟੀਮਾਂ ਵੱਲੋਂ 275495 ਲੀਟਰ ਸ਼ਰਾਬ ਫੜ੍ਹੀ ਗਈ ਹੈ, ਜਿਸ ਦੀ ਕੀਮਤ 5.55 ਕਰੋੜ ਰੁਪਏ ਬਣਦੀ ਹੈ ।ਉਨ੍ਹਾਂ ਦੱਸਿਆ ਇਸੇ ਤਰ੍ਹਾਂ ਸੂਬੇ 'ਚ 5169 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 123.77 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ 'ਚ 18.33 ਕਰੋੜ ਰੁਪਏ ਦੀ ਨਕਦ ਅਤੇ 18.43 ਕਰੋੜ ਦਾ ਸੋਨਾ, ਚਾਂਦੀ ਅਤੇ ਹੋਰ ਵਸਤਾਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1198 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2946 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 2679 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 475 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 2984 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ। ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 90.23 ਪ੍ਰਤੀਸ਼ਤ ਲਾਈਸੈਂਸੀ ਹਥਿਆਰ ਜਮ੍ਹਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 76 ਗ਼ੈਰ ਲਾਈਸੈਂਸੀ ਹਥਿਆਰ ਫੜ੍ਹੇ ਗਏ ਹਨ ਜਦਕਿ 574 ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।


Babita

Content Editor

Related News