ਪੰਜਾਬ ਸਰਕਾਰ ਨੇ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਧਾਈ

Thursday, Jun 21, 2018 - 07:08 AM (IST)

ਚੰਡੀਗੜ੍ਹ (ਬਿਊਰੋ) - ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 20 ਜੂਨ, 2017 ਤੋਂ ਲਾਗੂ ਹੋਵੇਗਾ। ਇਸ ਸਬੰਧੀ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਹੜੀਆਂ ਫਸਲਾਂ ਦਾ 76 ਤੋਂ 100 ਫੀਸਦੀ ਨੁਕਸਾਨ ਹੋਵੇਗਾ, ਉਸ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਇਹ ਵਾਧਾ 5 ਫੀਸਦੀ ਬਣਦਾ ਹੈ।
ਵਧੀਕ ਮੁੱਖ ਸਕੱਤਰ ਮਾਲ-ਕਮ-ਵਿੱਤੀ ਕਮਿਸ਼ਨਰ ਮਾਲ ਵਿੰਨੀ ਮਹਾਜਨ ਨੇ ਦੱਸਿਆ ਕਿ 26 ਤੋਂ 32 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਮੁਆਵਜ਼ਾ ਰਾਸ਼ੀ 2000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਪ੍ਰਤੀ ਏਕੜ 5400 ਰੁਪਏ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਵਲੋਂ ਪਹਿਲਾਂ ਤੋਂ ਹੀ ਦਿੱਤੀ ਜਾ ਰਹੀ ਹੈ। ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਰੂਰਤ ਸਮੇਂ ਉਨ੍ਹਾਂ ਦੀ ਸਹਾਇਤਾ ਲਈ ਰਾਜ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।


Related News