ਕਾਂਗਰਸ ਦੇ ਰਾਜ ''ਚ ਅਮਨ-ਕਾਨੂੰਨ ਦੀ ਮਾੜੀ ਹਾਲਤ ਦਾ ਖਮਿਆਜ਼ਾ ਭੁਗਤ ਰਹੇ ਹਨ ਲੋਕ : ਮਜੀਠੀਆ

02/10/2018 10:53:01 AM

ਬਟਾਲਾ (ਮਠਾਰੂ)- ਸੂਬੇ 'ਚ ਵਿਗੜੀ ਹੋਈ ਅਮਨ-ਕਾਨੂੰਨ ਦੀ ਹਾਲਤ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲਾ ਯੂਥ ਅਕਾਲੀ ਦਲ ਦੇ ਪ੍ਰਧਾਨ ਰਮਨਦੀਪ ਸਿੰਘ ਸੰਧੂ ਤੇ ਸਰਗਰਮ ਯੂਥ ਆਗੂ ਸੁਖਵਿੰਦਰ ਸਿੰਘ ਅਗਵਾਨ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੀਟਿੰਗ ਕਰ ਕੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਪ੍ਰਧਾਨ ਰਮਨਦੀਪ ਸੰਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਰਾਜ 'ਚ ਗੁੰਡਾ ਅਨਸਰਾਂ ਦੇ ਹੌਸਲੇ ਵਧ ਗਏ ਹਨ ਕਿਉਂਕਿ ਕਾਨੂੰਨ ਦਾ ਕਿਸੇ ਨੂੰ ਵੀ ਕੋਈ ਡਰ ਨਹੀਂ ਰਿਹਾ, ਜਿਸ ਕਰਕੇ ਆਮ ਲੋਕਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਯੂਥ ਆਗੂ ਸੁਖਵਿੰਦਰ ਅਗਵਾਨ ਨੇ ਕਿਹਾ ਕਿ ਡੇਰਾ ਬਾਬਾ ਨਾਨਕ 'ਚ ਹੋਈ ਗੁੰਡਾਗਰਦੀ ਨੇ ਇਸ ਗੱਲ ਨੂੰ ਸਾਫ਼ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਦੇ ਰਾਜ 'ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਿਤ ਹੋਈ ਹੈ ਕਿਉਂਕਿ ਜਿਥੇ ਅਮਨ-ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਉਥੇ ਹੀ ਗਰੀਬ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਕਰਕੇ ਸੂਬੇ ਦਾ ਹਰ ਵਰਗ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੈ।  


Related News