ਕਾਂਗਰਸ ''ਚ ਬਗਾਵਤ ਤੇਜ਼, ਬਾਜਵਾ ਖਿਲਾਫ ਉੱਠੀ ਕਾਰਵਾਈ ਦੀ ਮੰਗ

10/2/2019 5:33:11 PM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਖੁੱਲ੍ਹ ਕੇ ਬੋਲਣ ਵਾਲੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਖਿਲਾਫ ਕਾਰਵਾਈ ਦੀ ਮੰਗ ਉੱਠਣੀ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਲੇਬਰ ਸੈੱਲ ਦੇ ਕੋ-ਚੇਅਰਮੈਨ ਮਾਲਵਿੰਦਰ ਸਿੰਘ  ਲੱਕੀ ਨੇ ਕਿਹਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਹਾਈਕਮਾਨ ਨੂੰ ਅਨੁਸ਼ਾਸਨੀ ਕਾਰਵਾਈ ਕਰਨੀ ਚਾਹੀਦੀ ਹੈ। 

ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੈਪਟਨ ਸਰਕਾਰ ਖਿਲਾਫ਼ ਵਿਰੋਧੀਆਂ ਦੇ ਕਹਿਣ 'ਤੇ ਬਿਆਨਬਾਜ਼ੀ ਕਰ ਰਹੇ ਹਨ, ਹੁਣ ਜ਼ਿਮਨੀ ਚੋਣਾਂ ਦੇ ਮਾਹੌਲ ਕਾਰਨ ਅਜਿਹੀ ਬਿਆਨਬਾਜ਼ੀ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਜਿਸ ਕਾਰਨ ਪ੍ਰਤਾਪ ਸਿੰਘ ਬਾਜਵਾ ਦੀ ਬਿਆਨਬਾਜ਼ੀ 'ਤੇ ਰੋਕ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਉਹ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਲਿਖਤੀ ਸ਼ਿਕਾਇਤ ਦੇਣਗੇ।


Gurminder Singh

Edited By Gurminder Singh