ਪੰਜਾਬ: LPG ਸਿਲੰਡਰਾਂ ਬਾਰੇ ਵੱਡੀ ਅਪਡੇਟ, ਵਿਆਹਾਂ ਦੇ ਸੀਜ਼ਨ ਵਿਚਾਲੇ ਲਿਆ ਗਿਆ ਅਹਿਮ ਫ਼ੈਸਲਾ
Thursday, Mar 19, 2026 - 04:18 PM (IST)
ਲੁਧਿਆਣਾ (ਖ਼ੁਰਾਨਾ)– ਖਾੜੀ ਦੇਸ਼ਾਂ ਵਿਚ ਜੰਗ ਕਾਰਨ LPG ਪ੍ਰਭਾਵਿਤ ਹੋਣ ਦਾ ਅਸਰ ਪੰਜਾਬ ਸਣੇ ਪੂਰੇ ਦੇਸ਼ ਵਿਚ ਹੀ ਵੇਖਣ ਨੂੰ ਮਿਲਿਆ। ਇਸ ਕਾਰਨ ਵਪਾਰਕ LPG ਸਿਲੰਡਰ ਨਾ ਮਿਲਣ ਕਾਰਨ ਅਜਿਹੇ ਪਰਿਵਾਰ ਕਾਫ਼ੀ ਫ਼ਿਕਰਮੰਦ ਸਨ, ਜਿੰਨ੍ਹਾਂ ਦੇ ਘਰ ਵਿਚ ਇੰਨ੍ਹਾਂ ਦਿਨਾਂ ਦੌਰਾਨ ਕੋਈ ਵਿਆਹ ਸਮਾਗਮ ਰੱਖਿਆ ਹੋਇਆ ਹੈ, ਕਿਉਂਕਿ ਹਲਵਾਈ ਵਪਾਰਕ LPG ਸਿਲੰਡਰ ਨਾ ਮਿਲਣ ਕਾਰਨ ਬੁਕਿੰਗ ਕੈਂਸਲ ਕਰਨ ਤਕ ਦੀ ਗੱਲ ਆਖ਼ ਰਹੇ ਸਨ। ਇਸ ਵਿਚਾਲੇ ਹੁਣ ਵਿਆਹ ਸਮਾਗਮਾਂ, ਹਸਪਤਾਲਾਂ ਤੇ ਵਿੱਦਿਅਕ ਸੰਸਥਾਵਾਂ ਲਈ ਲੋੜ ਮੁਤਾਬਕ ਵਪਾਰਕ ਐੱਲ.ਪੀ. ਜੀ. ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ।
ਇਸ ਸਬੰਧੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਹਸਪਤਾਲਾਂ ਅਤੇ ਹੋਸਟਲਾਂ ਸਮੇਤ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ ਲੋੜ ਅਨੁਸਾਰ ਵਪਾਰਕ ਐੱਲ. ਪੀ. ਜੀ. ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਮੇਟੀਆਂ ਲੋੜ ਅਨੁਸਾਰ ਵਿਆਹ ਸਮਾਗਮਾਂ ਲਈ ਤਰਜੀਹ ਦੇ ਆਧਾਰ 'ਤੇ ਵਪਾਰਕ ਐੱਲ. ਪੀ. ਜੀ. ਸਿਲੰਡਰ ਅਲਾਟ ਕਰ ਸਕਦੀਆਂ ਹਨ, ਖਾਸ ਕਰਕੇ ਧੀਆਂ ਦੇ ਵਿਆਹ ਮੌਕੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਸਕਦੀ ਹੈ ਜਦਕਿ ਭਾਰਤ ਸਰਕਾਰ ਦੇ ਹੁਕਮਾਂ ਅਨੁਸਾਰ, ਸਾਰੇ ਵਪਾਰਕ ਅਦਾਰਿਆਂ ਨੂੰ ਵਪਾਰਕ ਐੱਲ. ਪੀ. ਜੀ. ਸਿਲੰਡਰਾਂ ਦੀ ਵਰਤੋਂ ਗੈਰ-ਤਰਜੀਹੀ ਹੈ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੀਤੇ ਸ਼ੁੱਕਰਵਾਰ ਜਾਣਕਾਰੀ ਸਾਂਝੀ ਕੀਤੀ ਸੀ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਲੋੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਜ਼ਿਲ੍ਹੇ ਵਿੱਚ ਤੇਲ ਜਾਂ ਗੈਸ ਸਪਲਾਈ ਦੀ ਕੋਈ ਕਿੱਲਤ ਨਹੀਂ ਹੈ ਅਤੇ ਲੋਕਾਂ ਨੂੰ ਕਿਸੇ ਵੀ ਪੱਖੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਗੈਸ ਏਜੰਸੀਆਂ ਦੇ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਹਾਲਾਤਾਂ ਵਿੱਚ ਸਿਲੰਡਰਾਂ ਦੀ ਗੈਰ-ਕਾਨੂੰਨੀ ਜਮ੍ਹਾਂਖੋਰੀ, ਭੰਡਾਰ ਨਾ ਹੋਣ ਦਿੱਤੀ ਜਾਵੇ। ਸਮੂਹ ਗੈਸ ਏਜੰਸੀਆਂ ਨੂੰ ਇਹ ਯਕੀਨੀ ਬਣਾਉਣ ਸਬੰਧੀ ਹਦਾਇਤ ਕੀਤੀ ਗਈ ਕਿ ਉਨ੍ਹਾਂ ਦੇ ਦਫਤਰੀ ਫੋਨ ਨੰਬਰ ਅਤੇ ਹੈਲਪਲਾਈਨ ਨੰਬਰ ਹਮੇਸ਼ਾ ਚਾਲੂ ਰਹਿਣ ਤਾਂ ਜੋ ਉਪਭੋਗਤਾਵਾਂ ਨੂੰ ਜਾਣਕਾਰੀ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ।
ਇਸ ਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੀ ਵੀ ਵਿਅਕਤੀ ਜਾਂ ਡੀਲਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀ ਜਮ੍ਹਾਂਖੋਰੀ ਜਾਂ ਕਾਲਾਬਜ਼ਾਰੀ ਕੀਤੀ ਜਾਂਦੀ ਹੈ ਤਾਂ ਨਿਯਮਾਂ ਅਨੁਸਾਰ ਬਣਦੀ ਤੁਰੰਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਘਬਰਾਹਟ ਵਿੱਚ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬੇਲੋੜੀ ਖਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਥਿਤੀ 'ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਪੈਟਰੋਲ, ਡੀਜ਼ਲ ਜਾਂ ਘਰੇਲੂ ਗੈਸ ਦੀ ਜਮ੍ਹਾਖੋਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕਿਟ ਵਿਚ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਅਫਵਾਹ ਜਾਂ ਬੇਨਿਯਮੀ ਦੀ ਸੂਰਤ ਵਿਚ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ।
