CM ਭਗਵੰਤ ਮਾਨ ਨੂੰ ਮਨੀਸ਼ ਤਿਵਾੜੀ ਨੇ ਦਿੱਤੀ ਵਧਾਈ, ਚਰਨਜੀਤ ਚੰਨੀ 'ਤੇ ਲਈ ਚੁਟਕੀ

03/16/2022 5:43:58 PM

ਚੰਡੀਗੜ੍ਹ (ਵਾਰਤਾ) : ਪੰਜਾਬ ਵਿਧਾਨ ਸਭਾ ਚੋਣਾਂ 'ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਿੱਚ ਪੈਦਾ ਹੋਏ ਘਮਾਸਾਨ ਦਰਮਿਆਨ ਅਨੰਦਪੁਰ ਸਾਹਿਬ ਸੀਟ ਤੋਂ ਪਾਰਟੀ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅੱਜ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਡੰਬਨਾ ਇਹ ਹੈ ਕਿ ਉਨ੍ਹਾਂ ਨੂੰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਬੁਲਾਇਆ ਗਿਆ ਸੀ। ਤਿਵਾੜੀ ਨੇ ਆਪਣੇ ਟਵਿੱਟਰ ਹੈਂਡਲ 'ਤੇ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੇ ਸੱਦੇ ਦਾ ਹਵਾਲਾ ਦਿੰਦਿਆਂ ਟਵੀਟ ਕੀਤਾ ਕਿ ਉਹ ਮਾਨ ਨੂੰ ਵਧਾਈ ਦਿੰਦੇ ਹਨ ਅਤੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸੱਦਾ ਦੇਣ ਲਈ ਧੰਨਵਾਦ ਕਰਦੇ ਹਨ।

ਇਹ ਵੀ ਪੜ੍ਹੋ : ਕੀ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾਂਦੀ ਲੁੱਟ ਨੂੰ ਰੋਕੇਗੀ 'ਆਪ' ਸਰਕਾਰ?

ਉਨ੍ਹਾਂ ਲਿਖਿਆ ਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ, ਇਸ ਲਈ ਉਹ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਉਨ੍ਹਾਂ ਲਿਖਿਆ ਕਿ ਇਹ ਵਿਡੰਬਨਾ ਹੀ ਹੈ ਕਿ ਉਨ੍ਹਾਂ ਨੂੰ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਬੁਲਾਇਆ ਗਿਆ ਸੀ, ਹਾਲਾਂਕਿ ਉਹ ਉਨ੍ਹਾਂ ਦੀ ਹੀ ਪਾਰਟੀ ਦੇ ਸੰਸਦ ਮੈਂਬਰ ਹਨ। ਵਰਣਨਯੋਗ ਹੈ ਕਿ ਚੋਣਾਂ ਤੋਂ ਬਾਅਦ ਕਾਂਗਰਸ ਨਾ ਸਿਰਫ਼ ਸੱਤਾ ਤੋਂ ਬਾਹਰ ਹੋ ਗਈ ਸਗੋਂ 117 ਮੈਂਬਰੀ ਵਿਧਾਨ ਸਭਾ ਵਿੱਚ ਸਿਰਫ਼ 18 ਸੀਟਾਂ ’ਤੇ ਹੀ ਸਿਮਟ ਗਈ ਹੈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਚੰਨੀ (2 ਸੀਟਾਂ 'ਤੇ ਲੜੇ ਸਨ, ਦੋਵੇਂ ਹਾਰ ਗਏ) ਸਮੇਤ ਕਈ ਮੰਤਰੀਆਂ ਅਤੇ ਦਿੱਗਜਾਂ ਨੂੰ ਵੀ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।

ਇਹ ਵੀ ਪੜ੍ਹੋ : ਐਕਸ਼ਨ ’ਚ ਪਾਵਰਕਾਮ : ਨਵੀਂ ਕੰਪਨੀ ਬਣਾਏਗੀ ਬਿਜਲੀ ਬਿੱਲ, ਗਲਤੀ ਹੋਈ ਤਾਂ ‘ਡਿੱਗੇਗੀ ਗਾਜ’

ਇਸ ਹਾਰ ਤੋਂ ਬਾਅਦ ਪਾਰਟੀ 'ਚ ਕਈ ਆਗੂਆਂ, ਵਰਕਰਾਂ ਦੇ ਬਿਆਨ ਆ ਰਹੇ ਹਨ ਅਤੇ ਤਿੰਨ ਦਿੱਗਜ ਨੇਤਾਵਾਂ ਸਿੱਧੂ, ਚੰਨੀ ਤੇ ਸੁਨੀਲ ਜਾਖੜ ਦੇ ਧੜਿਆਂ ਵਿਚਾਲੇ ਇਕ ਦੂਜੇ 'ਤੇ ਦੋਸ਼ ਲਾਉਣੇ ਤੇ ਹਾਰ ਦੀ ਠੀਕਰਾ ਭੰਨ੍ਹਣ ਦੀਆਂ ਕੋਸ਼ਿਸ਼ਾਂ ਦਾ ਸਿਲਸਿਲਾ ਜਾਰੀ ਹੈ। ਸਿੱਧੂ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ 'ਤੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Harnek Seechewal

This news is Content Editor Harnek Seechewal