ਵਿਜੀਲੈਂਸ ਵੱਲੋਂ 4,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪ੍ਰੇਟਰ ਰੰਗੇ ਹੱਥੀਂ ਕਾਬੂ

Tuesday, Mar 14, 2023 - 08:40 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਕੰਗਣਵਾਲ ਦੇ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪ੍ਰੇਟਰ ਮੰਗਜੀਤ ਸਿੰਘ ਨੂੰ 4,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਸਰਦਾਰਾਂ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਾਸੀ ਉਕਤ ਦੋਸ਼ੀ ਮੰਗਜੀਤ ਸਿੰਘ ਨੂੰ ਸ਼ਿਕਾਇਤਕਰਤਾ ਸਿਕੰਦਰ ਖਾਨ ਵਾਸੀ ਪਿੰਡ ਕੰਗਣਵਾਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ 34.47 ਕਰੋੜ ਦਾ ਰੱਖਿਆ ਨੀਂਹ ਪੱਥਰ

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਮੈਰਿਜ ਸਰਟੀਫਿਕੇਟ 'ਤੇ ਉਸ ਦੀ ਪਤਨੀ ਦੇ ਪਿਤਾ ਦਾ ਨਾਂ ਦਰੁਸਤ ਕਰਨ ਬਦਲੇ ਉਕਤ ਕੰਪਿਊਟਰ ਆਪ੍ਰੇਟਰ ਨੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਸੇਵਾ ਕੇਂਦਰ ਆਪ੍ਰੇਟਰ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ 'ਚ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਜਾਂਚ ਆਰੰਭ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦਵਾਈ ਨਿਰਮਾਤਾ ਕੰਪਨੀ Novo Nordisk ਇੰਸੁਲਿਨ ਦੀ ਕੀਮਤ 'ਚ 75 ਫ਼ੀਸਦੀ ਤੱਕ ਕਰੇਗੀ ਕਟੌਤੀ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News