ਉਦਯੋਗਿਕ ਘਰਾਣੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅੱਗੇ ਆਉਣ
Friday, Aug 11, 2017 - 06:22 AM (IST)

ਜਲੰਧਰ (ਧਵਨ) - ਪੰਜਾਬ 'ਚ ਸਿੱਖਿਆ ਦੇ ਡਿੱਗੇ ਪੱਧਰ ਨੂੰ ਉੱਚਾ ਚੁੱਕਣ ਲਈ ਹੁਣ ਉਦਯੋਗਿਕ ਘਰਾਣੇ ਅੱਗੇ ਆ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਕੇ ਇਨ੍ਹਾਂ ਉਦਯੋਗਿਕ ਘਰਾਣਿਆਂ ਦੇ ਮੁਖੀਆ ਨੇ ਕਿਹਾ ਹੈ ਕਿ ਉਹ ਸੂਬੇ 'ਚ ਯੂਨੀਵਰਸਿਟੀ ਅਤੇ ਸਕੂਲ ਸਥਾਪਿਤ ਕਰਨਾ ਚਾਹੁੰਦੇ ਹਨ ਤਾਂ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਸਕੇ। ਭਾਰਤੀ ਇੰਟਰਪ੍ਰਾਈਜ਼ਿਜ਼ ਦੇ ਰਾਕੇਸ਼ ਭਾਰਤੀ ਮਿੱਤਲ ਨੇ ਸੂਬੇ 'ਚ ਗੁਣਕਾਰੀ ਸਿੱਖਿਆ ਨੂੰ ਵਾਧਾ ਦੇਣ ਲਈ ਪਹਿਲ ਕੀਤੀ ਹੈ ਅਤੇ ਨਾਲ ਹੀ ਉਨ੍ਹਾਂ ਨੇ ਲੁਧਿਆਣਾ ਦੇ ਨੇੜੇ ਲਾਡੋਵਾਲ ਫੂਡ ਪ੍ਰੋਸੈਸਿੰਗ ਪਲਾਂਟ ਸਥਾਪਿਤ ਕਰਨ 'ਚ ਵੀ ਦਿਲਚਸਪੀ ਦਿਖਾਈ ਹੈ।
ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਵੱਡੇ ਉੱਦਮੀਆਂ ਨੂੰ ਕਿਹਾ ਹੈ ਕਿ ਸੂਬਾ ਸਰਕਾਰ ਉਦਯੋਗੀਕਰਨ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਮੁੰਬਈ 'ਚ ਵੱਡੇ ਉੱਦਮੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਪੰਜਾਬ 'ਚ ਪੂੰਜੀ ਨਿਵੇਸ਼ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਹੁਣ ਸਮਾਂ ਗਵਾਏ ਬਿਨਾਂ ਪੰਜਾਬ ਨੂੰ ਉਦਯੋਗਿਕ ਤੌਰ 'ਤੇ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਨਾਲ ਸੂਬੇ 'ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਮਿੱਤਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਿੱਖਿਆ ਵਿਕਾਸ ਬੋਰਡ ਨੇ ਉਨ੍ਹਾਂ ਦੀ ਪਹਿਲ ਨੂੰ ਸਮਰਥਨ ਦਿੱਤਾ ਹੈ, ਜਿਸ ਕਾਰਨ ਸਿੱਖਿਆ ਦੇ ਪੱਧਰ 'ਚ ਆਉਣ ਵਾਲੇ ਸਮੇਂ 'ਚ ਸੁਧਾਰ ਦੇਖਣ ਨੂੰ ਮਿਲੇਗਾ। ਅਜੇ ਤੱਕ ਸੂਬੇ 'ਚ 5 ਸੱਤਿਆ ਭਾਰਤੀ ਆਦਰਸ਼ ਸੀ. ਸੈ. ਸਕੂਲ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਦਾ 10ਵੀਂ ਅਤੇ 12ਵੀਂ ਕਲਾਸਾਂ ਦਾ ਨਤੀਜਾ ਆਊਟਸਟੈਂਡਿੰਗ ਰਿਹਾ ਹੈ। ਉਨ੍ਹਾਂ ਨੇ ਸਮਾਜਿਕ ਜ਼ਿੰਮੇਵਾਰੀਆਂ ਦੀ ਪੂਰਤੀ ਨਾਲ ਯੂਨੀਵਰਸਿਟੀ ਸਥਾਪਿਤ ਕਰਨ ਦਾ ਪ੍ਰਸਤਾਵ ਵੀ ਪੇਸ਼ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਨੂੰ ਕਿਹਾ ਕਿ ਉਹ ਪੰਜਾਬ 'ਚ ਪੂੰਜੀ ਨਿਵੇਸ਼ ਦੇ ਪ੍ਰਸਤਾਵ ਸਰਕਾਰ ਦੇ ਸਾਹਮਣੇ ਪੇਸ਼ ਕਰਨ ਅਤੇ ਸਰਕਾਰ ਉਨ੍ਹਾਂ ਨੂੰ ਪਾਸ ਕਰ ਦੇਵੇਗੀ। ਉਦਯੋਗਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਜਾਣਗੀਆਂ।