ਕਾਂਗਰਸ ਦੇ ਲਾਰਿਆਂ ਦੀ ਖੋਲ੍ਹਾਂਗੇ ਪੋਲ : ਢੀਂਡਸਾ

02/13/2018 11:02:20 AM

ਸੰਗਰੂਰ (ਬੇਦੀ)—ਪੋਲ ਖੋਲ੍ਹ ਰੈਲੀਆਂ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਨਵੇਂ ਅਹੁਦੇਦਾਰ ਨਾਮਜ਼ਦ ਕਰਨ ਉਪਰੰਤ ਜ਼ਿਲਾ ਪੱਧਰ ਦੀ ਪਲੇਠੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਜਿੰਨੀ ਬੁਰੀ ਤਰ੍ਹਾਂ ਫੇਲ ਹੋਈ ਹੈ, ਓਨੀ ਬੁਰੀ ਤਰ੍ਹਾਂ ਅੱਜ ਤੱਕ ਕੋਈ ਵੀ ਸਰਕਾਰ ਲੋਕਾਂ ਦੀਆਂ ਨਜ਼ਰਾਂ 'ਚ ਨਹੀਂ ਡਿੱਗੀ। ਪੰਜਾਬ ਦੇ ਲੋਕਾਂ ਨੂੰ ਅਹਿਸਾਸ ਹੋਣ  ਲੱਗ ਪਿਆ ਹੈ ਕਿ ਕਾਂਗਰਸ ਪਾਰਟੀ ਨੇ ਧੋਖਾ ਕੀਤਾ ਹੈ। ਲੋਕ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਵੋਟਾਂ ਲੈਣ ਤੋਂ ਵੀ ਬੇਹਦ ਔਖੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ, ਰਾਜਨੀਤਕ ਤੇ ਧਾਰਮਿਕ ਤੌਰ 'ਤੇ ਤਕੜਾ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ। 
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਿੱਖ ਕੌਮ ਨੂੰ ਦਰਪੇਸ਼ ਮੁਸ਼ਕਲਾਂ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਸੰਘਰਸ਼ ਵੀ ਲੜੇ। ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਹੀ ਪੰਜਾਬ ਨੂੰ ਤਰੱਕੀ ਦੀਆਂ ਮੁੰਜ਼ਿਲਾਂ ਤੱਕ ਲੈ ਕੇ ਜਾ ਸਕਦੀ ਹੈ। ਸਾਬਕਾ ਵਿੱਤ ਮੰਤਰੀ ਤੇ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਾਂਗਰਸ ਪਾਰਟੀ  ਪੰਜਾਬ ਦੀ ਆਰਥਿਕ ਸਥਿਤੀ ਨੂੰ ਕਮਜ਼ੋਰ ਕਰਨ 'ਤੇ ਤੁਲੀ ਹੋਈ ਹੈ। ਉਨ੍ਹਾਂ ਦੱਸਿਆ ਕਿ ਲਹਿਰਾਗਾਗਾ ਵਿਖੇ 12 ਮਾਰਚ ਨੂੰ ਹੋਣ ਵਾਲੀ ਜ਼ਿਲਾ ਪੱਧਰ ਦੀ ਪੋਲ ਖੋਲ੍ਹ ਰੈਲੀ ਦੀਆਂ ਤਿਆਰੀਆਂ ਹੁਣ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। 
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਇਕ ਮਹੀਨੇ ਦੇ ਅੰਦਰ-ਅੰਦਰ ਪਾਰਟੀ  ਦਾ ਜਥੇਬੰਦਕ ਢਾਂਚਾ ਕਾਇਮ ਹੋ ਜਾਵੇਗਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਰਕਲ ਪੱਧਰ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। 
ਇਸ ਸਮੇਂ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਪਾਰਟੀ ਦੇ ਜਨਰਲ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸੁਖਦੇਵ ਸਿੰਘ ਸਰਪੰਚ ਕੋਟੜਾ ਅਮਰੂ ਆਦਿ ਹਾਜ਼ਰ ਸਨ।