ਪੰਜਾਬ ਦੀ ਬਦਹਾਲੀ ਲਈ ਕਾਂਗਰਸ ਅਤੇ ਅਕਾਲੀ ਜ਼ਿੰਮੇਵਾਰ : ਬੁੱਧ ਰਾਮ

Wednesday, Jun 10, 2020 - 04:07 PM (IST)

ਪੰਜਾਬ ਦੀ ਬਦਹਾਲੀ ਲਈ ਕਾਂਗਰਸ ਅਤੇ ਅਕਾਲੀ ਜ਼ਿੰਮੇਵਾਰ : ਬੁੱਧ ਰਾਮ

ਪਾਇਲ (ਬਿੱਟੂ, ਵਿਨਾਇਕ) : ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਅਤੇ ਪੰਜਾਬ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਆਬਜ਼ਰਵਰ ਪ੍ਰਿੰਸੀਪਲ ਬੁੱਧ ਰਾਮ ਨੇ ਇੱਥੇ ਪਾਰਟੀ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਸੂਬਾ ਅੱਜ ਜਿਸ ਬਦਹਾਲੀ ਦੇ ਦੌਰ ਅਤੇ ਆਰਥਿਕ ਸੰਕਟ ਵਿਚੋਂ ਗੁਜ਼ਰ ਰਿਹਾ ਹੈ, ਉਸ ਲਈ ਕਾਂਗਰਸ ਅਤੇ ਅਕਾਲੀ ਦਲ ਬਰਾਬਰ ਦੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ 'ਚ ਮੀਟਿੰਗਾਂ ਕਰਨ ਜਾ ਰਹੀ ਹੈ ਜਿਸ ਤਹਿਤ ਪੰਜਾਬ ਦੇ ਕੁੱਲ 13 ਲੋਕ ਸਭਾ ਹਲਕਿਆਂ 'ਚ ਪਾਰਟੀ ਵੱਲੋਂ ਇਕ- ਇਕ ਵਿਧਾਇਕ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਕੇ ਉਨ੍ਹਾਂ ਨੂੰ ਦੂਰ ਕਰਵਾਉਣ ਦਾ ਯਤਨ ਕਰੇਗਾ, ਉੱਥੇ ਹੀ ਕਿਸੇ ਗੱਲੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਰਕਰਾਂ ਤੱਕ ਪਹੁੰਚ ਬਣਾ ਕੇ ਉਨ੍ਹਾਂ ਨੂੰ ਦੁਬਾਰਾ ਪਾਰਟੀ ਨਾਲ ਜੋੜਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ 2022 ਚੋਣਾਂ ਦੌਰਾਨ ਪੰਜਾਬ 'ਚ 'ਆਪ' ਦੀ ਸਰਕਾਰ ਬਣੇ ਕਿਉਂਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਾਕਡਾਊਨ ਦੌਰਾਨ ਲੋੜਵੰਦ ਪਰਿਵਾਰਾਂ ਦੀ ਜਿਸ ਤਰ੍ਹਾਂ ਅੱਗੇ ਵੱਧ ਕੇ ਬਾਂਹ ਫੜੀ ਹੈ, ਜਿਸ ਕਾਰਨ ਦੇਸ਼ਾਂ ਵਿਦੇਸ਼ਾਂ 'ਚ ਵੀ ਉਨ੍ਹਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਦੀ ਤਰੀਫ ਹੋ ਰਹੀ ਹੈ। 

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਆਫ਼ਤ ਦੌਰਾਨ ਗਰੀਬ ਤੇ ਲੋੜਵੰਦ ਲੋਕਾਂ ਨੂੰ 10 ਲੱਖ ਰਾਸ਼ਨ ਦੇ ਪੈਕੇਟ ਵੰਡਣ ਦੀ ਗੱਲ ਕਹੀ ਸੀ ਜਦਕਿ ਪੰਜਾਬ 'ਚ ਸਿਰਫ 2 ਲੱਖ ਰਾਸ਼ਨ ਦੇ ਪੈਕੇਟ ਵੰਡੇ ਗਏ ਹਨ, ਉੱਥੇ ਹੀ ਸੂਬਾ ਸਰਕਾਰ ਨੇ ਵੱਡੀ ਗਿਣਤੀ ਗਰੀਬ ਲੋਕਾਂ ਦੇ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਟ ਵੀ ਕੱਟ ਦਿੱਤੇ।

ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖਾਲਿਸਤਾਨ ਸਬੰਧੀ ਦਿੱਤੇ ਬਿਆਨਾਂ 'ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਇਸ ਪੂਰੇ ਮਾਮਲੇ ਵਿਚ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਇਨ੍ਹਾਂ ਦੋਵਾਂ ਪਾਰਟੀਆਂ ਨੇ ਹੀ ਪੰਜਾਬ ਨੂੰ ਅੱਤਵਾਦ ਦੇ ਕਾਲੇ ਦੌਰ ਵਿਚ ਝੋਕਿਆ ਸੀ, ਜਿਸ ਕਾਰਨ ਹਜ਼ਾਰਾਂ ਬੇਗੁਨਾਹ ਲੋਕ ਮਾਰੇ ਗਏ ਸਨ।


author

Gurminder Singh

Content Editor

Related News