CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ ਪ੍ਰਦਰਸ਼ਨ

Wednesday, Aug 05, 2026 - 05:32 PM (IST)

CHO ਨੇ ਮੁੜ ਸ਼ੁਰੂ ਕੀਤੀ ਹੜਤਾਲ, ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਕੀਤਾ ਪ੍ਰਦਰਸ਼ਨ

ਗੁਰਦਾਸਪੁਰ (ਹਰਮਨ) : ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਸੇਵਾਵਾਂ ਨਿਭਾ ਰਹੇ ਸੀਐਚਓ (ਕਮਿਊਨਟੀ ਹੈਲਥ ਅਫ਼ਸਰਾਂ ) ਨੇ ਬੁੱਧਵਾਰ ਤੋਂ ਆਪਣੀ ਅਣਮਿੱਥੀ ਹੜਤਾਲ ਦੀ ਸ਼ੁਰੂਆਤ ਕਰ ਦਿੱਤੀ ਹੈ ਹੜਤਾਲ ਦੇ ਪਹਿਲੇ ਹੀ ਦਿਨ ਗੁਰਦਾਸਪੁਰ ਸਮੇਤ ਪੰਜਾਬ ਭਰ ਵਿਚ ਆਯੁਸ਼ਮਾਨ ਆਰੋਗਿਆ ਕੇਂਦਰਾਂ ਨੂੰ ਤਾਲੇ ਲੱਗ ਗਏ, ਜਿਸ ਕਾਰਨ ਹਜ਼ਾਰਾਂ ਪਿੰਡਾਂ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ। ਇਸ ਦੌਰਾਨ ਸੀਐਚਓ ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਿਵਲ ਸਰਜਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਵੱਲੋਂ ਜਾਰੀ ਨਵੀਆਂ ਗਾਈਡਲਾਈਨਜ਼ ਦੀਆਂ ਕਾਪੀਆਂ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ।

ਸੀਐਚਓ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਸੁਨੀਲ ਤਰਗੋਤਰਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਕਮਿਊਨਟੀ ਹੈਲਥ ਅਫ਼ਸਰਾਂ ਨਾਲ ਵਾਅਦਾ-ਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਦੌਰ ਦੀਆਂ ਮੀਟਿੰਗਾਂ ਦੌਰਾਨ ₹5000 ਤਨਖ਼ਾਹ ਵਾਧੇ ਦਾ ਭਰੋਸਾ ਦਿੱਤਾ ਗਿਆ ਸੀ ਪਰ 22 ਜੁਲਾਈ ਨੂੰ ਜਾਰੀ ਪੱਤਰ ਰਾਹੀਂ ਇਸ ਰਕਮ ਨੂੰ ਤਨਖ਼ਾਹ ਦਾ ਹਿੱਸਾ ਬਣਾਉਣ ਦੀ ਥਾਂ ਇੰਸੈਂਟਿਵ ਨਾਲ ਜੋੜ ਦਿੱਤਾ ਗਿਆ ਅਤੇ ਇਸ ਉੱਤੇ ਬੈਂਚਮਾਰਕ ਦੀ ਸ਼ਰਤ ਲਾ ਦਿੱਤੀ ਗਈ। ਇਸ ਤੋਂ ਬਾਅਦ 4 ਅਗਸਤ ਨੂੰ ਜਾਰੀ ਨਵੀਆਂ ਗਾਈਡਲਾਈਨਜ਼ ਵਿੱਚ ਹੋਰ ਵੀ ਅਜਿਹੀਆਂ ਸ਼ਰਤਾਂ ਸ਼ਾਮਲ ਕਰ ਦਿੱਤੀਆਂ ਗਈਆਂ, ਜਿਨ੍ਹਾਂ ਨੂੰ ਪੂਰਾ ਕਰਨਾ ਲਗਭਗ ਅਸੰਭਵ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਨਵੀਆਂ ਗਾਈਡਲਾਈਨਜ਼ ਸੀਐਚਓ ਨੂੰ ਅਸਲ ਵਿੱਤੀ ਲਾਭ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਹਨ। ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਐਚਡਬਲਿਊਸੀ ਲੀਡ ਕੰਸਲਟੈਂਟ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ 5000 ਤਨਖ਼ਾਹ ਵਿਚ ਸਥਾਈ ਵਾਧਾ, ਲੌਇਲਟੀ ਬੋਨਸ, ਸੀਐਚਓ ਦਾ ਰੈਗੂਲਰ ਕੈਡਰ ਮਨਜ਼ੂਰ ਕਰਨਾ ਅਤੇ ਤਨਖ਼ਾਹ ਤੇ ਇੰਸੈਂਟਿਵ ਨੂੰ ਮਰਜ ਕਰਨ ਸਮੇਤ ਕਈ ਅਹਿਮ ਮੰਗਾਂ ਅਜੇ ਵੀ ਲੰਬਿਤ ਹਨ। ਯੂਨੀਅਨ ਵੱਲੋਂ ਕਈ ਵਾਰ ਸਰਕਾਰ ਅਤੇ ਸਿਹਤ ਵਿਭਾਗ ਕੋਲ ਮੀਟਿੰਗ ਲਈ ਸਮਾਂ ਮੰਗਿਆ ਗਿਆ, ਪਰ ਕੋਈ ਸਕਾਰਾਤਮਕ ਜਵਾਬ ਨਹੀਂ ਮਿਲਿਆ। ਯੂਨੀਅਨ ਨੇ ਐਲਾਨ ਕੀਤਾ ਕਿ 10 ਅਗਸਤ ਨੂੰ ਐਨਐਚਐਮ ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਸੀਐਚਓ ਵਿਸ਼ਾਲ ਰੋਸ ਧਰਨਾ ਦੇਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
 


author

Gurminder Singh

Content Editor

Related News