ਕਰਨਲ ਬਾਠ ਦੀ ਪਤਨੀ ਨੇ CM ਮਾਨ ਨਾਲ ਕੀਤੀ ਮੁਲਾਕਾਤ, ਨਿਰਪੱਖ ਜਾਂਚ ਦਾ ਦਿੱਤਾ ਭਰੋਸਾ
Monday, Mar 31, 2025 - 05:57 PM (IST)

ਪਟਿਆਲਾ - ਪਟਿਆਲਾ ਵਿਖੇ ਬੀਤੇ ਦਿਨੀਂ ਕਰਨਲ ਪੁਸ਼ਪਿੰਦਰ ਸਿੰਘ ਨਾਲ ਹੋਈ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਜਿੱਥੇ ਅੱਜ ਐੱਸ. ਆਈ. ਟੀ. ਦੀ ਟੀਮ ਵੱਲੋਂ ਪਟਿਆਲਾ ਪਹੁੰਚ ਕੇ ਜਾਂਚ ਕੀਤੀ ਗਈ, ਉਥੇ ਹੀ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਜਸਵਿੰਦਰ ਕੌਰ ਬਾਠ ਸੰਤੁਸ਼ਟ ਨਜ਼ਰ ਆਏ। ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਪੂਰੀ ਗੱਲ੍ਹ ਸੁਣੀ ਹੈ ਅਤੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਇਹ ਮੁਲਾਕਾਤ ਮੁੱਖ ਮੰਤਰੀ ਦੀ ਇਥੇ ਸਥਿਤ ਸਰਕਾਰੀ ਰਿਹਾਇਸ਼ ਵਿਚ ਹੋਈ। ਇਸ ਸਬੰਧ ਵਿਚ ਪਟਿਆਲਾ ਤੋਂ ਚੰਡੀਗੜ੍ਹ ਪੁੱਜਣ ਵਾਲਿਆਂ ਵਿਚ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ, ਉਹਨਾਂ ਦੇ ਪਰਿਵਾਰਿਕ ਮੈਂਬਰ ਅਤੇ ਉਨ੍ਹਾਂ ਦੇ ਹਮਾਇਤੀ ਸ਼ਾਮਲ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ, ਦੋ ਧੀਆਂ ਦੇ ਪਿਓ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਸ਼ਾਮ ਨੂੰ ਅਧਿਕਾਰੀਆਂ ਦੇ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਚਰਚਾ ਕੀਤੀ ਜਾਵੇਗੀ। ਅਧਿਕਾਰੀਆਂ ਤੋਂ ਕੇਸ ਨਾਲ ਸਬੰਧਤ ਸਾਰੀਆਂ ਰਿਪੋਰਟਾਂ ਮੰਗੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ 'ਚ ਅਜਿਹਾ ਮਾਹੌਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਕਰਨਲ ਬਾਠ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, SIT ਦੇ ਮੁਖੀ ADGP ਨੇ ਦਿੱਤਾ ਵੱਡਾ ਬਿਆਨ
ਇਥੇ ਦੱਸਣਯੋਗ ਹੈ ਕਿ ਸਾਬਕਾ ਫ਼ੌਜੀਆਂ ਦੇ ਸਮਰਥਨ ਨਾਲ ਕਰਨਲ ਪੁਸ਼ਪਿੰਦਰ ਸਿੰਘ ਬਾਠ ਦਾ ਪਰਿਵਾਰ ਪਟਿਆਲਾ 'ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਿਹਾ ਸੀ ਅਤੇ 14 ਮਾਰਚ ਨੂੰ ਪੰਜਾਬ ਪੁਲਸ ਦੇ 12 ਮੁਲਾਜ਼ਮਾਂ ਵੱਲੋਂ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲੇ ਦੀ ਸੀ. ਬੀ. ਆਈ. ਤੋਂ ਜਾਂਚ ਦੀ ਮੰਗ ਕਰ ਰਿਹਾ ਸੀ। ਉਹ ਪਟਿਆਲਾ ਦੇ ਸੀਨੀਅਰ ਪੁਲਸ ਸੁਪਰਡੈਂਟ ਨਾਨਕ ਸਿੰਘ ਦੇ ਤਬਾਦਲੇ ਦੀ ਵੀ ਮੰਗ ਕਰ ਰਹੇ ਸਨ। ਪਰਿਵਾਰ ਅਤੇ ਸਾਬਕਾ ਸੈਨਿਕ ਸ਼ਨੀਵਾਰ ਤੋਂ ਪ੍ਰਦਰਸ਼ਨ ਕਰ ਰਹੇ ਸਨ। ਹਾਲਾਂਕਿ ਸੋਮਵਾਰ ਨੂੰ ਉਨ੍ਹਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਵਿਚਕਾਰ ਕਈ ਦੌਰ ਦੀਆਂ ਮੀਟਿੰਗਾਂ ਹੋਈਆਂ। ਪਰਿਵਾਰ ਨੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿੱਜੀ ਤੌਰ ‘ਤੇ ਮਿਲਣ ਦੀ ਬੇਨਤੀ ਕੀਤੀ ਸੀ। ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵੱਲੋਂ ਵਿਰੋਧ ਸਥਾਨ ਦਾ ਦੌਰਾ ਕਰਨ ਅਤੇ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੂੰ ਇਕ ਪੱਤਰ ਸੌਂਪਣ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਰੱਦ ਕਰ ਦਿੱਤਾ ਗਿਆ, ਜਿਸ 'ਚ ਪੁਸ਼ਟੀ ਕੀਤੀ ਗਈ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ 31 ਮਾਰਚ ਨੂੰ ਦੁਪਹਿਰ ਵੇਲੇ ਮਿਲਣਗੇ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰਿਆ ਪਲਟਿਆ ਟਾਟਾ 407, ਮਚਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e