ਡਿਪਟੀ ਕਮਿਸ਼ਨਰ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਵਿਸ਼ੇਸ਼ ਗਿਰਦਾਵਰੀ ਦਾ ਜਾਇਜ਼ਾ, ਜਲਦ ਦਿੱਤਾ ਜਾਵੇਗਾ ਮੁਆਵਜ਼ਾ
Friday, Aug 04, 2023 - 03:36 PM (IST)
ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹੇ ’ਚ ਹੜ੍ਹਾਂ ਕਾਰਨ ਹੋਏ ਫ਼ਸਲਾਂ/ਮਕਾਨਾਂ ਆਦਿ ਦੇ ਨੁਕਸਾਨ ਦੇ ਮੁਲਾਂਕਣ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ ਦਾ ਪਿੰਡਾਂ ਵਿੱਚ ਜਾ ਕੇ ਜਾਇਜ਼ਾ ਲਿਆ। ਸ਼ਾਹਕੋਟ ਖੇਤਰ ਦੇ ਪਿੰਡ ਮਹਿਰਾਜਵਾਲਾ, ਗਿੱਦੜਪਿੰਡੀ ਅਤੇ ਕੁਤਬੇਵਾਲ ਸਮੇਤ ਹੋਰਨਾਂ ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜਲਦ ਤੋਂ ਜਲਦ ਹੜ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ 40 ਪਿੰਡਾਂ ਦਾ ਕਰੀਬ 13000 ਏਕੜ ਰਕਬਾ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਫ਼ਸਲਾਂ, ਮਕਾਨਾਂ, ਪਸ਼ੂਆਂ ਦੇ ਨੁਕਸਾਨ ਦੇ ਨਾਲ-ਨਾਲ ਸੜਕਾਂ, ਬਿਜਲੀ ਦੇ ਖੰਭੇ ਆਦਿ ਸਮੇਤ ਹੋਰ ਬੁਨਿਆਦੀ ਢਾਂਚੇ ਦੇ ਹੋਏ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਜਾ ਰਿਹਾ ਹੈ ਤਾਂ ਦੇ ਮੁੜ ਵਸੇਬੇ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਜਿਹੜੀਆਂ ਜ਼ਮੀਨਾਂ ਬਿਜਾਈ ਦੇ ਯੋਗ ਨਹੀਂ ਰਹੀਆਂ, ਉਨ੍ਹਾਂ ਦੀ ਗਿਰਦਾਵਰੀ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ’ਚ ਗਿਰਦਾਵਰੀ ਦੇ ਕੰਮ ਨੂੰ ਨੇਪਰੇ ਚਾੜਨ ਲਈ 10 ਪਟਵਾਰੀਆਂ ਦੀ ਵਾਧੂ ਤੌਰ ’ਤੇ ਡਿਊਟੀ ਲਗਾਈ ਗਈ ਹੈ ਅਤੇ ਮਾਲ ਵਿਭਾਗ ਨੂੰ ਇਹ ਕੰਮ 5 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : ਕੁਲੈਕਟਰ ਦਰਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ SDM ਤੇ ਤਹਿਸੀਲਦਾਰਾਂ ਨੂੰ ਸਖ਼ਤ ਨਿਰਦੇਸ਼
ਸਾਰੰਗਲ ਨੇ ਇਹ ਵੀ ਦੱਸਿਆ ਕਿ ਜਿਹੜੇ ਕਿਸਾਨਾਂ ਦਾ ਝੋਨਾ ਖ਼ਰਾਬ ਹੋਇਆ ਹੈ, ਉਨ੍ਹਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਫ਼ਤ ਪਨੀਰੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ’ਚ ਬਾਸਮਤੀ 1509 ਅਤੇ ਪੀ. ਆਰ. 126 ਮੁੱਖ ਰੂਪ ’ਚ ਸ਼ਾਮਿਲ ਹੈ ਤਾਂ ਜੋ ਉਹ ਮੁੜ ਫ਼ਸਲ ਦੀ ਬਿਜਾਈ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ ਹਨ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਵੱਧ ਤੋਂ ਵੱਧ ਭਰਪਾਈ ਕੀਤੀ ਜਾਵੇ, ਜਿਸ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ 'ਤੇ ਗਿਰਦਾਵਰੀ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਰਿਪੋਰਟ ਜਲਦ ਤੋਂ ਜਲਦ ਸਰਕਾਰ ਨੂੰ ਭੇਜੀ ਜਾ ਸਕੇ। ਪਿੰਡਾਂ ’ਚ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਮੁਸ਼ਕਲ ਸਮੇਂ ’ਚ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਲਈ ਯਤਨਸ਼ੀਲ ਹੈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਿਸ਼ਭ ਬਾਂਸਲ, ਸਬੰਧਤ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਪਿੰਡਾਂ ਦੇ ਕਿਸਾਨ ਮੌਜੂਦ ਸਨ।
ਇਹ ਵੀ ਪੜ੍ਹੋ : UGC ਨੇ ਫਰਜ਼ੀ ਐਲਾਨੀਆਂ ਇਹ ਯੂਨੀਵਰਸਿਟੀਆਂ, ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਕੀਤਾ ਖ਼ਤਮ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8