ਮੀਂਹ ਕਾਰਨ ਤਬਾਹ ਹੋਈਆਂ ਫ਼ਸਲਾਂ ਲਈ ਸੁਖਬੀਰ ਬਾਦਲ ਵਲੋਂ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦੀ ਮੰਗ

04/05/2023 1:19:36 PM

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਸਮ ਦੀ ਮਾਰ ਨਾਲ ਤਬਾਹ ਹੋਈ ਫਸਲ ਦੇ ਬਦਲੇ ’ਚ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਦਰ ਨਾਲ ਮੁਆਵਜ਼ਾ ਜਾਰੀ ਕਰਨ ਦੀ ਮੰਗ ਕੀਤੀ ਹੈ। ਪਿਛਲੇ ਇਕ ਪੰਦਰਵਾੜੇ ਤੋਂ ਜ਼ਿਆਦਾ ਸਮੇਂ ਤੋਂ ਲਗਾਤਾਰ ਮੀਂਹ, ਤੇਜ਼ ਹਵਾ ਅਤੇ ਗੜੇਮਾਰੀ ਨਾਲ ਕਿਸਾਨਾਂ ਦੀ 20 ਲੱਖ ਹੈਕਟੇਅਰ ਵਿਚ ਖੜ੍ਹੀ ਕਣਕ ਦੀ ਫਸਲ ਤਬਾਹ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਬਿਆਨ ਜਾਰੀ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਦਾਸੀਨ ਰਵੱਈਏ ’ਤੇ ਹੈਰਾਨੀ ਜਤਾਉਂਦਿਆਂ ਕਿਹਾ, ‘ਮੁੱਖ ਮੰਤਰੀ ਕਿਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਸੂਬੇ ਦੇ ਲਗਭਗ ਅੱਧੇ ਹਿੱਸੇ ’ਚ ਕਣਕ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਅਤੇ ਇਸ ਦੀ ਪੁਸ਼ਟੀ ਖੇਤੀਬਾੜੀ ਮਾਹਿਰਾਂ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ‘ਦਿੱਲੀ ਮਾਡਲ’ ’ਤੇ ਫਸਲ ਨੁਕਸਾਨ ਦੇ ਤੁਰੰਤ ਬਾਅਦ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰਨ ਲਈ ਗਿਰਦਾਵਰੀ ਪ੍ਰਕਿਰਿਆ ਵਿਚ ਦੇਰੀ ਕਰਨ ਦੀ ਬਜਾਏ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ, ਜਿਵੇਂ ਕਿ ਉਹ ਪਿਛਲੇ ਸਾਲ ਵੀ ਪੂਰਾ ਕਰਨ ਵਿਚ ਅਸਫ਼ਲ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਪੀ. ਜੀ. ਆਈ. ਅਲਰਟ ’ਤੇ

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਿਛਲੇ ਸਾਲ ਕਣਕ ਅਤੇ ਕਪਾਹ ਦੀ ਫਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ, ਜਿਨ੍ਹਾਂ ਨੂੰ ਤੁੰਰਤ ਬਿਨਾਂ ਕਿਸੇ ਦੇਰੀ ਦੇ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸਾਨਾਂ ਦੇ ਨਾਲ ਬੇਇਨਸਾਫ਼ੀ ਹੋਈ ਤਾਂ ਅਕਾਲੀ ਦਲ ਅੰਦੋਲਨ ਸ਼ੁਰੂ ਕਰੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਖੇਤੀ ਮਜਦੂਰਾਂ ਦੇ ਮੁਆਵਜ਼ੇ ਨੂੰ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਏਕੜ ਕੀਤਾ ਜਾਣਾ ਚਾਹੀਦਾ ਹੈ ਅਤੇ ਠੇਕੇ ’ਤੇ ਜ਼ਮੀਨ ਲੈਣ ਵਾਲਿਆਂ ਨੂੰ ਹੋਏ ਨੁਕਸਾਨ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ :  ਜਲੰਧਰ ਦੇ ਲੋਕ ਇਸ ਵਾਰ ਭਾਜਪਾ ਦਾ ਸੰਸਦ ਮੈਂਬਰ ਬਣਾਉਣ ਤੇ ਫਰਕ ਦੇਖਣ : ਅਸ਼ਵਨੀ ਸ਼ਰਮਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Anuradha

Content Editor

Related News