ਰਾਹੁਲ ਨੂੰ ਮਿਲੇ ਜਾਖੜ, ਮੋਦੀ ਸਰਕਾਰ ਨੂੰ ਘੇਰਣ ਦੀ ਰਣਨੀਤੀ ਘੜੀ

12/10/2018 6:33:27 PM

ਜਲੰਧਰ (ਧਵਨ) : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਜਿਸ 'ਚ ਉਨ੍ਹਾਂ ਸੰਸਦ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ਦੇ ਸਬੰਧ 'ਚ ਉਨ੍ਹਾਂ ਨਾਲ ਚਰਚਾ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ। ਜਾਖੜ ਨੇ ਰਾਹੁਲ ਨੂੰ ਕਿਹਾ ਕਿ ਮੋਦੀ ਸਰਕਾਰ ਜਨਤਾ ਦੀਆਂ ਖਾਹਿਸ਼ਾਂ 'ਤੇ ਖਰੀ ਨਹੀਂ ਉਤਰੀ ਅਤੇ ਹੁਣ ਉਹ ਕਾਂਗਰਸ ਨਾਲ ਸਬੰਧਤ ਤੱਥਾਂ ਨੂੰ ਤੋੜ-ਮਰੋੜ ਕੇ ਮੀਡੀਆ ਦੀ ਮਾਰਫਤ ਜਨਤਾ ਦੇ ਸਾਹਮਣੇ ਪੇਸ਼ ਕਰ ਰਹੀ ਹੈ। ਅਸਲ 'ਚ ਲੋਕਤੰਤਰ ਦੀ ਹੋਂਦ ਲਈ ਮੋਦੀ ਸਰਕਾਰ ਇਕ ਵੱਡਾ ਖਤਰਾ ਬਣ ਕੇ ਸਾਹਮਣੇ ਆ ਰਹੀ ਹੈ।
ਜਾਖੜ ਨੇ ਰਾਹੁਲ ਗਾਂਧੀ ਨੂੰ ਦੱਸਿਆ ਕਿ ਪੰਜਾਬ 'ਚ ਕਾਂਗਰਸ ਮਜ਼ਬੂਤ ਸਥਿਤੀ 'ਚ ਹੈ ਅਤੇ ਉਹ ਅਗਾਮੀ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਨਾਲ ਹਰਾਉਣ 'ਚ ਕਾਮਯਾਬ ਹੋਣਗੇ। ਉਨ੍ਹਾਂ ਰਾਹੁਲ ਨੂੰ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਗਾਤਾਰ ਹਰ ਚੋਣ 'ਚ ਜਿੱਤ ਹਾਸਲ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਸਭਾ ਚੋਣਾਂ 'ਚ ਵੀ ਪਾਰਟੀ ਸਾਰੀਆਂ 13 ਸੀਟਾਂ ਜਿੱਤਣ 'ਚ ਕਾਮਯਾਬ ਹੋਵੇਗੀ। ਜਾਖੜ ਨੇ ਰਾਹੁਲ ਨੂੰ ਕਿਹਾ ਕਿ ਸਾਊਦੀ ਅਰਬ 'ਚ ਕਈ ਪੰਜਾਬੀ ਫਸੇ ਹੋਏ ਹਨ ਪਰ ਕੇਂਦਰ ਸਰਕਾਰ ਨੇ ਅਜੇ ਤਕ ਉਨ੍ਹਾਂ ਨੂੰ ਸਵਦੇਸ਼ ਲਿਆਉਣ ਲਈ ਕੋਈ ਕਦਮ ਨਹੀਂ ਚੁੱਕਿਆ।
ਉਨ੍ਹਾਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਕਿਹਾ ਕਿ ਇਸ ਮਾਮਲੇ 'ਚ ਉਹ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਲਈ ਕਹਿਣ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਰਾਕ 'ਚ ਅਨੇਕ ਪੰਜਾਬੀ ਮਾਰੇ ਗਏ ਸਨ। ਹੁਣ ਸਾਊਦੀ ਅਰਬ 'ਚ ਫਸੇ ਪੰਜਾਬੀਆਂ ਦੇ ਜਾਨ ਮਾਲ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਕਾਂਗਰਸ ਇਸ ਮਾਮਲੇ ਨੂੰ ਜ਼ੋਰ-ਸ਼ੋਰ ਨਾਲ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਉਠਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਕ ਰਿਪੋਰਟ ਅਨੁਸਾਰ 4 ਹਜ਼ਾਰ ਭਾਰਤੀ ਸਾਊਦੀ ਅਰਬ ਦੀ ਇਕ ਨਿਰਮਾਣ ਕੰਪਨੀ ਦੇ ਕੋਲ ਫਸੇ ਹੋਏ ਹਨ, ਜਿਨ੍ਹਾਂ ਵਿਚੋਂ ਇਕ ਹਜ਼ਾਰ ਪੰਜਾਬੀ ਦੱਸੇ ਜਾ ਰਹੇ ਹਨ।


Gurminder Singh

Content Editor

Related News