ਕੰਪਿਊਟਰ ਅਧਿਆਪਕਾਂ ਨੇ ਦੁਬਾਰਾ ਵਜਾਇਆ ਸੰਘਰਸ਼ ਦਾ ਬਿਗੁਲ

09/29/2017 3:40:18 AM

ਸੁਲਤਾਨਪੁਰ ਲੋਧੀ, (ਧੀਰ)- ਕੰਪਿਊਟਰ ਟੀਚਰਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਹਰਮਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਆਤਮਾ ਸਿੰਘ ਪਾਰਕ ਵਿਖੇ ਹੋਈ। ਮੀਟਿੰਗ 'ਚ ਵੱਡੀ ਗਿਣਤੀ 'ਚ ਕੰਪਿਊਟਰ ਅਧਿਆਪਕਾਂ ਨੇ ਸ਼ਿਰਕਤ ਕੀਤੀ। ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਜ਼ਿਲਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਦੱਸਿਆ ਕਿ ਸੂਬਾ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਲਗਾਤਾਰ ਕੰਪਿਊਟਰ ਅਧਿਆਪਕਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਸਾਡੇ ਨਿਯੁਕਤੀ ਪੱਤਰ ਤੇ ਨੋਟੀਫਿਕੇਸ਼ਨ ਨੂੰ ਨਜ਼ਰ ਅੰਦਾਜ਼ ਕਰਕੇ ਲਗਾਤਾਰ ਕੇਡਰ ਵਿਰੋਧੀ ਪੱਤਰ ਜਾਰੀ ਕੀਤੇ ਜਾ ਰਹੇ ਹਨ, ਜਿਸ ਸਬੰਧੀ ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਕੰਪਿਊਟਰ ਅਧਿਆਪਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ ਤੇ ਹੌਲੀ-ਹੌਲੀ ਕਰਕੇ ਕੰਪਿਊਟਰ ਅਧਿਆਪਕਾਂ ਨੂੰ ਦਿੱਤੇ ਜਾਣ ਵਾਲੇ ਸਾਰੇ ਲਾਭ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 29 ਸਤੰਬਰ ਨੂੰ ਜਥੇਬੰਦੀ ਦੀ ਸਿੱਖਿਆ ਸਕੱਤਰ ਨਾਲ ਇਕ ਮੀਟਿੰਗ ਹੋ ਰਹੀ ਹੈ, ਜਿਸ 'ਚ ਕੰਪਿਊਟਰ ਅਧਿਆਪਕਾਂ ਦੇ ਮਸਲੇ ਸਬੰਧੀ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇ ਇਸ ਮੀਟਿੰਗ 'ਚ ਵੀ ਕੋਈ ਸਾਰਥਕ ਹੱਲ ਨਾ ਨਿਕਲਿਆ ਤਾਂ ਸੂਬੇ ਭਰ ਦੇ 7 ਹਜ਼ਾਰ ਕੰਪਿਊਟਰ ਆਧਿਆਪਕ ਆਪਣੇ ਪਰਿਵਾਰਾਂ ਸਮੇਤ 2 ਅਕਤੂਬਰ ਨੂੰ ਸੂਬਾ ਪੱਧਰੀ ਰੈਲੀ ਸਿੱਖਿਆ ਮੰਤਰੀ ਦੇ ਹਲਕੇ ਗੁਰਦਾਸਪੁਰ 'ਚ ਕਰਨਗੇ, ਜਿਸ 'ਚ ਵੱਡੀ ਗਿਣਤੀ 'ਚ ਬਲਾਕ ਸੁਲਤਾਨਪੁਰ ਲੋਧੀ ਦੇ ਕੰਪਿਊਟਰ ਅਧਿਆਪਕ ਵੀ ਸ਼ਿਰਕਤ ਕਰਨਗੇ। 
ਇਸ ਮੌਕੇ ਜਸਪਾਲ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਜਤਿੰਦਰ ਥਿੰਦ, ਰਮਨਦੀਪ ਸਿੰਘ, ਸੁਰਜੀਤ ਸਿੰਘ, ਗੁਰਭੇਜ ਸਿੰਘ, ਪਵਨ ਕੁਮਾਰ, ਤਲਵਿੰਦਰ ਸਿੰਘ, ਹਰਪ੍ਰੀਤ ਕੌਰ, ਸੁਖਮਨਦੀਪ ਕੌਰ, ਕਿੰਦਰਜੀਤ ਕੌਰ, ਵਰੁਨਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਰੁਪਿੰਦਰ ਕੌਰ ਆਦਿ ਹਾਜ਼ਰ ਸਨ।


Related News