ਪੰਜਾਬ 'ਚ ਨਵੇਂ ਸਾਲ ਦੇ ਸ਼ੁਰੂ 'ਚ 'ਚੋਣ ਜ਼ਾਬਤਾ' ਲੱਗਣ ਦੇ ਆਸਾਰ, ਵਿਭਾਗਾਂ ਦੇ ਕੰਮ ਸਮੇਟਣ 'ਚ ਜੁੱਟੇ ਮੰਤਰੀ
Wednesday, Dec 08, 2021 - 10:38 AM (IST)
ਜਲੰਧਰ (ਧਵਨ) : ਕੇਂਦਰੀ ਚੋਣ ਕਮਿਸ਼ਨ ਵੱਲੋਂ ਸੂਬੇ ’ਚ ਆਦਰਸ਼ ਚੋਣ ਜ਼ਾਬਤਾ ਜਨਵਰੀ 2022 ਦੇ ਸ਼ੁਰੂ ’ਚ ਲਗਾ ਦਿੱਤੇ ਜਾਣ ਦੇ ਆਸਾਰ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਦੇ ਮੰਤਰੀਆਂ ਨੇ ਆਪਣੇ ਵਿਭਾਗਾਂ ਨਾਲ ਸਬੰਧਿਤ ਕੰਮਾਂ ਨੂੰ ਸਮੇਟਣਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਸਾਰੇ ਸਰਕਾਰੀ ਕੰਮਕਾਜ ’ਤੇ ਚੋਣ ਕਮਿਸ਼ਨ ਵੱਲੋਂ ਰੋਕ ਲਗਾ ਦਿੱਤੀ ਜਾਵੇਗੀ। ਚੋਣ ਕਮਿਸ਼ਨ ਨਾਲ ਸਬੰਧਿਤ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਹਿਲਾਂ 26 ਤੋਂ 27 ਦਸੰਬਰ ਤੱਕ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਗੱਲ ਚੱਲ ਰਹੀ ਸੀ ਪਰ ਹੁਣ ਕਿਉਂਕਿ ਚੋਣ ਕਮਿਸ਼ਨ ਨੇ ਖ਼ੁਦ ਹੀ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਚੋਣ ਸਬੰਧੀ ਕੰਮਾਂ ਨਾਲ ਚੁਣੇ ਅਧਿਕਾਰੀਆਂ ਨੂੰ ਤਬਦੀਲ ਕਰਨ ਦਾ ਕੰਮ 31 ਦਸੰਬਰ, 2021 ਤੱਕ ਪੂਰਾ ਕਰ ਲੈਣ, ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕੇਂਦਰੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਮਿਤੀਆਂ ਦਾ ਐਲਾਨ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਖੇਤ ਦੇ ਪਹੇ 'ਚੋਂ ਬੇਸੁੱਧ ਹਾਲਤ 'ਚ ਮਿਲੇ ਜਵਾਨ ਮੁੰਡਾ-ਕੁੜੀ, ਇਲਾਜ ਦੌਰਾਨ ਦੋਹਾਂ ਨੇ ਤੋੜਿਆ ਦਮ
ਚੋਣ ਅਧਿਕਾਰੀਆਂ ਦਾ ਮੰਨਣਾ ਹੈ ਕਿ ਜੇਕਰ ਜਨਵਰੀ ਦੇ ਪਹਿਲੇ ਹਫ਼ਤੇ ’ਚ ਚੋਣ ਜ਼ਾਬਤਾ ਲਾਗੂ ਹੁੰਦਾ ਹੈ ਤਾਂ ਉਸ ਸਥਿਤੀ ’ਚ ਚੋਣ ਪ੍ਰਕਿਰਿਆ ਨੂੰ ਸੰਪੰਨ ਕਰਨ ਲਈ 45 ਦਿਨਾਂ ਦਾ ਸਮਾਂ ਹੁੰਦਾ ਹੈ। ਅਜਿਹੀ ਸਥਿਤੀ ’ਚ ਪੰਜਾਬ ’ਚ ਵਿਧਾਨ ਸਭਾ ਦੀਆਂ ਚੋਣਾਂ 10 ਤੋਂ 22 ਫਰਵਰੀ ਦਰਮਿਆਨ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਸੂਬਾ ਸਰਕਾਰ ਨੂੰ ਪਹਿਲਾਂ ਹੀ ਇਹ ਫ਼ਰਮਾਨ ਜਾਰੀ ਹੋ ਚੁੱਕਾ ਹੈ ਕਿ ਉਹ ਇਕ ਸਟੇਸ਼ਨ ’ਤੇ ਤਿੰਨ ਸਾਲਾਂ ਤੋਂ ਤਾਇਨਾਤ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਗ੍ਰਹਿ ਜ਼ਿਲ੍ਹਿਆਂ ’ਚ ਤਾਇਨਾਤ ਅਧਿਕਾਰੀਆਂ ਨੂੰ ਤਬਦੀਲ ਕਰਨ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰ ਲੈਣ।
ਚੋਣ ਕਮਿਸ਼ਨ ਨੇ ਹੁਣ ਸਿੱਧੇ ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਚੋਣਾਂ ਸਬੰਧੀ ਬੈਠਕਾਂ ਵੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਚੋਣਾਂ ਦੀ ਮਿਤੀ ਜਿਵੇਂ-ਜਿਵੇਂ ਨੇੜੇ ਆਵੇਗੀ, ਉਵੇਂ-ਉਵੇਂ ਸਿਆਸੀ ਦਲਾਂ ਦੀਆਂ ਧੜਕਣਾਂ ਤੇਜ਼ ਹੋ ਜਾਣਗੀਆਂ। ਇਸ ਵਾਰ ਪੰਜਾਬ ’ਚ ਚੋਣ ਮੁਕਾਬਲਾ ਦਿਲਚਸਪ ਹੋਣ ਦੇ ਆਸਾਰ ਹਨ। ਪੰਜਾਬ ’ਚ ਸੰਭਾਵਿਤ ਚੋਣ ਨਤੀਜਿਆਂ ਨੂੰ ਲੈ ਕੇ ਇਸ ਵਾਰ ਅਫ਼ਸਰਸ਼ਾਹੀ ਵੀ ਕਾਫੀ ਪਰੇਸ਼ਾਨ ਦਿਖਾਈ ਦੇ ਰਹੀ ਹੈ। ਆਮ ਤੌਰ ’ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਫ਼ਸਰਸ਼ਾਹੀ ਨੂੰ ਇਹ ਪਤਾ ਲੱਗ ਜਾਂਦਾ ਸੀ ਕਿ ਚੋਣਾਂ ਤੋਂ ਬਾਅਦ ਕਿਸ ਪਾਰਟੀ ਦੀ ਸਰਕਾਰ ਬਣਨੀ ਹੈ ਅਤੇ ਉਸ ਨੂੰ ਦੇਖਦੇ ਹੋਏ ਅਧਿਕਾਰੀ ਪਹਿਲਾਂ ਹੀ ਸਬੰਧਿਤ ਪਾਰਟੀਆਂ ਦੇ ਨੇਤਾਵਾਂ ਨਾਲ ਸੰਪਰਕ ਕਾਇਮ ਕਰਨ ’ਚ ਸਫਲ ਹੋ ਜਾਂਦੇ ਸਨ।
ਇਸ ਵਾਰ ਚੋਣ ਨਤੀਜਿਆਂ ਨੂੰ ਲੈ ਕੇ ਅਨਿਸ਼ਚਿਤਤਾ ਦਾ ਦੌਰ ਹਾਲੇ ਤੱਕ ਚੱਲ ਰਿਹਾ ਹੈ ਅਤੇ ਵੱਖ-ਵੱਖ ਓਪੀਨੀਅਨ ਪੋਲ ਦੇ ਨਤੀਜੇ ਸਾਹਮਣੇ ਆ ਰਹੇ ਹਨ। ਇਸ ਨੇ ਅਫ਼ਸਰਸ਼ਾਹੀ ਨੂੰ ਵੀ ਕਾਫੀ ਪਰੇਸ਼ਾਨ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਇਹ ਪਤਾ ਨਹੀਂ ਲੱਗ ਰਿਹਾ ਹੈ ਕਿ ਉਹ ਕਿਸ ਸਿਆਸੀ ਪਾਰਟੀ ਨਾਲ ਸੰਪਰਕ ਕਾਇਮ ਕਰੇ। ਕੁੱਝ ਅਧਿਕਾਰੀਆਂ ਨੇ ਤਾਂ ਖ਼ੁਦ ਕਿਨਾਰਾ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ