ਕਾਂਗਰਸੀਆਂ ਨੂੰ ਵਾਅਦੇ ਯਾਦ ਕਰਵਾਉਣ ਲਈ ਠੇਕਾ ਮੁਲਾਜ਼ਮ ਕਰਨਗੇ ਭੁੱਖ ਹੜਤਾਲ
Wednesday, Dec 06, 2017 - 10:54 AM (IST)
ਅੰਮ੍ਰਿਤਸਰ (ਦਲਜੀਤ) - ਕਾਂਗਰਸ ਸਰਕਾਰ ਵੱਲੋਂ 8 ਮਹੀਨੇ ਬੀਤ ਜਾਣ 'ਤੇ ਇਕ ਵਾਰ ਵੀ ਮੁਲਾਜ਼ਮਾਂ ਨਾਲ ਗੱਲਬਾਤ ਨਾ ਕਰਨ 'ਤੇ ਮੁਲਾਜ਼ਮ ਆਗੂਆਂ ਵਿਚ ਰੋਸ ਵਧਦਾ ਜਾ ਰਿਹਾ ਹੈ। ਕਾਂਗਰਸ ਨੇ ਚੋਣਾਂ ਦੌਰਾਨ ਨੌਜਵਾਨ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ ਤੇ ਸਰਕਾਰ ਬਣਨ 'ਤੇ ਵਾਅਦਿਆਂ ਨੂੰ ਅਮਲੀਜਾਮਾ ਪਹਿਨਾਉਣ ਦੇ ਐਲਾਨ ਕੀਤੇ ਸਨ ਪਰ 8 ਮਹੀਨਿਆਂ 'ਚ ਮੁੱਖ ਮੰਤਰੀ ਵੱਲੋਂ 6 ਵਾਰ ਮੀਟਿੰਗ ਦਾ ਵਾਅਦਾ ਕਰ ਕੇ ਗੱਲਬਾਤ ਨਹੀਂ ਕੀਤੀ ਗਈ, ਜਿਸ ਕਰ ਕੇ ਮੁਲਾਜ਼ਮ ਹੁਣ ਸੜਕਾਂ 'ਤੇ ਆਉਣ ਨੂੰ ਮਜਬੂਰ ਹੋ ਗਏ ਹਨ। ਇਸ ਮੌਕੇ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਜ਼ਿਲਾ ਅੰਮ੍ਰਿਤਸਰ ਦੇ ਆਗੂਆਂ ਵੱਲੋਂ ਮੀਟਿੰਗ ਕੀਤੀ ਗਈ।
ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਵਿਕਾਸ ਕੁਮਾਰ, ਓਮ ਪ੍ਰਕਾਸ਼ ਅਨਾਰੀਆ, ਜੋਗਿੰਦਰ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਰਕਾਰ ਦੀ ਟਾਲਮਟੋਲ ਦੀ ਨੀਤੀ ਤੋਂ ਮੁਲਾਜ਼ਮ ਖਫਾ ਹੋ ਚੁੱਕੇ ਹਨ ਤੇ ਹੁਣ ਤਾਂ ਸਰਕਾਰ ਨੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਕਾਰਨ ਨੌਕਰੀਆਂ ਤੋਂ ਫਾਰਗ ਕਰਨਾ ਵੀ ਸ਼ੁਰੂ ਕਰ ਦਿੱਤਾ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਯਾਦ ਕਰਵਾਉਣ ਲਈ ਠੇਕਾ, ਆਊਟਸੋਰਸ, ਇਨਲਿਸਟਮੈਂਟ, ਦਿਹਾੜੀਦਾਰ ਤੇ ਰੈਗੂਲਰ ਮੁਲਾਜ਼ਮ 9 ਤੋਂ 11 ਦਸੰਬਰ ਤੱਕ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰ ਦੇ ਬਾਹਰ ਭੁੱਖ ਹੜਤਾਲ ਕਰਨਗੇ ਅਤੇ ਜੇਕਰ ਸਰਕਾਰ ਨੇ ਗੱਲਬਾਤ ਦਾ ਸਮਾਂ ਨਾ ਦਿੱਤਾ ਤਾਂ ਮੁਲਾਜ਼ਮ ਘਰ-ਘਰ ਜਾ ਕੇ ਸਰਕਾਰ ਦੇ ਝੂਠੇ ਵਾਅਦਿਆਂ ਦੇ ਪ੍ਰਚਾਰ ਦੇ ਨਾਲ-ਨਾਲ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਵੀ ਕਰਨਗੇ।
ਆਗੂਆਂ ਨੇ ਕਿਹਾ ਕਿ ਜਲੰਧਰ ਤੇ ਪਟਿਆਲਾ ਵਿਖੇ ਵੀ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਦਸੰਬਰ ਤੋਂ ਸਮੂਹ ਜ਼ਿਲਿਆਂ ਵਿਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਨਾਲ ਗੱਲਬਾਤ ਨਾ ਕੀਤੀ ਤਾਂ ਮੁਲਾਜ਼ਮ ਨਵੇਂ ਸਾਲ 'ਤੇ ਪਟਿਆਲਾ ਦੇ ਮੋਤੀ ਮਹਿਲ ਵੱਲ ਨੂੰ ਵਹੀਰਾਂ ਘੱਤਣਗੇ।
