ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ
Monday, Apr 07, 2025 - 11:49 AM (IST)

ਮਾਨਸਾ (ਜੱਸਲ) : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ’ਚ ਜ਼ਿਲ੍ਹੇ ਅੰਦਰ-ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਆਕਾਸ਼ ਬਾਂਸਲ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ’ਚ ਉਨ੍ਹਾਂ ਕਿਹਾ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਵੀ ਪੂਰਨ ਰੂਪ ’ਚ ਮਨਾਹੀ ਹੋਵੇਗੀ।
ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਸਟੰਟਾਂ ’ਤੇ ਰੋਕ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਆਦਿ ਦੇ ਖ਼ਤਰਨਾਕ ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਹੁਕਮ ’ਚ ਉਨ੍ਹਾਂ ਕਿਹਾ ਕਿ ਉਪ ਸਕੱਤਰ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-5 ਸ਼ਾਖਾ) ਨੇ ਪੱਤਰ ਰਾਹੀਂ ਲਿਖਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ’ਚ ਟਰੈਕਟਰ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਿਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ।