ਸੂਬੇ ਅੰਦਰ ਕਾਂਗਰਸ ਅਤੇ ''ਆਪ'' ਨੇ ਪੰਜਾਬ ਦਾ ਮਾਹੌਲ ਖਰਾਬ ਕੀਤਾ : ਪ੍ਰਕਾਸ਼ ਸਿੰਘ ਬਾਦਲ

03/19/2018 9:52:05 AM

ਪਟਿਆਲਾ/ਰੱਖੜਾ (ਬਲਜਿੰਦਰ, ਰਾਣਾ, ਪ. ਪ.)-ਸੂਬੇ ਅੰਦਰ ਪੰਜਾਬ ਦੇ ਲੋਕਾਂ ਨੂੰ ਝੂਠੇ ਵਾਅਦਿਆਂ ਅਤੇ ਲਾਰਿਆਂ ਤੱਕ ਸੀਮਤ ਰੱਖਣ ਵਾਲੀ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਇਸ ਦਾ ਖਮਿਆਜ਼ਾ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਭਵਿੱਖ ਵਿਚ ਭੁਗਤਣਾ ਹੀ ਪਵੇਗਾ। ਪੰਜਾਬ ਦੇ ਕਿਸਾਨਾਂ ਨਾਲ ਕਾਂਗਰਸ ਸਰਕਾਰ ਨੇ ਕਰਜ਼ਾ ਮੁਆਫੀ ਵਰਗੇ ਝੂਠੇ ਵਾਅਦੇ ਕਰ ਕੇ ਕੋਝਾ ਮਜ਼ਾਕ ਕਰਨ ਤੋਂ ਇਲਾਵਾ ਕੁੱਝ ਨਹੀਂ ਕੀਤਾ। ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਗੱਲਬਾਤ ਦੌਰਾਨ ਕੀਤਾ। ਜ਼ਿਲਾ ਭਾਜਪਾ ਕਿਸਾਨ ਮੋਰਚੇ ਦੇ ਪ੍ਰਧਾਨ ਰਮਨਦੀਪ ਸਿੰਘ ਭੀਲੋਵਾਲ ਨੇ ਸ. ਬਾਦਲ ਨਾਲ ਕਿਸਾਨੀ ਮੁੱਦੇ 'ਤੇ ਲੰਮਾ ਸਮਾਂ ਗੱਲਬਾਤ ਕੀਤੀ। 
ਸ. ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ਦੇ ਹਰ ਵਰਗ ਨੂੰ ਵਧੇਰੇ ਸਹੂਲਤਾਂ ਪ੍ਰਦਾਨ ਕੀਤੀਆਂ ਹਨ। ਜਦੋਂ ਤੋਂ ਸੂਬੇ ਅੰਦਰ ਕਾਂਗਰਸ ਸਰਕਾਰ ਨੇ ਵਾਗਡੋਰ ਸੰਭਾਲੀ ਹੈ, ਉਸ ਦਿਨ ਤੋਂ ਸਮੁੱਚੀਆਂ ਸਕੀਮਾਂ ਨੂੰ ਬੰਦ ਕਰ ਕੇ ਆਮ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਉਲਟਾ ਕਿਸਾਨਾਂ ਦੇ ਟਿਊਬਵੈੱਲਾਂ 'ਤੇ ਮੀਟਰ ਲਾ ਕੇ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 
ਇਸ ਮੌਕੇ ਰਮਨਦੀਪ ਸਿੰਘ ਭੀਲੋਵਾਲ ਨੇ ਕਿਹਾ ਕਿ ਕਾਂਗਰਸ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਗਰੀਬ ਵਰਗ ਨਾਲ ਧੱਕਾ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਹੀ ਪੈਣਾ ਹੈ।


Related News